ਚੰਡੀਗੜ੍ਹ, 29 ਸਤੰਬਰ
ਪੰਜਾਬ ਵਿਧਾਨ ਸਭਾ ਵਿੱਚ ਅੱਜ ਸ਼ੁਰੂ ਹੋਏ ਸੈਸ਼ਨ ਵਿੱਚ ਕਾਂਗਰਸੀ ਵਿਧਾਇਕ ਸੂਬੇ ਦੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਖ਼ਿਲਾਫ਼ ਨਾਅਰੇ ਲਿਖੇ ਚੋਲੇ ਪਾ ਕੇ ਸਦਨ ਵਿੱਚ ਪਹੁੰਚੇ। ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਗ ਕੀਤੀ ਕਿ ਮੰਤਰੀ ਨੂੰ ਮੰਤਰੀ ਮੰਡਲ ’ਚੋਂ ਬਰਖਾਸਤ ਕੀਤਾ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਇਕ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਮੰਤਰੀ ਨੂੰ ਇਕ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਜਾਣਾ ਕਾਫੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਸ ਮੁੱਦੇ ’ਤੇ ਅੱਜ ਇਕ ਬਿਆਨ ਜਾਰੀ ਕਰਨ। ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਅਤੇ ਜੰਗੀ ਲਾਲ ਮਹਾਜਨ ਸਦਨ ’ਚੋਂ ਗੈਰ-ਹਾਜ਼ਰ ਸਨ। ਸੁਖਪਾਲ ਸਿੰਘ ਖਹਿਰਾ ਨੇ ਸਪੀਕਰ ਨੂੰ ਇਸ ਗੱਲ ਦਾ ਭਰੋਸਾ ਦੇਣ ਲਈ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਮੁੱਦੇ ’ਤੇ ਇਕ ਬਿਆਨ ਜਾਰੀ ਕਰਨਗੇ। ਇਸ ’ਤੇ ਸਪੀਕਰ ਨੇ ਕਿਹਾ ਕਿ ਉਹ ਅਜਿਹਾ ਨਹੀਂ ਕਰ ਸਕਦੇ। ਉਪਰੰਤ ਸੰਧਵਾਂ ਨੇ ਕਾਂਗਰਸੀ ਵਿਧਾਇਕਾਂ ਨੂੰ ਸਦਨ ਦੀ ਕਾਰਵਾਈ ਚੱਲਣ ਦੇਣ ਲਈ ਕਿਹਾ ਪਰ ਕਾਂਗਰਸੀ ਵਿਧਾਇਕ ਸਪੀਕਰ ਦੀ ਕੁਰਸੀ ਸਾਹਮਣੇ ਆ ਕੇ ਪ੍ਰਦਰਸ਼ਨ ਕਰਨ ਲੱਗੇ। ਉਨ੍ਹਾਂ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮਗਰੋਂ ‘ਆਪ’ ਵਿਧਾਇਕਾਂ ਨੇ ਵੀ ਕਾਂਗਰਸੀਆਂ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਾਂਗਰਸੀ ਵਿਧਾਇਕਾਂ ਨੂੰ ਭਾਜਪਾ ਦੀ ‘ਬੀ’ ਟੀਮ ਕਰਾਰ ਦਿੱਤਾ। ਸੈਸ਼ਨ ਦੀ ਸ਼ੁਰੂਆਤ ਮੌਕੇ ਸਦਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਮੌਜੂਦ ਨਹੀਂ ਸਨ। ਇਸ ਦੌਰਾਨ ਸਪੀਕਰ ਨੂੰ ਸਦਨ ਦੀ ਕਾਰਵਾਈ ਵੀ ਮੁਲਤਵੀ ਕਰਨੀ ਪਈ।