ਅੰਮ੍ਰਿਤਸਰ, ਬਰਤਾਨੀਆ ਦੀ ਪਾਰਲੀਮੈਂਟ ਦੇ ਪਹਿਲੇ ਸਿੱਖ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਆਖਿਆ ਕਿ ਜੂਨ 1984 ਸਾਕਾ ਨੀਲਾ ਤਾਰਾ ਵੇਲੇ ਬਰਤਾਨੀਆ ਸਰਕਾਰ ਦੀ ਕੀ ਭੂਮਿਕਾ ਸੀ, ਨੂੰ ਉਜਾਗਰ ਕਰਨ ਲਈ ਯਤਨ ਜਾਰੀ ਹਨ। ਉਹ ਅੱਜ ਇੱਥੇ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਏ ਸਨ, ਜਿੱਥੇ ਸ਼੍ਰੋਮਣੀ ਕਮੇਟੀ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸ੍ਰੀ ਢੇਸੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੇ  ਕੀਰਤਨ ਸੁਣਨ ਤੋਂ ਬਾਅਦ ਜੋੜਾ ਘਰ ਅਤੇ ਲੰਗਰ ਘਰ ਵਿੱਚ ਸੇਵਾ ਵੀ ਕੀਤੀ।
ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਢੇਸੀ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਦੀ ਜਥੇਬੰਦੀ ਲੇਬਰ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਇਸ ਗੱਲ ਨੂੰ ਸ਼ਾਮਲ ਕੀਤਾ ਸੀ ਕਿ ਜੇਕਰ ਲੇਬਰ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਤਾਂ  ਇਹ ਪਤਾ ਲਾਇਆ ਜਾਵੇਗਾ ਕਿ ਜੂਨ 1984 ਵਿੱਚ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਫੌਜੀ ਹਮਲੇ ਵਿੱਚ ਬਰਤਾਨਵੀ ਸਰਕਾਰ ਦੀ ਕੀ ਭੂਮਿਕਾ ਸੀ। ਬਰਤਾਨੀਆ ਦੇ ਨਿਯਮਾਂ ਮੁਤਾਬਕ ਕਿਸੇ ਵੀ ਘਟਨਾ ਦੇ 25 ਵਰ੍ਹਿਆਂ ਬਾਅਦ ਘਟਨਾ ਸਬੰਧੀ ਭੇਤਾਂ ਨੂੰ ਜਨਤਕ ਕੀਤਾ ਜਾ ਸਕਦਾ ਹੈ। ਉਹ ਸਰਕਾਰ ’ਤੇ ਦਬਾਅ ਬਣਾਉਣਗੇ ਕਿ ਇਸ ਘਟਨਾ ਸਬੰਧੀ ਭੇਤ ਜੱਗ ਜ਼ਾਹਰ ਕੀਤੇ ਜਾਣ।
ਵਿਦੇਸ਼ਾਂ ਵਿੱਚ ਸਿੱਖਾਂ ਨਾਲ ਹੋ ਰਹੇ ਨਸਲੀ ਵਿਤਕਰੇ ਨੂੰ ਰੋਕਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਆਖਿਆ ਕਿ ਉਹ ਆਪਣੀ ਸੰਸਦ ਵਿੱਚ ਇਸ ਸਬੰਧੀ ਆਵਾਜ਼ ਬੁਲੰਦ ਕਰਨਗੇ ਅਤੇ ਸਿੱਖਾਂ ਪ੍ਰਤੀ ਨਫ਼ਰਤ ਖਤਮ ਕਰਨ ਲਈ ਯਤਨ ਕੀਤੇ ਜਾਣਗੇ। ਫਰਾਂਸ ਵਿੱਚ ਦਸਤਾਰ ’ਤੇ ਰੋਕ ਬਾਰੇ ਉਨ੍ਹਾਂ ਕਿਹਾ ਕਿ ਉਹ ਇਹ ਮਾਮਲਾ ਯੂ.ਕੇ. ਦੀ ਸੰਸਦ ਵਿੱਚ ਉਠਾ ਚੁੱਕੇ ਹਨ ਅਤੇ ਇਸ ਦੇ ਹੱਲ ਲਈ ਯਤਨਸ਼ੀਲ ਹਨ। ਆਪਣੀ ਜਿੱਤ ਬਾਰੇ ਉਨ੍ਹਾਂ ਕਿਹਾ ਕਿ ਇਸ ਜਿੱਤ ਵਿਚ ਸਲੋਅ ਸੰਸਦੀ ਇਲਾਕੇ ਦੇ ਸਿਰਫ ਸਿੱਖ ਭਾਈਚਾਰੇ ਦਾ ਹੀ ਸਹਿਯੋਗ ਨਹੀਂ ਸਗੋਂ ਉਥੇ ਵਸਦੇ ਇਸਾਈ, ਮੁਸਲਿਮ ਤੇ ਹੋਰਨਾਂ ਫਿਰਕਿਆਂ ਦੇ ਲੋਕਾਂ ਦਾ ਵੀ ਸਹਿਯੋਗ ਮਿਲਿਆ ਹੈ।
ਇਸ ਤੋਂ ਪਹਿਲਾਂ ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਰੱਖੇ ਸਨਮਾਨ ਸਮਾਗਮ ਵਿੱਚ ਵੀ ਸੰਬੋਧਨ ਕੀਤਾ। ਸ਼੍ਰੋਮਣੀ ਕਮੇਟੀ ਦੇ ਮੁਖ ਦਫਤਰ ਵਿੱਚ ਸੀਨੀਅਰ ਮੀਤ ਪ੍ਰ੍ਰਧਾਨ ਬਲਦੇਵ ਸਿੰਘ ਕਾਇਮਪੁਰ ਤੇ ਹੋਰ ਮੈਂਬਰਾਂ ਨੇ ਸ੍ਰੀ ਢੇਸੀ  ਨੂੰ ਸ੍ਰੀ ਸਾਹਿਬ, ਸਿਰੋਪਾ, ਲੋਈ, ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ , ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਦੇ ਪਿਤਾ ਜਸਪਾਲ ਸਿੰਘ ਢੇਸੀ ਅਤੇ ਚਾਚਾ ਪਰਮਜੀਤ ਸਿੰਘ ਰਾਏਪੁਰ ਮੈਂਬਰ ਸ਼੍ਰੋਮਣੀ ਕਮੇਟੀ ਵੀ ਹਾਜ਼ਰ ਸਨ। ਸ੍ਰੀ ਢੇਸੀ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਭਾਈ ਸੁਲਤਾਨ ਸਿੰਘ ਨੇ ਸਿਰੋਪਾ ਦੇ ਕੇ ਸਨਮਾਨਤ ਕੀਤਾ।