ਨਵੀਂ ਦਿੱਲੀ, 24 ਅਗਸਤ

ਸੁਪਰੀਮ ਕੋਰਟ ਨੇ ਅੱਜ ਸੀਬੀਆਈ ਨੂੰ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਦੀ ਮੈਡੀਕਲ ਹਾਲਤ ਦੀ ਪੁਸ਼ਟੀ ਕਰਨ ਦੇ ਨਿਰਦੇਸ਼ ਦਿੱਤੇ। ਸੱਜਣ ਕੁਮਾਰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ ਤੇ ਮਾੜੀ ਸਿਹਤ ਦੇ ਆਧਾਰ ‘ਤੇ ਅੰਤ੍ਰਿਮ ਜ਼ਮਾਨਤ ਮੰਗ ਰਿਹਾ ਹੈ। ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਰਿਸ਼ੀਕੇਸ਼ ਰਾਏ ਦੇ ਬੈਂਚ ਨੇ ਸੱਜਣ ਕੁਮਾਰ ਦੀ ਪਟੀਸ਼ਨ ‘ਤੇ ਸੀਬੀਆਈ ਨੂੰ ਨੋਟਿਸ ਜਾਰੀ ਕੀਤਾ ਅਤੇ ਉਸ ਦੀ ਮੈਡੀਕਲ ਹਾਲਤ ਦੀ ਤਸਦੀਕ ਕਰਨ ਤੋਂ ਬਾਅਦ ਹਫ਼ਤੇ ਦੇ ਅੰਦਰ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ। ਸਾਬਕਾ ਸੰਸਦ ਮੈਂਬਰ ਦੀ ਤਰਫੋਂ ਪੇਸ਼ ਹੋਏ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਕਿਹਾ ਕਿ ਉਸ ਦੇ ਮੁਵੱਕਿਲ ਨੂੰ ਇਲਾਜ ਲਈ ਪ੍ਰਾਈਵੇਟ ਹਸਪਤਾਲ ਵਿੱਚ ਲਿਜਾਇਆ ਜਾਣਾ ਚਾਹੀਦਾ ਹੈ।