ਚੰਡੀਗੜ੍ਹ, 1 ਅਕਤੂਬਰ
ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਉੱਤਰ ਪੂਰਬੀ ਅਤੇ ਪਹਾੜੀ ਰਾਜਾਂ ਦੀ ਤਰਜ਼ ‘ਤੇ 15 ਹਾਰਸ ਪਾਵਰ (ਐੱਚਪੀ) ਸਮਰੱਥਾ ਤੱਕ ਦੇ ਖੇਤੀ ਪੰਪਾਂ ਨੂੰ ਸੂਰਜੀ ਊਰਜਾ ਉਤੇ ਕਰਨ ਲਈ ਕੇਂਦਰੀ ਵਿੱਤੀ ਸਹਾਇਤਾ (ਸੀਐੱਫਏ) ਦੀ ਮੰਗ ਕੀਤੀ ਹੈ ਤਾਂ ਜੋ ਸੂਬੇ ਵਿੱਚ ਵੱਧ ਤੋਂ ਵੱਧ ਪੰਪਾਂ ਨੂੰ ਸੋਲਰਾਈਜ਼ (ਸੌਰ ਊਰਜਾ ਆਧਾਰਤ) ਕੀਤਾ ਜਾ ਸਕੇ। ਇਹ ਸਹਾਇਤਾ ਪੀਐੱਮ ਕੁਸੁਮ ਸਕੀਮ ਤਹਿਤ ਦਿੱਤੀ ਜਾਂਦੀ ਹੈ।

ਸ੍ਰੀ ਅਰੋੜਾ ਨੇ ਬਿਜਲੀ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਕੇਂਦਰੀ ਮੰਤਰੀ ਆਰਕੇ ਸਿੰਘ ਨੂੰ ਲਿਖੇ ਪੱਤਰ ਵਿੱਚ ਸੂਬੇ ਨੂੰ ਇਸ ਸਕੀਮ ਦੇ ਦਾਇਰੇ ਤੋਂ ਬਾਹਰ ਰੱਖਣ ਦਾ ਮੁੱਦਾ ਉਠਾਇਆ ਹੈ। ਉਨ੍ਹਾਂ ਕਿਹਾ ਕਿ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰਾਲੇ ਨੇ 1.8.2022 ਨੂੰ ਉੱਤਰ ਪੂਰਬੀ ਅਤੇ ਪਹਾੜੀ ਰਾਜਾਂ ਦੇ ਕਿਸਾਨਾਂ ਨੂੰ 15 ਐੱਚਪੀ ਸਮਰੱਥਾ ਤੱਕ ਦੇ ਖੇਤੀ ਪੰਪਾਂ ਲਈ ਸੀਐੱਫਏ ਪ੍ਰਦਾਨ ਕਰਨ ਦੀ ਵਿਵਸਥਾ ਕੀਤੀ ਹੈ, ਜਦੋਂਕਿ ਪੰਜਾਬ ਵਿੱਚ ਇਹ ਸਹੂਲਤ ਸਿਰਫ਼ 7.5 ਐੱਚਪੀ ਤੱਕ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਸੂਬੇ ਵਿੱਚ ਸਿੰਜਾਈ ਲਈ 14 ਲੱਖ ਇਲੈਕਟ੍ਰਿਕ ਮੋਟਰਾਂ ਅਤੇ ਤਕਰੀਬਨ 1.50 ਲੱਖ ਡੀਜ਼ਲ ਪੰਪਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਸੂਬੇ ਵਿੱਚ ਜ਼ਿਆਦਾਤਰ ਪੰਪਾਂ ਦੀ ਸਮਰਥਾ 10 ਐੱਚਪੀ ਤੋਂ 15 ਐੱਚਪੀ ਤੱਕ ਹੈ। ਇਨ੍ਹਾਂ ਪੰਪਾਂ ਨੂੰ ਸੋਲਰਾਈਜ਼ ਕਰਨ ਉਤੇ ਵੱਡੀ ਲਾਗਤ ਆਵੇਗੀ ਜੋ ਕਿਸਾਨਾਂ ਦੀ ਪਹੁੰਚ ਤੋਂ ਬਾਹਰ ਹੈ। ਇਸ ਲਈ ਇਨ੍ਹਾਂ ਪੰਪਾਂ ਨੂੰ ਸੂਰਜੀ ਊਰਜਾ ਆਧਾਰਤ ਕਰਨ ਦੀ ਲਾਗਤ ਨੂੰ ਕਿਸਾਨਾਂ ਦੀ ਪਹੁੰਚ ਵਿੱਚ ਲਿਆਉਣ ਵਾਸਤੇ ਉੱਚ ਸਮਰੱਥਾ ਵਾਲੇ ਪੰਪਾਂ ਲਈ ਸੀਐੱਫਏ ਪ੍ਰਦਾਨ ਕਰਨ ਦੀ ਲੋੜ ਹੈ।