ਅੰਮ੍ਰਿਤਸਰ,13 ਅਗਸਤ
ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਸਬੰਧੀ ਸ਼੍ਰੋਮਣੀ ਕਮੇਟੀ ਨੇ ਅੱਜ ਬੰਦੀ ਸਿੱਖਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ ਕੀਤਾ ਤੇ ਡਿਪਟੀ ਕਮਿਸ਼ਨਰ ਦੇ ਦਫਤਰ ਵਿਖੇ ਪ੍ਰਧਾਨ ਮੰਤਰੀ ਦੇ ਨਾਂ ਮੰਗਪੱਤਰ ਵੀ ਸੌਂਪਿਆ ਗਿਆ। ਦਰਬਾਰ ਸਾਹਿਬ ਕੰਪਲੈਕਸ ਤੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼ੁਰੂ ਹੋਏ ਇਸ ਰੋਸ ਮਾਰਚ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ, ਕਰਮਚਾਰੀ ਤੇ ਹੋਰ ਸਿੱਖ ਸ਼ਾਮਲ ਸਨ। ਪ੍ਰਦਰਸ਼ਨਕਾਰੀਆਂ ਨੇ ਰੋਸ ਵਜੋਂ ਕਾਲੀਆਂ ਦਸਤਾਰਾਂ ਸਜਾਈਆਂ ਹੋਈਆਂ ਸਨ ਅਤੇ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਬੈਨਰ ਤਖ਼ਤੀਆਂ ਚੁੱਕੇ ਹੋਏ ਸਨ। ਉਨ੍ਹਾਂ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਬਾਰੇ ਨਾਅਰੇ ਵੀ ਲਾਏ ਗਏ।
ਪ੍ਰਦਰਸ਼ਨਕਾਰੀ ਪਹਿਲਾਂ ਹਾਲ ਗੇਟ ਵਿਖੇ ਇਕੱਠੇ ਹੋਏ ਅਤੇ ਫਿਰ ਮਾਰਚ ਕਰਦੇ ਹੋਏ ਡਿਪਟੀ ਕਮਿਸ਼ਨਰ ਦੇ ਦਫਤਰ ਪੁੱਜੇ। ਪ੍ਰਧਾਨ ਐਡਵੋਕੇਟ ਧਾਮੀ ਨੇ ਆਖਿਆ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੱਖ ਨਿਰਧਾਰਤ ਸਜ਼ਾਵਾਂ ਦੀ ਮਿਆਦ ਪੂਰੀ ਕਰ ਚੁੱਕੇ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਈ ਬੰਦੀ ਸਿੱਖਾਂ ਨੂੰ ਰਿਹਾਅ ਕਰਨ ਦਾ ਐਲਾਨ ਵੀ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ ਜੱਦੋ ਜਹਿਦ ਜਾਰੀ ਰੱਖੀ ਜਾਵੇਗੀ ਜੇ ਸੰਘਰਸ਼ ਦੀ ਲੋੜ ਪਈ ਤਾਂ ਸੰਘਰਸ਼ ਵੀ ਕੀਤਾ ਜਾਵੇਗਾ।