ਫ਼ਰੀਦਕੋਟ, 25 ਸਤੰਬਰ
ਪੰਜਾਬ ਸਰਕਾਰ ਵੱਲੋਂ 27 ਸਤੰਬਰ ਨੂੰ ਸੱਦੇ ਗਏ ਵਿਧਾਨ ਸਭਾ ਦੇ ਸ਼ੈਸਨ ਕਾਰਨ ਸਰਕਾਰ ਤੇ ਰਾਜਪਾਲ ਦਰਮਿਆਨ ਵਧੀ ਖਿੱਚੋਤਾਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਅਨਾਜ ਮੰਡੀ ਵਿਚ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਪੂਰੀ ਹਮਾਇਤ ਹਾਸਲ ਹੈ ਅਤੇ ਉਹ ਲੋਕਾਂ ਦੇ ਸਹਿਯੋਗ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਸਾਰੇ ਵਾਅਦੇ ਪੂਰੇ ਕਰਨਗੇ। ਉਹ ਇੱਥੇ ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਲੱਗੇ ਦਸ ਰੋਜ਼ਾ ਕਰਾਫਟ ਮੇਲੇ ਵਿੱਚ ਸ਼ਮੂਲੀਅਤ ਕਰਨ ਪਹੁੰਚੇ ਹੋਏ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਟਿੱਲਾ ਬਾਬਾ ਫ਼ਰੀਦ ਵਿਖੇ ਮੱਥਾ ਟੇਕਿਆ ਜਿੱਥੇ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਇੰਦਰਜੀਤ ਸਿੰਘ ਖ਼ਾਲਸਾ ਨੇ ਉਨ੍ਹਾਂ ਨੂੰ ਸਿਰੋਪਾ ਦੇ ਕੇ ਸਨਮਾਨਤ ਕੀਤਾ। ਇਸ ਤੋਂ ਪਹਿਲਾਂ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਫ਼ਰੀਦਕੋਟ ਪੁੱਜਣ ’ਤੇ ਜੀ ਆਇਆਂ ਆਖਿਆ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿਚ ਕੁਝ ਮੁਲਾਜ਼ਮ ਪੱਕੇ ਕੀਤੇ ਗਏ ਹਨ ਪਰ ਸਰਕਾਰ 28 ਹਜ਼ਾਰ ਹੋਰ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਜਾ ਰਹੀ ਹੈ, ਜਿਸ ਸਬੰਧੀ ਕਾਨੂੰਨੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਖ਼ਜ਼ਾਨੇ ਨੂੰ ਲੁੱਟਣ ਵਿੱਚ ਅੰਗਰੇਜ਼ਾਂ ਅਤੇ ਮੁਗਲਾਂ ਨੂੰ ਵੀ ਮਾਤ ਪਾ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਾਲੀ ਹੋਏ ਖ਼ਜ਼ਾਨੇ ਨੂੰ ਪੈਰਾਂ-ਸਿਰ ਕਰਨ ਅਤੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ। ਮੁੱਖ ਮੰਤਰੀ ਨੇ ਕਰਾਫਟ ਮੇਲੇ ਵਿਚ ਦੁਕਾਨਦਾਰਾਂ ਨੂੰ ਮਿਲਣ ਤੋਂ ਬਾਅਦ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਦੇਸ਼ ਭਰ ਦੇ ਕਲਾ ਪ੍ਰੇਮੀਆਂ ਨੂੰ ਸੂਬੇ ਵਿਚ ਆਉਣ ਦਾ ਸੱਦਾ ਦਿੱਤਾ ਜਾਵੇਗਾ ਤੇ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿਚ ਵੀ ਕਰਾਫਟ ਮੇਲੇ ਲਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਰੁਜ਼ਗਾਰ ਦੇਣ ਲਈ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਨੇੜ ਭਵਿੱਖ ਵਿੱਚ ਹੋਰ ਸਰਕਾਰੀ ਨੌਕਰੀਆਂ ਦਾ ਐਲਾਨ ਕੀਤਾ ਜਾਵੇਗਾ ਤੇ ਇਸ ਲਈ ਮੁੱਢਲੀ ਪ੍ਰਕਿਰਿਆ ਮੁਕੰਮਲ ਕਰ ਲਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਨੂੰ ਬਹੁਤ ਜਲਦ ਨਵਾਂ ਵਾਈਸ ਚਾਂਸਲਰ ਦਿੱਤਾ ਜਾਵੇਗਾ ਤਾਂ ਜੋ ਪੰਜਾਬ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਇਸ ਮੌਕੇ ਵਿਰੋਧੀ ਧਿਰ ਦੇ ਆਗੂਆਂ ਦੀ ਆਲੋਚਨਾ ਕਰਦਿਆਂ ਭਗਵੰਤ ਮਾਨ ਨੇ ਉਨ੍ਹਾਂ ਨੂੰ ‘ਝੂਠੇ’ ਕਰਾਰ ਦਿੱਤਾ ਤੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚੁੱਕੇ ਜਾ ਰਹੇ ਕਦਮਾਂ ’ਚ ਨੁਕਸ ਕੱਢਣ ਦੀ ਆਦਤ ਤੋਂ ਮਜਬੂਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸੂਬਾ ਸਰਕਾਰ ਵੱਲੋਂ ਲੋਕ ਹਿੱਤ ’ਚ ਲਏ ਗਏ ਕਈ ਫ਼ੈਸਲਿਆਂ ਦੀ ਆਲੋਚਨਾ ਕਰਨ ਤੋਂ ਬਿਨਾਂ ਕੋਈ ਕੰਮ ਨਹੀਂ ਹੈ ਪਰ ਸੂਬਾ ਸਰਕਾਰ ਲੋਕਾਂ ਦੀ ਭਲਾਈ ਤੇ ਸੂਬੇ ਦੇ ਵਿਕਾਸ ਲਈ ਕੰਮ ਕਰਨਾ ਜਾਰੀ ਰੱਖੇਗੀ। ਇਸ ਮੌਕੇ ਕੈਬਨਿਟ ਮੰਤਰੀ ਬਲਜੀਤ ਕੌਰ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਜੈਤੋ ਦੇ ਵਿਧਾਇਕ ਅਮੋਲਕ ਸਿੰਘ, ਫ਼ਰੀਦਕੋਟ ਦੇ ਸੰਸਦ ਮੈਂਬਰ ਮੁਹੰਮਦ ਸਦੀਕ ਅਤੇ ਮਾਲਵੇ ਦੇ ਅੱਧੀ ਦਰਜਨ ਵਿਧਾਇਕ ਹਾਜ਼ਰ ਸਨ।