ਚੰਡੀਗੜ੍ਹ, 16 ਮਈ
ਪੰਜਾਬ ਵਿੱਚ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਦੋ ਮਹੀਨੇ ਪੂਰੇ ਹੋਣ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਚ ‘ਜਨਤਾ ਦਰਬਾਰ’ ਲਗਾਇਆ। ਇਸ ਮੌਕੇ ਪੰਜਾਬ ਭਰ ਤੋਂ ਸੈਂਕੜੇ ਲੋਕਾਂ ਨੇ ਪਹੁੰਚ ਕੇ ਮੁੱਖ ਮੰਤਰੀ ਨੂੰ ਦਿੱਕਤਾਂ ਬਾਰੇ ਜਾਣੂੰ ਕਰਵਾਇਆ। ਮੁੱਖ ਮੰਤਰੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੀ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਦੇ ਆਦੇਸ਼ ਜਾਰੀ ਕੀਤੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦੋ ਮਹੀਨੇ ਦੌਰਾਨ ਸੂਬੇ ਭਰ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਦੱਸੀਆਂ ਸਨ, ਜਿਨ੍ਹਾਂ ਦਾ ਕਹਿਣਾ ਸੀ ਕਿ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਉਨ੍ਹਾਂ ਦੀ ਸੁਣਵਾਈ ਨਹੀਂ ਕਰ ਰਹੇ। ਮੁੱਖ ਮੰਤਰੀ ਨੇ ਅੱਜ ਦੋ ਮਹੀਨੇ ਦੌਰਾਨ ਆਪਣੀਆਂ ਦਿੱਕਤਾਂ ਦੱਸਣ ਵਾਲੇ ਲੋਕਾਂ ਨੂੰ ਸੱਦਿਆ ਸੀ। ਉਸੇ ਦੇ ਚੱਲਦਿਆਂ ਅੱਜ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਚੰਡੀਗੜ੍ਹ ਪਹੁੰਚ ਕੇ ਮੁੱਖ ਮੰਤਰੀ ਨੂੰ ਆਪਣੀਆਂ ਦਿੱਕਤਾਂ ਦੱਸੀਆਂ। ਇਸ ਮੌਕੇ ਲੋਕਾਂ ਨੇ ਪਿੰਡਾਂ ਤੇ ਸ਼ਹਿਰਾਂ ਵਿੱਚ ਚੱਲ ਰਹੇ ਨਸ਼ੇ ਦੇ ਕਾਰੋਬਾਰ ਬੰਦ ਕਰਵਾਉਣ ਲਈ, ਪਿੰਡਾਂ ਵਿੱਚ ਸਾਂਝੀਆਂ ਜ਼ਮੀਨਾਂ ’ਤੇ ਹੋ ਰਹੇ ਨਾਜਾਇਜ਼ ਕਬਜ਼ਿਆਂ ਵਰਗੇ ਮਸਲਿਆਂ ਨੂੰ ਸੁਲਝਾਉਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਕਈ ਧੋਖਾਧੜੀ ਦੇ ਮਾਮਲਿਆਂ ਵਿੱਚ ਪੁਲੀਸ ਵੱਲੋਂ ਕਾਰਵਾਈ ਨਾ ਕੀਤੇ ਜਾਣ ਤੋਂ ਦੁਖੀ ਹੋ ਕੇ ਮੁੱਖ ਮੰਤਰੀ ਦੇ ਜਨਤਾ ਦਰਬਾਰ ਵਿੱਚ ਪਹੁੰਚੇ, ਜਦੋਂ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਆਊਟਸੋਰਸ ਅਤੇ ਕੱਚੇ ਮੁਲਾਜ਼ਮ ਵੀ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੇ ਦਰਬਾਰ ਵਿੱਚ ਪਹੁੰਚੇ।