ਜੈਤੋ, 15 ਅਕਤੂਬਰ

ਚਰਚਿਤ ‘ਬਹਿਬਲ ਕਲਾਂ ਗੋਲ਼ੀ ਕਾਂਡ’ ਦੇ ਸੱਤ ਸਾਲ ਪੂਰੇ ਹੋਣ ’ਤੇ ਅੱਜ ਬਹਿਬਲ ਕਲਾਂ ਵਿੱਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਪੰਥਕ ਧਿਰਾਂ ਨੇ ਮੰਚ ਤੋਂ ਨਿਆਂ ਦੀ ਮੰਗ ਕੀਤੀ ਤਾਂ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਡੇਢ ਮਹੀਨੇ ਦਾ ਹੋਰ ਸਮਾਂ ਮੰਗਣ ’ਤੇ ਸਿੱਖ ਆਗੂਆਂ ਵੱਲੋਂ ਇਸ ਨੂੰ ਸਹਿਮਤੀ ਦੇ ਦਿੱਤੀ ਗਈ। ਇਥੇ ਪੁੱਜੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਰਕਾਰ ਇਸ ਮਾਮਲੇ ਪ੍ਰਤੀ ਸੰਜੀਦਾ ਹੋ ਕੇ ਜਾਂਚ ਏਜੰਸੀਆਂ ਨੂੰ ਸਹਿਯੋਗ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ’ਤੇ ਸਿਆਸਤ ਹੋਣ ਕਾਰਨ ਨਿਆਂ ਵਿੱਚ ਦੇਰੀ ਹੋਈ ਹੈ, ਹੁਣ ਵੱਧ ਤੋਂ ਵੱਧ ਡੇਢ ਮਹੀਨੇ ਦੇ ਅੰਦਰ ਇਨਸਾਫ਼ ਦਿੱਤਾ ਜਾਵੇਗਾ। ਉਨ੍ਹਾਂ ਇਥੋਂ ਤੱਕ ਆਖਿਆ ਕਿ ਜੇ ਨਿਆਂ ਨਹੀਂ ਹੁੰਦਾ ਤਾਂ ਫਿਰ ਸਰਕਾਰਾਂ ਤੋਂ ਕਰਾਉਣਾ ਕੀ ਹੈ? ਸਮਾਗਮ ’ਚ ਪੰਜਾਬ ਦੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਵੀ ਪਹੁੰਚੇ ਹੋਏ ਸਨ ਅਤੇ ਉਨ੍ਹਾਂ ਵੀ ਨਿਆਂ ਦੇਣ ਲਈ ਸਮਾਂ ਦੇਣ ਲਈ ਕਿਹਾ।

ਘਟਨਾ ਸਬੰਧੀ ਬਹਿਬਲ ਕਲਾਂ ਦੇ ਗੁਰਦੁਆਰਾ ਟਿੱਬੀ ਸਾਹਿਬ ਵਿੱਚ ‘ਇਨਸਾਫ਼’ ਲਈ ਹੋਈ ਅਰਦਾਸ ’ਚ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ, ‘ਵਾਰਸ ਪੰਜਾਬ ਦੇ’ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਸਿੱਖ ਆਗੂ ਅਮਰੀਕ ਸਿੰਘ ਅਜਨਾਲਾ ਸ਼ਾਮਲ ਹੋਏ ਅਤੇ ਲੋਕਾਂ ਨੂੰ ਸੰਬੋਧਨ ਕੀਤਾ।

ਗੌਰਤਲਬ ਹੈ ਕਿ 14 ਅਕਤੂਬਰ 2015 ਨੂੰ ਬਹਿਬਲ ਕਲਾਂ ਵਿੱਚ ਹੋਈ ਕਥਿਤ ਪੁਲੀਸ ਫਾਇਰਿੰਗ ਵਿੱਚ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੌਤ ਹੋ ਗਈ ਸੀ। ਇਸ ਮੌਕੇ ਗਿਆਨੀ ਕੇਵਲ ਸਿੰਘ, ਸੁਖਰਾਜ ਸਿੰਘ ਨਿਆਮੀਵਾਲਾ, ਬਲਦੇਵ ਸਿੰਘ ਸਿਰਸਾ, ਸੁਖਜੀਤ ਸਿੰਘ ਖੋਸਾ, ਐਡਵੋਕੇਟ ਹਰਪਾਲ ਸਿੰਘ ਖਾਰਾ, ਨਰਾਇਣ ਸਿੰਘ ਚੌਰਾ, ਸਤਨਾਮ ਸਿੰਘ ਖੰਡਾ, ਲੱਖਾ ਸਿਧਾਣਾ, ਡਾ. ਕੁਲਵੰਤ ਕੌਰ, ਸਤਨਾਮ ਸਿੰਘ ਚੰਦੜ, ਪ੍ਰਗਟ ਸਿੰਘ ਭੋਡੀਪੁਰਾ, ਜਸਵਿੰਦਰ ਸਿੰਘ, ਹਰਜੋਤ ਸਿੰਘ, ਬਖਸ਼ੀਸ਼ ਸਿੰਘ, ਚਮਕੌਰ ਸਿੰਘ, ਹਰਪਿੰਦਰ ਸਿੰਘ ਆਦਿ ਸਿੱਖ ਆਗੂ ਹਾਜ਼ਰ ਹੋਏ ਅਤੇ ਉਨ੍ਹਾਂ ਇਸ ਮਾਮਲੇ ਵਿੱਚ ਫੌਰੀ ਇਨਸਾਫ਼ ਦੇਣ ਦੀ ਮੰਗ ਕੀਤੀ।