ਹੈਦਰਾਬਾਦ, 17 ਜੂਨ

ਅਗਨੀਪਥ ਯੋਜਨਾ ਖ਼ਿਲਾਫ਼ ਤੇਲੰਗਾਨਾ ਦੇ ਸਿਕੰਦਰਾਬਾਦ ਰੇਲਵੇ ਸਟੇਸ਼ਨ ’ਤੇ ਹਿੰਸਕ ਪ੍ਰਦਰਸ਼ਨ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਕਾਰਵਾਈ ਦੌਰਾਨ ਸ਼ੁੱਕਰਵਾਰ ਨੂੰ ਪੁਲੀਸ ਨੇ ਗੋਲੀਬਾਰੀ ਕੀਤੀ ਜਿਸ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਤਿੰਨ ਜਣੇ ਜ਼ਖ਼ਮੀ ਹੋ ਗਏ। ਵੇਰਵਿਆਂ ਅਨੁਸਾਰ ਭੜਕੇ ਹੋਏ ਨੌਜਵਾਨਾਂ ਨੇ ਰੇਲਵੇ ਸਟੇਸ਼ਨ ਦੀ ਭੰਨ-ਤੋੜ ਕੀਤੀ ਅਤੇ ਦੋ ਰੇਲ ਗੱਡੀਆਂ ਨੂੰ ਅੱਗ ਲਗਾ ਦਿੱਤੀ। ਇਸ ਮਗਰੋਂ ਪੁਲੀਸ ਨੂੰ ਵੀ ਕਾਰਵਾਈ ਕਰਨੀ ਪਈ। ਰੇਲਵੇ ਸਟੇਸ਼ਨ ’ਤੇ ਤਣਾਅ ਵਾਲੀ ਸਥਿਤੀ ਬਣੀ ਹੋਈ ਹੈ ਅਤੇ ਨੌਜਵਾਨਾਂ ਨੇ ਪੁਲੀਸ ’ਤੇ ਵੀ ਪੱਥਰ ਸੁੱਟੇ। ਗੋਲੀਬਾਰੀ ਕਾਰਨ ਜ਼ਖ਼ਮੀ ਹੋਏ ਨੌਜਵਾਨਾਂ ਨੂੰ ਗਾਂਧੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਰੇਲਵੇ ਪ੍ਰੋਟੇਕਸ਼ਨ ਫੋਰਸ, ਸਰਕਾਰੀ ਰੇਲਵੇ ਪੁਲੀਸ ਤੇ ਸਥਾਨਕ ਪੁਲੀਸ ਹਾਲਾਤ ਨੂੰ ਕਾਬੂ ਹੇਠ ਕਰਨ ਲਈ ਯਤਨਸ਼ੀਲ ਹਨ।