ਨਵੀਂ ਦਿੱਲੀ, 3 ਮਾਰਚ

ਭਾਰਤ ਨੇ ਵੀਰਵਾਰ ਨੂੰ ਰੂਸ ਅਤੇ ਯੂਕਰੇਨ ਦੋਵਾਂ ਦੇ ਦਾਅਵਿਆਂ ਨੂੰ ਰੱਦ ਕਰ ਦਿੱਤਾ ਹੈ ਕਿ ਖਾਰਕੀਵ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਬੰਦੀ ਬਣਾਇਆ ਗਿਆ ਹੈ। ਭਾਰਤ ਨੇ ਕਿਹਾ ਕਿ ਉਸ ਨੂੰ ਕਿਸੇ ਵਿਦਿਆਰਥੀ ਨੂੰ ਬੰਦੀ ਬਣਾਉਣ ਕੋਈ ਰਿਪੋਰਟ ਨਹੀਂ ਮਿਲੀ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਯੂਕਰੇਨ ਪ੍ਰਸ਼ਾਸਨ ਨੂੰ ਤਾਕੀਦ ਕੀਤੀ ਗਈ ਹੈ ਕਿ ਉਹ ਵਿਦਿਆਰਥੀਆਂ ਨੂੰ ਖਾਰਕੀਵ ਅਤੇ ਆਸਪਾਸ ਦੇ ਇਲਾਕਿਆਂ ਤੋਂ ਦੇਸ਼ ਦੇ ਪੱਛਮੀ ਹਿੱਸੇ ਤੱਕ ਲਿਜਾਣ ਲਈ ਵਿਸ਼ੇਸ਼ ਰੇਲਗੱਡੀ ਦਾ ਪ੍ਰਬੰਧ ਕਰੇ। ਭਾਰਤ ਦੀ ਇਹ ਪ੍ਰਤੀਕਿਰਿਆ ਅਜਿਹੇ ਸਮੇਂ ‘ਚ ਆਈ ਹੈ ਜਦੋਂ ਰੂਸ ਨੇ ਦਾਅਵਾ ਕੀਤਾ ਹੈ ਕਿ ਯੂਕਰੇਨ ‘ਚ ਭਾਰਤੀ ਵਿਦਿਆਰਥੀਆਂ ਦੇ ਸਮੂਹ ਨੂੰ ਬੇਲਗੋਰੋਦ ਜਾਣ ਦੀ ਉਨ੍ਹਾਂ ਦੀ ਇੱਛਾ ਦੇ ਉਲਟ ਖਾਰਕੀਵ ‘ਚ ਜ਼ਬਰਦਸਤੀ ਬੰਦੀ ਬਣਾਇਆ ਗਿਆ ਹੈ ਤੇ ਯੂਕਰੇਨ ਦੇ ਫੌਜੀ ਉਨ੍ਹਾਂ ਨੂੰ ਮਨੁੱਖੀ ਢਾਲ ਦੇ ਰੂਪ ‘ਚ ਇਸਤੇਮਾਲ ਕਰਨਾ ਚਾਹੁੰਦੇ ਹਨ।