ਐੱਸਏਐੱਸ ਨਗਰ (ਮੁਹਾਲੀ), 19 ਜਨਵਰੀ

ਮੁਹਾਲੀ-ਚੰਡੀਗੜ੍ਹ ਦੀ ਹੱਦ ’ਤੇ ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਅਤੇ ਬੇਅਦਬੀ ਦੀਆਂ ਘਟਨਾਵਾਂ ਦੇ ਸਬੰਧ ’ਚ ਚੱਲ ਰਹੇ ਪੱਕੇ ਮੋਰਚੇ ਵਾਲੀ ਥਾਂ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ਉਤੇ ਅੱਜ ਹਮਲਾ ਕੀਤਾ ਗਿਆ। ਸ੍ਰੀ ਧਾਮੀ ਧਰਨੇ ਨੂੰ ਸੰਬੋਧਨ ਕਰਨ ਤੋਂ ਬਾਅਦ ਵਾਪਸ ਜਾ ਰਹੇ ਸਨ ਤਾਂ ਕੁੱਝ ਗਰਮਖਿਆਲੀ ਨੌਜਵਾਨਾਂ ਨੇ ਉਨ੍ਹਾਂ ਨੂੰ ਸਵਾਲ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਜਦੋਂ ਉਹ ਗੱਡੀ ਵਿੱਚ ਬੈਠ ਗਏ ਤਾਂ ਭੀੜ ’ਚੋਂ ਕਈ ਵਿਅਕਤੀਆਂ ਨੇ ਉਨ੍ਹਾਂ ਦੇ ਕਾਫਲੇ ’ਤੇ ਪਥਰਾਅ ਕਰ ਦਿੱਤਾ। ਹਮਲਾਵਰਾਂ ਵੱਲੋਂ ਧਾਮੀ ਦੇ ਕਾਫ਼ਲੇ ਵਾਲੀ ਇੱਕ ਹੋਰ ਗੱਡੀ ’ਤੇ ਕਿਰਪਾਨਾਂ ਮਾਰੀਆਂ ਗਈਆਂ। ਹਮਲੇ ’ਚ ਕਈ ਗੱਡੀਆਂ ਨੁਕਸਾਨੀਆਂ ਗਈਆਂ। ਬੜੀ ਮੁਸ਼ਕਲ ਨਾਲ ਧਾਮੀ ਅਤੇ ਉਨ੍ਹਾਂ ਦੇ ਸਾਥੀ ਵਾਲ ਵਾਲ ਬਚ ਕੇ ਮੌਕੇ ਤੋਂ ਨਿਕਲੇ। ਜ਼ਿਕਰਯੋਗ ਹੈ ਕਿ ਕੌਮੀ ਇਨਸਾਫ਼ ਮੋਰਚਾ, ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦੇ ਪੱਕੇ ਮੋਰਚੇ ਨੂੰ ਹਮਾਇਤ ਦੇਣ ਲਈ ਸ੍ਰੀ ਧਾਮੀ ਇਥੇ ਪਹੁੰਚੇ ਸਨ ਪਰ ਉਨ੍ਹਾਂ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਗਿਆ। ਕੁੱਝ ਵਿਅਕਤੀਆਂ ਨੇ ਧਾਮੀ ਨੂੰ ਸਵਾਲ ਕੀਤਾ ਕਿ ਪਹਿਲਾਂ ਉਹ ਇਹ ਦੱਸਣ ਕਿ ਉਹ ਜਗਤਾਰ ਸਿੰਘ ਹਵਾਰਾ ਨੂੰ ਜਥੇਦਾਰ ਮੰਨਦੇ ਹਨ ਜਾਂ ਨਹੀਂ? ਉਨ੍ਹਾਂ ਸਵਾਲਾਂ ਦੀ ਝੜੀ ਲਗਾਉਂਦਿਆਂ ਧਾਮੀ ਤੋਂ ਬਰਗਾੜੀ ਕਾਂਡ ਅਤੇ 328 ਲਾਪਤਾ ਸਰੂਪਾਂ ਬਾਰੇ ਤਿੱਖੇ ਸਵਾਲ ਕਰਦਿਆਂ ਸਪੱਸ਼ਟੀਕਰਨ ਮੰਗਿਆ ਗਿਆ ਗਿਆ।

ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੋਰਚੇ ਵਿੱਚ ਮੰਚ ਤੋਂ ਆਪਣੇ ਵਿਚਾਰ ਸਾਂਝੇ ਕੀਤੇ। ਉਦੋਂ ਵੀ ਉਨ੍ਹਾਂ ਦਾ ਤਲਖ਼ ਵਿਰੋਧ ਹੋਇਆ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਸੰਗਤ ਵਿੱਚ ਬਹੁਤ ਗੁੱਸਾ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਉਨ੍ਹਾਂ ਦੀ ਰਿਹਾਈ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਧਾਮੀ ਨੇ ਕਿਹਾ ਕਿ ਜੇਕਰ ਮੋਰਚੇ ਦੇ ਆਗੂ ਉਨ੍ਹਾਂ ਦੀ ਕੋਈ ਜ਼ਿੰਮੇਵਾਰੀ ਲਗਾਉਣਗੇ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਮੋਰਚੇ ਵਿੱਚ ਜਥੇ ਭੇਜੇ ਜਾਣਗੇ।

ਸ੍ਰੀ ਧਾਮੀ ਨੇ ਕਿਹਾ ਕਿ ਜਿੱਥੋਂ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦੇ ਲਾਪਤਾ ਹੋਣ ਦਾ ਮੁੱਦਾ ਹੈ, ਇਸ ਸਬੰਧੀ ਪੂਰੀ ਰਿਪੋਰਟ ਵੇਰਵੇ ਸਹਿਤ ਵੈੱਬਸਾਈਟ ’ਤੇ ਅਪਲੋਡ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਸਿੱਖ ਕੌਮ ਨੂੰ ਇਕੱਠੇ ਹੋਣ ਦੀ ਲੋੜ ਹੈ ਅਤੇ ਸਾਰਿਆਂ ਨੂੰ ਰਲ-ਮਿਲ ਕੇ ਚੱਲਣਾ ਚਾਹੀਦਾ ਹੈ।