ਪਟਿਆਲਾ, 6 ਅਗਸਤ
ਭਾਜਪਾ ਦੀ ਪੰਜਾਬ ਇਕਾਈ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਇਥੇ ਦਾਅਵਾ ਕੀਤਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਤੇ ਪੰਜਾਬ ਦੇ ਪਾਣੀਆਂ ਉਪਰ ਵੀ ਪੂਰੀ ਤਰ੍ਹਾਂ ਪੰਜਾਬ ਦਾ ਹੀ ਹੱਕ ਹੈ। ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਤੁਪਕਾ ਵੀ ਨਹੀਂ ਹੈ। ਉਹ ਅੱਜ ਇੱਥੇ ਨਗਰ ਨਿਗਮ ਦੀਆਂ ਅਗਾਮੀ ਚੋਣਾਂ ਅਤੇ ਤਿਰੰਗਾ ਯਾਤਰਾ ਦੇ ਮੱਦੇਨਜ਼ਰ ਭਾਜਪਾ ਆਗੂਆਂ ਨਾਲ ਮੀਟਿੰਗ ਕਰਨ ਮਗਰੋਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਖਾਸ ਕਰਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੇ ਦੋਸ਼ ਲਾਏ। ਦਿੱਲੀ ਦੀ ਆਬਕਾਰੀ ਨੀਤੀ ਵਾਪਸ ਲੈਣ ਦੇ ਹਵਾਲੇ ਨਾਲ ਭਾਜਪਾ ਆਗੂ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟ ਹੈ।