ਚੰਡੀਗੜ੍ਹ, 
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਥਾਨਕ ਚੋਣਾਂ ਵਿੱਚ ਧੱਕੇਸ਼ਾਹੀ ਦਾ ਦੋਸ਼ ਲਾਉਂਦਿਆਂ ਪੰਜਾਬ ਦੇ ਚੋਣ ਅਧਿਕਾਰੀ ਨੂੰ ਮੈਮੋਰੰਡਮ ਸੌਂਪਿਆ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ  ਕਿਹਾ ਕਿ ਉਹ ਇਸ ਧੱਕੇਸ਼ਾਹੀ ਖ਼ਿਲਾਫ਼ ਹਾਈ ਕੋਰਟ ਜਾਣਗੇ ਤੇ ਸੀਬੀਆਈ ਜਾਂਚ ਦੀ ਮੰਗ ਕਰਨਗੇ। ਉਨ੍ਹਾਂ ਕਿਹਾ ਕਿ ਸਥਾਨਕ ਚੋਣਾਂ ਵਿਚ ਲੋਕਾਂ ਦੀ ਆਵਾਜ਼ ਦਬਾਉਣ ਲਈ ਘੜੀ ਸਾਜ਼ਿਸ਼ ਵਿੱਚ ਪ੍ਰਦੇਸ਼ ਚੋਣ ਕਮਿਸ਼ਨ ਕਾਂਗਰਸ ਪਾਰਟੀ ਦੀ ਧਿਰ ਬਣ ਗਿਆ ਹੈ।
ਚੋਣ ਅਧਿਕਾਰੀ ਨੂੰ ਮੈਮੋਰੰਡਮ ਸੌਂਪਣ ਵਾਲੇ ਵਫ਼ਦ ਦੀ ਅਗਵਾਈ ਡਾ. ਦਲਜੀਤ ਸਿੰਘ ਚੀਮਾ ਨੇ ਕੀਤੀ। ਵਫ਼ਦ ਨੇ ਧੱਕੇਸ਼ਾਹੀਆਂ ਖ਼ਿਲਾਫ਼ ਚੋਣ ਅਧਿਕਾਰੀ ਦੇ ਦਫ਼ਤਰ ਬਾਹਰ ਧਰਨਾ ਵੀ ਦਿੱਤਾ। ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਚੋਣ ਅਧਿਕਾਰੀ ਜਗਪਾਲ ਸਿੰਘ ਸਿੱਧੂ ਨੂੰ ਬਰਖਾਸਤ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਕਾਂਗਰਸ ਦਾ ਹੱਥਠੋਕਾ ਬਣ ਕੇ ਆਪਣੇ ਅਹੁਦੇ ਦੇ ਵਕਾਰ ਨੂੰ ਢਾਹ ਲਾਈ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨਰ ਨੂੰ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਲੋਕਾਂ  ਦੇ ਵਿਸ਼ਵਾਸ ਨੂੰ ਤੋੜਿਆ ਹੈ। ਉਨ੍ਹਾਂ ਕਿਹਾ ਕਿ ਚੋਣ ਅਧਿਕਾਰੀ ਦਾ ਵਤੀਰਾ ਸ਼ੁਰੂ ਤੋਂ ਪੱਖਪਾਤੀ ਸੀ। ਅਕਾਲੀਆਂ ਦੇ ਵਫ਼ਦ ਨੇ ਪੰਜ ਵਾਰ ਉਨ੍ਹਾਂ ਨਾਲ ਮੁਲਾਕਾਤ ਕੀਤੀ, ਪਰ ਉਨ੍ਹਾਂ ਇੱਕ ਵਾਰ ਵੀ ਇਨਸਾਫ ਨਹੀਂ ਦਿੱਤਾ। ਪਾਰਟੀ ਪ੍ਰਧਾਨ ਨੇ ਵੋਟਰ ਸੂਚੀਆਂ ਦੇਰੀ ਨਾਲ ਦਿੱਤੇ ਜਾਣ ਅਤੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਇਤਰਾਜ਼ਹੀਣਤਾ ਸਰਟੀਫਿਕੇਟ ਨਾ ਦੇਣ ਖ਼ਿਲਾਫ ਵੀ ਰੋਸ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਕਾਂਗਰਸੀਆਂ ਨੇ ਪੂਰੇ ਸੂਬੇ ਅੰਦਰ, ਖਾਸ ਕਰਕੇ ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਵਿੱਚ  ਧੱਕੇਸ਼ਾਹੀਆਂ ਕੀਤੀਆਂ ਅਤੇ ਅਕਾਲੀ-ਭਾਜਪਾ ਉਮੀਦਵਾਰਾਂ  ਉੱਤੇ ਹਮਲੇ ਕਰਨ ਲਈ ਸਟੇਟ ਮਸ਼ੀਨਰੀ ਦਾ ਇਸਤੇਮਾਲ ਕੀਤਾ। ਉਨ੍ਹਾਂ ਪਟਿਆਲਾ ਦੇ ਸਾਰੇ ਵਾਰਡਾਂ ਦੀ ਚੋਣ ਨੂੰ ਤੁਰੰਤ ਰੱਦ ਕਰਨ ਦੇ ਨਾਲ ਨਾਲ ਕਾਂਗਰਸੀਆਂ ਵੱਲੋਂ ਕੀਤੀ ਹਿੰਸਾ ਅਤੇ ਹੇਰਾਫੇਰੀਆਂ ਦੀ ਉੱਚ-ਪੱਧਰੀ ਜਾਂਚ ਅਤੇ ਕਾਂਗਰਸੀ ਏਜੰਟਾਂ ਵਜੋਂ ਕੰਮ ਕਰਨ ਵਾਲੇ ਸਿਵਲ ਅਤੇ ਪੁਲੀਸ ਅਧਿਕਾਰੀਆਂ ਖ਼ਿਲਾਫ ਕੇਸ ਦਰਜ ਕਰਨ ਦੀ ਵੀ ਮੰਗ ਕੀਤੀ।