ਚੰਡੀਗੜ੍ਹ, 4 ਜੂਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦਿਨੀਂ ਜਲੰਧਰ ਵਿੱਚ ਹੋਈ ਵਿਰੋਧੀ ਧਿਰਾਂ ਦੀ ਮੀਟਿੰਗ ਸਬੰਧੀ ਬਿਨਾਂ ਕਿਸੇ ਦਾ ਨਾਮ ਲੈਂਦਿਆਂ ਸ਼ਾਇਰਾਨਾ ਅੰਦਾਜ਼ ਵਿੱਚ ਨਿਸ਼ਾਨਾ ਸੇਧਿਆ ਹੈ। ਸ੍ਰੀ ਮਾਨ ਨੇ ਟਵੀਟ ਕਰਦਿਆਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਤੇ ਹੋਰ ਪਾਰਟੀਆਂ ਦੇ ਨੂੰ ‘ਇੱਕੋ ਥਾਲੀ ਦੇ ਚੱਟੇ-ਵੱਟੇ’ ਆਖਿਆ ਹੈ। ਇਸ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਸ਼ਾਇਰਾਨਾ ਅੰਦਾਜ਼ ’ਚ ਮੁੱਖ ਮੰਤਰੀ ਦੇ ਟਵੀਟ ਦਾ ਮੋੜਵਾਂ ਜਵਾਬ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਟਵੀਟ ਕਰਦਿਆਂ ਕਿਹਾ ਕਿ ਇਕੋ ਥਾਲੀ ਦੇ ਚੱਟੇ-ਵੱਟੇ, ਇਕ ਥਾਂ ਇਕੱਠੇ ਹੋ ਗਏ ਹਨ। ਇਹ ਆਗੂ ਕਦੇ ਵੀ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਇਕੱਠੇ ਨਹੀਂ ਹੋਏ ਅਤੇ ਨਾ ਹੀ ਇਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮੁਲਜ਼ਮਾਂ ਨੂੰ ਸਜ਼ਾ ਦਿਵਾਉਣ ਲਈ ਇਕੱਠ ਕੀਤਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਸੂਬੇ ਨਾਲ ਸਬੰਧਤ ਮਸਲਿਆਂ ਲਈ ਕਦੇ ਵੀ ਹੱਥ ਨਹੀਂ ਮਿਲਾਇਆ, ਸਗੋਂ ਇਹ ਹੁਣ ਆਪਣਾ ਚੰਮ ਬਚਾਉਣ ਲਈ ਇਕੱਠੇ ਹੋਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਾਰਟੀਆਂ ਜਦੋਂ ਵੀ ਸੱਤਾ ’ਚ ਰਹੀਆਂ ਹਨ ਤਾਂ ਇਨ੍ਹਾਂ ਨੇ ਇੱਕ-ਦੂਜੇ ਦੇ ਹਿੱਤਾਂ ਦੀ ਰਾਖੀ ਕੀਤੀ ਹੈ ਪਰ ‘ਆਪ’ ਦੀ ਸਰਕਾਰ ਨੇ ਸੂਬੇ ਨੂੰ ਲੁੱਟਣ ਵਾਲਿਆਂ ਦੇ ਮਨਸੂਬਿਆਂ ਦਾ ਪਰਦਾਫ਼ਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸੱਤਾ ਤਬਦੀਲੀ ਤੋਂ ਘਬਰਾਏ ਇਨ੍ਹਾਂ ਆਗੂਆਂ ਨੇ ਵਿਚਾਰਧਾਰਕ ਵਖਰੇਵਿਆਂ ਨੂੰ ਛੱਡ ਕੇ ਸੂਬਾ ਸਰਕਾਰ ਦਾ ਵਿਰੋਧ ਕਰਨ ਲਈ ਹੱਥ ਮਿਲਾ ਲਿਆ ਹੈ। ਇਨ੍ਹਾਂ ਆਗੂਆਂ ਦਾ ਸੁਭਾਅ ਭਾਵੇਂ ਮੂਲ ਰੂਪ ਵਿੱਚ ਇਕ-ਦੂਜੇ ਤੋਂ ਵੱਖ ਹੈ ਪਰ ਇਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਦੇ ਹੱਥ ਕਿਸੇ ਨਾ ਕਿਸੇ ਤਰੀਕੇ ਨਾਲ ਪੰਜਾਬੀਆਂ ਦੇ ਖ਼ੂਨ ਨਾਲ ਰੰਗੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ’ਚੋਂ ਕੁਝ ਦੇ ਪੁਰਖਿਆਂ ਨੇ ਜੱਲ੍ਹਿਆਂਵਾਲਾ ਬਾਗ਼ ਕਤਲੇਆਮ ਮਗਰੋਂ ਜਨਰਲ ਡਾਇਰ ਨੂੰ ਖਾਣਾ ਪਰੋਸਿਆ, ਜਦਕਿ ਕੁਝ ਆਗੂਆਂ ਦੇ ਪੁਰਖਿਆਂ ਨੇ ਸਭ ਤੋਂ ਪਵਿੱਤਰ ਧਾਰਮਿਕ ਸਥਾਨਾਂ ’ਤੇ ਟੈਂਕ ਚੜ੍ਹਾਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦਾ ਪੰਜਾਬ ਦੀ ਤਰੱਕੀ, ਖ਼ੁਸ਼ਹਾਲੀ ਤੇ ਸ਼ਾਂਤੀ ਨਾਲ ਕੋਈ ਸਾਰੋਕਾਰ ਨਹੀਂ ਹੈ, ਸਗੋਂ ਉਨ੍ਹਾਂ ਦਾ ਇਕ ਨੁਕਾਤੀ ਏਜੰਡਾ ਆਪਣੇ ਹਿੱਤਾਂ ਦੀ ਰਾਖੀ ਕਰਨਾ ਹੈ। ਗੌਰਤਲਬ ਹੈ ਕਿ ਪੰਜਾਬ ਦੀਆਂ ਸਿਆਸੀ ਧਿਰਾਂ ਨੇ ਪਿਛਲੇ ਦਿਨੀਂ ਜਲੰਧਰ ’ਚ ਇਕੱਠ ਕਰ ਕੇ ਸੂਬਾ ਸਰਕਾਰ ਨੂੰ ਘੇਰਿਆ ਸੀ। ਉਸ ਇਕੱਠ ’ਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਸਣੇ ਹੋਰਨਾਂ ਸਿਆਸੀ ਧਿਰਾਂ ਦੇ ਆਗੂ ਵੀ ਸ਼ਾਮਲ ਹੋਏ ਸਨ।