ਮੁਹਾਲੀ, 24 ਫਰਵਰੀ

ਪੰਜਾਬ ਸਰਕਾਰ ਵੱਲੋਂ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਇਸ ਦੌਰਾਨ ਅਦਾਲਤ ਨੇ ਉਨ੍ਹਾਂ ਦਾ 8 ਮਾਰਚ ਤੱਕ ਜੁਡੀਸ਼ਲ ਰਿਮਾਂਡ ਦੇ ਦਿੱਤਾ। 25 ਫਰਵਰੀ ਨੂੰ ਸਵੇਰੇ 11:30 ਵਜੇ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਮੁੜ ਕੀਤੀ ਜਾਵੇਗੀ। 31 ਜਨਵਰੀ ਨੂੰ ਸੁਪਰੀਮ ਕੋਰਟ ਨੇ ਅਕਾਲੀ ਆਗੂ ਨੂੰ ਵੱਡੀ ਰਾਹਤ ਦਿੰਦਿਆਂ 23 ਫਰਵਰੀ ਤੱਕ ਉਸ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾਈ ਗਈ ਸੀ। ਦੇਸ਼ ਦੀ ਸਿਖਰਲੀ ਅਦਾਲਤ ਦੇ ਇਸ ਫੈਸਲੇ ਕਾਰਨ ਮਜੀਠੀਆ ਬੇਖ਼ੌਫ਼ ਹੋ ਕੇ ਅੰਮ੍ਰਿਤਸਰ ਤੋਂ ਵਿਧਾਨ ਸਭਾ ਦੀ ਚੋਣ ਲੜ ਸਕੇ ਹਨ। ਸਿਖਰਲੀ ਅਦਾਲਤ ਨੇ ਮਜੀਠੀਆ ਨੂੰ ਇਹ ਨਿਰਦੇਸ਼ ਵੀ ਦਿੱਤੇ ਸਨ ਕਿ ਉਹ ਹੇਠਲੀ ਅਦਾਲਤ ਵਿੱਚ ਜੱਜ ਦੇ ਸਾਹਮਣੇ ਪੇਸ਼ ਹੋ ਕੇ ਪੱਕੀ ਜ਼ਮਾਨਤ ਲਈ ਅਰਜ਼ੀ ਦਾਇਰ ਕਰਨ। ਇਸ ਤਰ੍ਹਾਂ ਅਕਾਲੀ ਆਗੂ ਮਜੀਠੀਆ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਹੋਏ। ਆਪਣੀ ਪੱਕੀ ਜ਼ਮਾਨਤ ਲਈ ਅਦਾਲਤ ਵਿੱਚ ਅਰਜ਼ੀ ਵੀ ਦਾਇਰ ਕੀਤੀ, ਜਦੋਂਕਿ ਪੁਲੀਸ ਨੇ ਹਿਰਾਸਤ ਵਿੱਚ ਲੈ ਕੇ ਪੁੱਛ ਪੜਤਾਲ ਕੀਤੀ।ਏਆਈਜੀ ਦੀ ਅਗਵਾਈ ਹੇਠ ਅਦਾਲਤ ਕੰਪਲੈਕਸ ਵਿੱਚ ਹੀ ਗਾਰਦ ਰੂਮ ਵਿੱਚ ਸਿਟ ਦੇ ਮੈਂਬਰਾਂ ਨੇ ਪੁੱਛ ਪੜਤਾਲ ਕੀਤੀ।ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਜੀਠੀਆ ਨੇ ਕਿਹਾ ਕਿ ਚੋਣਾਂ ਤੋਂ ਵਿਹਲੇ ਹੋ ਕੇ ਉਹ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਹੋਣ ਆਏ ਹਨ। ਨਿਆਂ ਪ੍ਰਣਾਲੀ ਉੱਤੇ ਪੂਰਾ ਭਰੋਸਾ ਹੈ। ਸਰਕਾਰ ਨੇ ਧੱਕੇਸ਼ਾਹੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਇੱਥੋਂ ਤੱਕ ਕਿ ਉਸ ਨੂੰ ਵਿਧਾਨ ਸਭਾ ਦੀ ਚੋਣ ਲੜਨ ਤੋਂ ਹਰ ਹੀਲਾ ਵਰਤਿਆ ਗਿਆ।