ਨਵੀਂ ਦਿੱਲੀ, 8 ਫਰਵਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਲੋਕ ਸਭਾ ਵਿਚ ਕੀਤੀਆਂ ਕੁੱਝ ਟਿੱਪਣੀਆਂ ਬਾਰੇ ਭਾਜਪਾ ਨੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਖ਼ਿਲਾਫ਼ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਦਾ ਨੋਟਿਸ ਦਿੱਤਾ ਹੈ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਇਸ ‘ਤੇ ਵਿਚਾਰ ਕਰਨ ਤੋਂ ਬਾਅਦ ਕਾਰਵਾਈ ਕਰਨ ਦੀ ਗੱਲ ਕਹੀ ਹੈ। ਮੰਗਲਵਾਰ ਨੂੰ ਸ਼ੁਰੂ ਹੋਏ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਨ ‘ਤੇ ਧੰਨਵਾਦ ਦੇ ਮਤੇ ‘ਤੇ ਚਰਚਾ ਵਿੱਚ ਹਿੱਸਾ ਲੈਣ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੀਆਂ ਕੁਝ ਟਿੱਪਣੀਆਂ ਕਾਰਨ ਭਾਜਪਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਉਨ੍ਹਾਂ ਖ਼ਿਲਾਫ਼ ਲੋਕ ਸਭਾ ਸਪੀਕਰ ਨੂੰ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਦਾ ਨੋਟਿਸ ਦਿੱਤਾ ਹੈ। ਅੱਜ ਸਦਨ ‘ਚ ਸੰਸਦੀ ਮਾਮਲਿਆਂ ਦੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਰਾਹੁਲ ਗਾਂਧੀ ਦੇ ਭਾਸ਼ਨ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਕਾਂਗਰਸ ਮੈਂਬਰ ਨੇ ਸਦਨ ਦੇ ਕੰਮਕਾਜ ਦੇ ਨਿਯਮਾਂ 353 ਅਤੇ 369 ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਨਿਯਮ 353 ਤਹਿਤ ਆਪਣੇ ਬਚਾਅ ਲਈ ਸਦਨ ਵਿੱਚ ਹਾਜ਼ਰ ਨਾ ਹੋਣ ਵਾਲੇ ਵਿਅਕਤੀ ਖ਼ਿਲਾਫ਼ ਦੋਸ਼ ਨਹੀਂ ਲਾਏ ਜਾ ਸਕਦੇ।