ਧਨੌਲਾ, 20 ਜੂਨ

ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਤਪ ਅਸਥਾਨ ਸ਼ਹੀਦ ਬਾਬਾ ਨੱਥਾ ਸਿੰਘ ਵਿਖੇ ਪਾਰਟੀ ਉਮੀਦਵਾਰ ਬੀਬੀ ਕਮਲਦੀਪ ਕੌਰ ਰਾਜੋਆਣਾ ਦੇ ਹੱਕ ਵਿੱਚ ਜਲਸੇ ਨੂੰ ਸੰਬੋਧਨ ਕਰਨ ਪੁੱਜੇ। ਉਨ੍ਹਾਂ ਕਿਹਾ ਕਿ ਸੂਬੇ ’ਚ ਕਤਲ ਤੇ ਕੁੱਟਮਾਰ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਕਾਰਨ ਸੂਬੇ ਵਿਚ ਅਮਨ ਕਾਨੂੰਨ ਦੀ ਸਥਤੀ ਵਿਗੜ ਰਹੀ ਹੈ। ਉਨ੍ਹਾਂ ਆਖਿਆ ਕਿ ਹੁਣ ਲੋਕਾਂ ਨੂੰ ਬਦਲਾਅ ਦੇ ਝਾਂਸੇ ਵਿੱਚ ਆ ਕੇ ਪਹਿਲਾਂ ਕੀਤੀ ਗਲਤੀ ਦੋਬਾਰਾ ਨਹੀਂ ਕਰਨੀ ਚਾਹੀਦੀ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬੀਆਂ ਦੀ ਹਿਤੈਸ਼ੀ ਪਾਰਟੀ ਹੈ ਅਤੇ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬੀਅਤ ਦੀ ਭਲਾਈ ਲਈ ਠੋਸ ਕਦਮ ਚੁੱਕੇ ਗਏ ਸਨ। ਉਨ੍ਹਾਂ ਆਖਿਆ ਕਿ 23 ਜੂਨ ਤੋਂ ਬਾਅਦ ਲੋਕ ਸਭਾ ਹਲਕਾ ਸੰਗਰੂਰ ਵਿੱਚ ਲੰਮੇ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਜਾਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮੇਂ ਰਾਜੋਆਣਾ ਨੂੰ ਫਾਂਸੀ ਦੇਣ ਲਈ ਸੁਪਰੀਮ ਕੋਰਟ ਤੋਂ ਚਿੱਠੀ ਆਈ ਪਰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਚੀਫ ਸੈਕਟਰੀ ਪੰਜਾਬ ਨੂੰ ਚਿੱਠੀ ’ਤੇ ਦਸਤਖ਼ਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਮੌਕੇ ਗੋਬਿੰਦ ਸਿੰਘ ਲੌਂਗੋਵਾਲ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੇਅੰਤ ਕੌਰ ਖਹਿਰਾ, ਰੁਪਿੰਦਰ ਸਿੰਘ ਸੰਧੂ, ਸੰਜੀਵ ਸ਼ੌਰੀ, ਮੁਕੇਸ਼ ਸਰਮਾ, ਓਐੱਸਡੀ ਚਰਨਜੀਤ ਸਿੰਘ ਬਰਾੜ, ਹਰਮੀਕ ਸਿੰਘ ਦਿਉਲ ਆਦਿ ਹਾਜ਼ਰ ਸਨ।