ਚੰਡੀਗੜ੍ਹ, 18 ਫਰਵਰੀ

ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ’ਤੇ ਅੱਜ ਸ਼ਾਮ ਤੋਂ ਚੋਣ ਪ੍ਰਚਾਰ ਥਮ ਗਿਆ ਹੈ। ਪੰਜਾਬ ਵਿੱਚ ਚੋਣਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ‘ਆਪ’ ਆਗੂ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਤੇ ਅਕਾਲੀ ਆਗੂ ਬਿਕਰਮ ਮਜੀਠੀਆ ਵੱਲੋਂ ਕ੍ਰਮਵਾਰ ਭਦੌੜ, ਜਲਾਲਾਬਾਦ, ਰਾਇਕੋਟ ਤੇ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕੀਤੇ ਗਏ। ਇਸੇ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਤੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਪਟਿਆਲਾ ਵਿੱਚ ਰੋਡ ਸ਼ੋਅ ਕੀਤੇ ਗਏ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਨੇ ਵੀ ਅੱਜ ਦਿਨ ਵੇਲੇ ਚੋਣ ਪ੍ਰਚਾਰ ਕੀਤਾ। ਪੰਜਾਬ ਵਿੱਚ ਮੌਜੂਦਾ ਵਿਧਾਨ ਸਭਾ ਚੋਣਾਂ ਲਈ 1304 ਉਮੀਦਵਾਰ ਮੈਦਾਨ ਵਿੱਚ ਹਨ ਜਿਨ੍ਹਾਂ ਵਿੱਚ 93 ਮਹਿਲਾ ਉਮੀਦਵਾਰ ਸ਼ਾਮਲ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐੱਸ ਕਰੁਣਾ ਰਾਜੂ ਅਨੁਸਾਰ ਸੂਬੇ ਵਿੱਚ 20 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਤਕ ਵੋਟਾਂ ਪੈਣਗੀਆਂ।