ਚੰਡੀਗੜ੍ਹ, 26 ਮਈ
ਮੁੱਖ ਮੰਤਰੀ ਭਗਵੰਤ ਮਾਨ ਨੇ ਐਤਕੀਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਵਿੱਤੀ ਮਦਦ ਦੇਣ ਲਈ ਅੱਜ ਵਿਸ਼ੇਸ਼ ਪੋਰਟਲ ਦੀ ਸ਼ੁਰੂਆਤ ਕੀਤੀ ਹੈ। ਪੋਰਟਲ ਨਾਲ ਲਾਭਪਾਤਰੀ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਅਦਾਇਗੀ ਯਕੀਨੀ ਹੋਵੇਗੀ। ਸੂਤਰਾਂ ਅਨੁਸਾਰ ‘ਆਪ’ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਬੈਂਕ ਖਾਤਿਆਂ ਵਿਚ ਸਿੱਧੀ ਅਦਾਇਗੀ ਜੁਲਾਈ ਮਹੀਨੇ ਤੋਂ ਸ਼ੁਰੂ ਕਰੇਗੀ। ਮੁੱਖ ਮੰਤਰੀ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ਉੱਤੇ ਝੋਨੇ ਦੀ ਸਿੱਧੀ ਬਿਜਾਈ (ਡੀਐੱਸਆਰ) ਲਈ ਵਿਸ਼ੇਸ਼ ਡੀਐੱਸਆਰ ਪੋਰਟਲ (https://agrimachinerypb. com/home/4SR22) ਦੀ ਸ਼ੁਰੂਆਤ ਕੀਤੀ। ਖੇਤੀ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਬਾਰੇ ਵੇਰਵੇ ਭਲਕ ਤੋਂ ਤਿਆਰ ਕੀਤੇ ਜਾਣਗੇ। ਸਰਕਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਜੁਲਾਈ ਮਹੀਨੇ ਵਿਚ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਅਦਾਇਗੀ ਸ਼ੁਰੂ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪੋਰਟਲ ਸਿੱਧੀ ਬਿਜਾਈ ਕਰਨ ਵਾਲੇ ਹਰੇਕ ਕਿਸਾਨ ਬਾਰੇ ਪੂਰੇ ਅੰਕੜਿਆਂ ਨੂੰ ਇਕੱਠਾ ਕਰਨ ਵਿਚ ਸਹਾਈ ਹੋਵੇਗਾ। ਇਸ ਮਗਰੋਂ ਪੁਖ਼ਤਾ ਤਸਦੀਕ ਤੋਂ ਬਾਅਦ ਯੋਗ ਲਾਭਪਾਤਰੀਆਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ 1500 ਰੁਪਏ ਪ੍ਰਤੀ ਏਕੜ ਦੀ ਅਦਾਇਗੀ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਵਧੀਕ ਮੁੱਖ ਸਕੱਤਰ (ਖੇਤੀਬਾੜੀ) ਨੇ ਕਿਹਾ ਕਿ ਢੁਕਵੀਂ ਪੜਤਾਲ ਉਪਰੰਤ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਸਬੰਧਤ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਸਿੱਧੀ ਟਰਾਂਸਫ਼ਰ ਕੀਤੀ ਜਾਵੇਗੀ। ਮੰਡੀ ਬੋਰਡ ਨੇ ਇਹ ਪੋਰਟਲ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਤਿਆਰ ਕੀਤਾ ਹੈ। ਇਸ ਨਵੀਨਤਮ ਤਕਨੀਕ ਨੂੰ ਅਪਣਾਉਣ ਨਾਲ ਪਾਣੀ ਦੀ ਘੱਟੋ-ਘੱਟ 15 ਤੋਂ 20 ਫੀਸਦ ਬੱਚਤ ਹੋਵੇਗੀ ਤੇ ਲਾਗਤ ਖਰਚਾ ਵੀ ਤਕਰੀਬਨ 4000 ਰੁਪਏ ਪ੍ਰਤੀ ਏਕੜ ਘੱਟ ਆਉਂਦਾ ਹੈ। ਇਸ ਤਕਨੀਕ ਰਾਹੀਂ ਬੀਜੇ ਗਏ ਰਕਬੇ ਦੀ ਤਸਦੀਕ ਕਰਨ ਲਈ ਰਾਜ ਸਰਕਾਰ ਵੱਲੋਂ ਖੇਤੀਬਾੜੀ, ਬਾਗ਼ਬਾਨੀ, ਮੰਡੀ ਬੋਰਡ ਅਤੇ ਜਲ ਤੇ ਭੂਮੀ ਸੰਭਾਲ ਸਮੇਤ ਵੱਖ-ਵੱਖ ਵਿਭਾਗਾਂ ਦੇ 3000 ਅਧਿਕਾਰੀਆਂ/ਕਰਮਚਾਰੀਆਂ ਦੀ ਤਾਇਨਾਤੀ ਕੀਤੀ ਹੈ ਤਾਂ ਜੋ 1500 ਰੁਪਏ ਪ੍ਰਤੀ ਏਕੜ ਦਾ ਭੁਗਤਾਨ ਸਿਰਫ਼ ਅਸਲੀ ਲਾਭਪਾਤਰੀਆਂ ਨੂੰ ਹੀ ਯਕੀਨੀ ਬਣਾਇਆ ਜਾਵੇ। ਪੰਜਾਬ ਦੇ ਕਿਸਾਨਾਂ ਵੱਲੋਂ ਇਸ ਸਾਉਣੀ ਸੀਜ਼ਨ ਦੌਰਾਨ 30 ਲੱਖ ਹੈਕਟੇਅਰ (75 ਲੱਖ ਏਕੜ) ਰਕਬੇ ਵਿਚ ਬਾਸਮਤੀ ਸਮੇਤ ਝੋਨੇ ਦੀ ਕਾਸ਼ਤ ਕਰਨ ਦੀ ਉਮੀਦ ਹੈ। ਪਿਛਲੇ ਸਾਲ ਡੀਐੱਸਆਰ ਰਾਹੀਂ 15 ਲੱਖ ਏਕੜ (6 ਲੱਖ ਹੈਕਟੇਅਰ) ਰਕਬੇ ਵਿਚ ਝੋਨੇ ਦੀ ਬਿਜਾਈ ਕੀਤੀ ਗਈ ਸੀ। ਮੀਟਿੰਗ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।