ਚੰਡੀਗੜ੍ਹ, 15 ਜੂਨ
ਰਾਸ਼ਟਰੀ ਪੱਧਰ ਦੇ ਨਿਸ਼ਾਨੇਬਾਜ਼ ਅਤੇ ਐਡਵੋਕੇਟ ਸੁਖਮਨਪ੍ਰੀਤ ਸਿੰਘ ਸਿੱਧੂ ਉਰਫ ਸਿੱਪੀ ਸਿੱਧੂ ਦੀ ਚੰਡੀਗੜ੍ਹ ਦੇ ਸੈਕਟਰ 27 ਦੇ ਪਾਰਕ ਵਿੱਚ ਗੋਲੀ ਮਾਰ ਕੇ ਹੱਤਿਆ ਤੋਂ ਸੱਤ ਸਾਲ ਬਾਅਦ ਸੀਬੀਆਈ ਨੇ ਕਿਸੇ ਸੂਬੇ ਦੀ ਹਾਈ ਕੋਰਟ ਦੀ ਜੱਜ ਜਸਟਿਸ ਦੀ ਧੀ ਕਲਿਆਣੀ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਸਿੱਪੀ ਦੀ 20 ਸਤੰਬਰ 2015 ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਵਾਰਦਾਤ ਵਿੱਚ .12 ਬੋਰ ਦੀ ਬੰਦੂਕ ਦੀ ਵਰਤੋਂ ਕੀਤੀ ਗਈ ਸੀ ਅਤੇ ਉਸ ਵਿੱਚੋਂ ਚਾਰ ਗੋਲੀਆਂ ਚਲਾਈਆਂ ਗਈਆਂ ਸਨ। ਯੂਟੀ ਪੁਲੀਸ ਨੇ ਸੈਕਟਰ 26 ਥਾਣੇ ਵਿੱਚ ਕਤਲ ਦਾ ਕੇਸ ਦਰਜ ਕੀਤਾ ਸੀ। ਜਨਵਰੀ 2016 ਵਿੱਚ ਇਹ ਕੇਸ ਸੀਬੀਆਈ ਨੂੰ ਟਰਾਂਸਫਰ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਜਾਂਚ ਏਜੰਸੀ ਨੇ ਕਤਲ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਇਸ ਦੌਰਾਨ ਕਲਿਆਣੀ ਸਿੰਘ ਨੂੰ ਬੁੱਧਵਾਰ ਨੂੰ ਸੀਬੀਆਈ ਦੇ ਸਪੈਸ਼ਲ ਜੁਡੀਸਲ ਮੈਜਿਸਟਰੇਟ ਸੁਖਦੇਵ ਸਿੰਘ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿਨ੍ਹਾਂ ਨੇ ਉਸ ਨੂੰ ਚਾਰ ਦਿਨ ਦੀ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ।