ਚੰਡੀਗੜ੍ਹ, 28 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸ੍ਰੀ ਮਾਨ ਨੇ ਕੇਜਰੀਵਾਲ ਨਾਲ ਅਨਮੋਲ ਰਤਨ ਸਿੱਧੂ ਵੱਲੋਂ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫਾ ਦਿੱਤੇ ਜਾਣ ਤੇ ਏਜੀ ਦਫ਼ਤਰ ’ਚ ਹੋਰ ਸਹਾਇਕਾਂ ਦੀਆਂ ਨਿਯੁਕਤੀਆਂ ਕਰਨ ਤੋਂ ਇਲਾਵਾ ਹੋਰ ਵੱਖ-ਵੱਖ ਮੁੱਦਿਆਂ ’ਤੇ ਗੱਲਬਾਤ ਕੀਤੀ।

ਸ੍ਰੀ ਮਾਨ ਲੰਘੇ ਦਿਨ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕਰਨ ਲਈ ਦਿੱਲੀ ਗਏ ਸਨ। ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਅੱਜ ਉਹ ਸ੍ਰੀ ਕੇਜਰੀਵਾਲ ਨੂੰ ਮਿਲਣ ਲਈ ਉਨ੍ਹਾਂ ਦੀ ਰਿਹਾਇਸ਼ ਵਿਖੇ ਪਹੰਚੇ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਨੇ ‘ਆਪ’ ਦੇ ਕੌਮੀ ਕਨਵੀਨਰ ਨਾਲ ਦਿੱਲੀ ਮਾਡਲ ਨੂੰ ਪੰਜਾਬ ਵਿੱਚ ਲਾਗੂ ਕਰਨ ਅਤੇ ਪਾਰਟੀ ਦੀ ਅਗਲੀ ਰਣਨੀਤੀ ਉਲੀਕਣ ਬਾਰੇ ਗੱਲਬਾਤ ਕੀਤੀ। ਇਸ ਮੌਕੇ ਪੰਜਾਬ ਤੋਂ ਰਾਜ ਸਭਾ ਮੈਂਬਰ ਚੁਣੇ ਗੲੇ ਰਾਘਵ ਚੱਢਾ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ। ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਵੱਲੋਂ ਲੰਘੀ 19 ਜੁਲਾਈ ਨੂੰ ਅਹੁਦੇ ਤੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਵਿਰੋਧੀਆਂ ਵੱਲੋਂ ਸਰਕਾਰ ਨੂੰ ਲਗਾਤਾਰ ਘੇਰਿਆ ਜਾ ਰਿਹਾ ਸੀ। ਉਸ ਤੋਂ ਬਾਅਦ ਸਰਕਾਰ ਵੱਲੋਂ ਨਵੇਂ ਐਡਵੋਕੇਟ ਜਨਰਲ ਵਜੋਂ ਵਿਨੋਦ ਘਈ ਦੇ ਨਾਮ ਦੀ ਚੋਣ ਕੀਤੀ ਗਈ। ਸ੍ਰੀ ਘਈ ਦੇ ਨਾਮ ਦੇ ਐਲਾਨ ਦੇ ਨਾਲ ਪੰਜਾਬ ਵਿੱਚ ਵੱਡਾ ਸਿਆਸੀ ਘਮਸਾਣ ਪੈਦਾ ਹੋ ਗਿਆ। ਇਸ ਸਬੰਧੀ ਸਿਆਸੀ ਆਗੂਆਂ ਦੇ ਨਾਲ-ਨਾਲ ਲੋਕਾਂ ਵੱਲੋਂ ਵੀ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਐਡਵੋਕੇਟ ਜਨਰਲ ਦਫ਼ਤਰ ਵਿੱਚ ਹੋਰ ਸਹਾਇਕਾਂ ਦੀਆਂ ਨਿਯੁਕਤੀਆਂ ਸਬੰਧੀ ਵੀ ਗੱਲਬਾਤ ਕੀਤੀ ਹੈ।