ਰਾਜਿਮ (ਛੱਤਿਸਗੜ੍ਹ), 28 ਸਤੰਬਰ

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਕੇਸ਼ ਟਿਕੈਤ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਹੈ ਕਿ ਪੂਰੇ ਦੇਸ਼ ਦੀ ਸੰਪਤੀ ਨੂੰ ਵਿਕਰੀ ਉੱਤੇ ਲਗਾ ਦਿੱਤਾ ਗਿਆ ਹੈ ਅਤੇ ਇਨ੍ਹਾਂ ਨੀਤੀਆਂ ਕਾਰਨ ਦੇਸ਼ ਵਿੱਚ ਜਲਦ ਹੀ ਕੰਪਨੀ ਰਾਜ (ਕਾਰਪੋਰੇਟ ਰੂਲ) ਲਾਗੂ ਹੋ ਜਾਵੇਗਾ। ਛੱਤਿਸਗੜ੍ਹ ਦੇ ਰੰਜਿਮ ਕਸਬੇ ਵਿੱਚ ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਜਲਦ ਹੀ ਖੇਤੀ ਕਾਨੂੰਨ ਵਾਪਸ ਨਾ ਲਏ ਤਾਂ ਹਰ ਸੂਬੇ ਦੀ ਰਾਜਧਾਨੀ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਹੋਣਗੇ। ਉਨ੍ਹਾਂ ਨੇ ਦੇਸ਼ ਦੇ ਨੌਜਵਾਨਾਂ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਜ਼ਮੀਨ, ਖੇਤ ਅਤੇ ਆਉਣ ਵਾਲੀ ਪੀੜ੍ਹੀ ਨੂੰ ਬਚਾਉਣ ਦਾ ਹੋਕਾ ਦਿੱਤਾ।