ਕੋਲਕਾਤਾ, 20 ਸਤੰਬਰ

ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪਰੀਓ ਨੇ ਕਿਹਾ ਕਿ ਉਨ੍ਹਾਂ ਨੇ ਪੱਛਮੀ ਬੰਗਾਲ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਭਾਰਤੀ ਜਨਤਾ ਪਾਰਟੀ ਵਿਚ ਅੰਨ੍ਹੇਵਾਹ ਸ਼ਾਮਲ ਕੀਤੇ ਜਾਣ ਦਾ ਵਿਰੋਧ ਕੀਤਾ ਸੀ ਅਤੇ ਸ਼ਾਇਦ ਇਸ ਦਾ ਚੋਣਾਂ ਵਿਚ ਪਾਰਟੀ ਦੇ ਪ੍ਰਦਰਸ਼ਨ ’ਤੇ ਉਲਟਾ ਪ੍ਰਭਾਵ ਪਿਆ। ਪਿਛਲੇ ਹਫ਼ਤੇ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਲ ਹੋਏ ਸੁਪਰੀਓ ਨੇ ਪੀਟੀਆਈ ਨੂੰ ਦਿੱਤੇ ਇਕ ਇੰਟਰਵਿਊ ਵਿਚ ਕਿਹਾ ਕਿ ਇਸ ਮਾਮਲੇ ’ਤੇ ਉਨ੍ਹਾਂ ਦੇ ਵਿਚਾਰ ਸ਼ਾਇਦ ਭਾਜਪਾ ਦੇ ਚੋਟੀ ਦੇ ਆਗੂਆਂ ਨੂੰ ਪਸੰਦ ਨਹੀਂ ਆਏ। ਉਨ੍ਹਾਂ ਕਿਹਾ ਕਿ ਭਾਜਪਾ ਦੇ ਸੂਬਾ ਪ੍ਰਧਾਨ ਦਿਲੀਪ ਘੋਸ਼ ਵੀ ਪਾਰਟੀ ਦੀ ਵਿਧਾਨ ਸਭਾ ਚੋਣਾਂ ਵਿਚ ਹਾਰ ਲਈ ਅੰਸ਼ਕ ਤੌਰ ’ਤੇ ਜ਼ਿੰਮੇਵਾਰ ਹਨ, ਕਿਉਂ ਕਿ ਪ੍ਰਚਾਰ ਦੌਰਾਨ ਉਨ੍ਹਾਂ ਦੀਆਂ ਟਿੱਪਣੀਆਂ ਬੰਗਾਲੀਆਂ ਦੇ ਸੱਭਿਆਚਾਰ ਤੋਂ ਬਿਲਕੁਲ ਉਲਟ ਹੁੰਦੀਆਂ ਸਨ।