ਚੰਡੀਗੜ੍ਹ, 18 ਜਨਵਰੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਾਜਾਇਜ਼ ਰੇਤ ਮਾਈਨਿੰਗ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਘਰ ਸਮੇਤ ਕਈ ਥਾਵਾਂ ‘ਤੇ ਈਡੀ ਦੇ ਛਾਪਿਆਂ ਸਬੰਧੀ ਮੁੱਖ ਮੰਤਰੀ ਦੀ ਆਲੋਚਨਾ ਕੀਤੀ ਹੈ। ਇਥੇ ਹਵਾਈ ਅੱਡੇ ‘ਤੇ ਉਤਰਨ ਤੋਂ ਬਾਅਦ ਸ੍ਰੀ ਕੇਜਰੀਵਾਲ ਨੇ ਕਿਹਾ, ‘ਇਹ ਦੁੱਖ ਤੇ ਹੈਰਾਨੀ ਦੀ ਗੱਲ ਹੈ ਛਾਪਿਆਂ ਦੀ ਜ਼ੱਦ ਵਿੱਚ ਮੁੱਖ ਮੰਤਰੀ ਦਾ ਰਿਸ਼ਤੇਦਾਰ ਵੀ ਹੈ। ‘ਆਪ’ ਆਗੂ ਰਾਘਵ ਚੱਢਾ ਨੇ ਪਹਿਲਾਂ ਹੀ ਕਿਹਾ ਸੀ ਕਿ ਸ੍ਰੀ ਚੰਨੀ ਦੇ ਆਪਣੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ਵਿੱਚ ਰੇਤ ਦੀ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਇਸ ਦਾ ਪਰਦਾਫਾਸ਼ ਕਰਨ ਦੇ ਬਾਵਜੂਦ ਮੁੱਖ ਮੰਤਰੀ ਨੇ ਕਾਰਵਾਈ ਨਹੀਂ ਕੀਤੀ ਅਤੇ ਇਸ ਨੂੰ ਜਾਇਜ਼ ਠਹਿਰਾਉਣ ਦੀ ਕੋਸ਼ਿਸ਼ ਵੀ ਕੀਤੀ। ਇਹ ਸਪੱਸ਼ਟ ਹੈ ਕਿ ਚੰਨੀ ਤੇ ਉਨ੍ਹਾਂ ਦਾ ਪਰਿਵਾਰ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਹੈ। ਉਸ ਵਿਅਕਤੀ ਤੋਂ ਪੰਜਾਬ ਦੇ ਭਵਿੱਖ ਲਈ ਕੀ ਉਮੀਦ ਕੀਤੀ ਜਾ ਸਕਦੀ ਹੈ, ਜਿਸ ਦਾ ਪਰਿਵਾਰ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਹੋਵੇ।’ ਕੇਜਰੀਵਾਲ ਨੇ ਦੋਸ਼ ਲਾਇਆ, ‘ਅਸੀਂ ਵਾਰ-ਵਾਰ ਕਹਿ ਰਹੇ ਹਾਂ ਕਿ ਚੰਨੀ ਮੰਤਰੀ ਮੰਡਲ ‘ਚ ਅਜਿਹੇ ਲੋਕ ਹਨ ਜੋ ਰੇਤ ਦੀ ਨਾਜਾਇਜ਼ ਮਾਈਨਿੰਗ ‘ਚ ਸ਼ਾਮਲ ਹਨ ਅਤੇ ਚੰਨੀ ਸਾਹਿਬ ਖੁਦ ਉਨ੍ਹਾਂ ਨੂੰ ਸਰਪ੍ਰਸਤੀ ਦੇ ਰਹੇ ਹਨ। ਚੰਨੀ ਸਾਹਿਬ ਨੇ ਉਨ੍ਹਾਂ ਨੂੰ ਬਾਹਰ ਕਿਉਂ ਨਹੀਂ ਕੱਢਿਆ? ਉਨ੍ਹਾਂ ਨੇ ਉਨ੍ਹਾਂ ਨੂੰ ਕੈਬਨਿਟ ਵਿੱਚ ਕਿਉਂ ਰੱਖਿਆ।’