ਅੰਮ੍ਰਿਤਸਰ, 11 ਅਕਤੂਬਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਇਆ ਕਿ ਸੂਬੇ ਦੀ ਕਾਂਗਰਸ ਸਰਕਾਰ ਦੀ ਲਾਪਰਵਾਹੀ ਕਾਰਨ ਪੰਜਾਬ ਵਿੱਚ ਬਿਜਲੀ ਸੰਕਟ ਪੈਦਾ ਹੋਇਆ ਹੈ। ਇਸ ਸੰਕਟ ਲਈ ਕਾਂਗਰਸ ਸਰਕਾਰ ਜ਼ਿੰਮੇਵਾਰ ਹੈ, ਜੋ ਇਸ ਵੇਲੇ ਰਾਜਸੀ ਚਾਲਾਂ ਅਤੇ ਬਦਲਾਖੋਰੀ ਦੀ ਰਾਜਨੀਤੀ ਵਿੱਚ ਉਲਝੀ ਹੋਈ ਹੈ। ਉਹ ਅੱਜ ਇੱਥੇ ਅੰਮ੍ਰਿਤਸਰ ਦੌਰੇ ’ਤੇ ਪੁੱਜੇ ਹਨ, ਜਿੱਥੇ ਉਨ੍ਹਾਂ ਵੱਖ-ਵੱਖ ਧਰਮਿਕ ਸਥਾਨਾਂ ’ਤੇ ਮੱਥਾ ਟੇਕਿਆ ਅਤੇ ਵਿਧਾਨ ਸਭਾ ਹਲਕਾ ਉਤਰੀ ਵਿੱਚ ਰੈਲੀ ਵੀ ਕੀਤੀ।

ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਬਿਜਲੀ ਸੰਕਟ ਦਾ ਕੋਲੇ ਦੀ ਕਮੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਕਿਉਂਕਿ ਕੇਂਦਰੀ ਕੋਲਾ ਮੰਤਰਾਲਾ ਪਹਿਲਾਂ ਹੀ ਸਪੱਸ਼ਟ ਕਰ ਚੁੱਕਾ ਹੈ ਕਿ ਕੋਲੇ ਦੀ ਕੋਈ ਕਮੀ ਨਹੀਂ ਹੈ। ਇਸ ਤੋਂ ਸਪੱਸ਼ਟ ਹੈ ਕਿ ਸੂਬਾ ਸਰਕਾਰ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਲੋੜੀਂਦਾ ਕੋਲੇ ਦਾ ਭੰਡਾਰ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵੇਲੇ ਸੂਬੇ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾ ਦਿੱਤਾ ਸੀ ਪਰ ਕਾਂਗਰਸ ਸਰਕਾਰ ਨੇ ਮੁੜ ਤਰਸਯੋਗ ਹਾਲਤ ਬਣਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਸ ਵੇਲੇ ਰਵਾਇਤੀ ਬਿਜਲੀ ਸਰੋਤਾਂ ਤੋਂ ਇਲਾਵਾ ਸੋਲਰ ਊਰਜਾ ਵੱਲ ਵੀ ਧਿਆਨ ਦਿੱਤਾ ਗਿਆ ਸੀ ਪਰ ਕਾਂਗਰਸ ਸਰਕਾਰ ਵੇਲੇ ਇਹ ਸਾਰੇ ਕੰਮ ਠੱਪ ਰਹੇ ਹਨ। ਉਨ੍ਹਾਂ ਵਿਅੰਗ ਕੀਤਾ ਕਿ ਕਾਂਗਰਸ ਦੀਆਂ ਪਹਿਲੀਆਂ ਸਰਕਾਰਾਂ ਵੇਲੇ ਵੀ ਇਸੇ ਤਰ੍ਹਾਂ ਬਿਜਲੀ ਕੱਟ ਲਗਦੇ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਖਿਆ ਕਿ ਉਹ ਹਰ ਦੂਜੇ ਦਿਨ ਦਿੱਲੀ ਜਾਣ ਦੀ ਥਾਂ ਸੂਬੇ ਦੀ ਜ਼ਿੰਮੇਵਾਰੀ ਸੰਭਾਲਣ। ਉਨ੍ਹਾਂ ਕਿਹਾ ਕਿ ਚੰਨੀ ਨੇ ਕਦੇ ਕੋਲਾ ਭੰਡਾਰ ਅਤੇ ਬਿਜਲੀ ਸਪਲਾਈ ਦੀ ਸਥਿਤੀ ਦੀ ਸਮੀਖਿਆ ਹੀ ਨਹੀਂ ਕੀਤੀ। ਇਸ ਕਾਰਨ ਹੁਣ ਲੋਕ ਸੰਕਟ ਵਿੱਚ ਫਸ ਗਏ ਹਨ। ਇਸ ਦੌਰਾਨ ਹਲਕਾ ਉਤਰੀ ਦੇ ਰਣਜੀਤ ਐਵੇਨਿਊ ਇਲਾਕੇ ਵਿੱਚ ਅਨਿਲ ਜੋਸ਼ੀ ਵੱਲੋਂ ਕਰਵਾਈ ਰੈਲੀ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜੇ ਅਕਾਲੀ-ਬਸਪਾ ਗਠਜੋੜ ਜਿੱਤ ਪ੍ਰਾਪਤ ਕਰਕੇ ਜੇਕਰ ਸੱਤਾ ਵਿੱਚ ਆਇਆ ਤਾਂ ਸ਼ਹਿਰ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ। ਜਿੱਤ ਦਾ ਦਾਅਵਾ ਕਰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਾਰੀਆਂ ਉਮੀਦਾਂ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਅਨਿਲ ਜੋਸ਼ੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਡਾ ਦਲਬੀਰ ਸਿੰਘ ਵੇਰਕਾ, ਗੁਰਪ੍ਰਤਾਪ ਸਿੰਘ ਟਿੱਕਾ, ਤਲਬੀਰ ਸਿੰਘ ਗਿੱਲ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਬਾਵਾ ਸਿੰਘ ਗੁਮਾਨਪੁਰਾ ਤੇ ਹੋਰ ਅਕਾਲੀ ਆਗੂ ਹਾਜ਼ਰ ਸਨ। ਇਸ ਤੋਂ ਪਹਿਲਾਂ ਉਨ੍ਹਾਂ ਗਵਾਲ ਮੰਡੀ ਵਿਖੇ ਵਾਲਮੀਕ ਮੰਦਰ, ਹਨੂੰਮਾਨ ਮੰਦਰ, ਜਾਮਾ ਮਸਜਿਦ ਅਤੇ ਗੁਰਦੁਆਰਾ ਛੇਹਰਟਾ ਸਾਹਿਬ ਤੇ ਗੁਰਦੁਆਰਾ ਬਹੁੜੀ ਸਾਹਿਬ ਵਿਖੇ ਮੱਥਾ ਟੇਕਿਆ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਵਿਦਿਆਰਥੀ ਜਥੇਬੰਦੀ ਐੱਸਓਆਈ ਦੇ ਕਾਰਕੁਨਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ।