ਚੰਡੀਗੜ੍ਹ :ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਮਗਰੋਂ ਅੱਜ ਨਵਜੋਤ ਸਿੰਘ ਸਿੱਧੂ ਆਪਣਾ ਅਸਤੀਫਾ ਵਾਪਸ ਲੈਣ ਲਈ ਰਾਜ਼ੀ ਹੋ ਗੲੇ ਹਨ ਜਿਸ ਨਾਲ ਪਿਛਲੇ 18 ਦਿਨ ਤੋਂ ਪੰਜਾਬ ਕਾਂਗਰਸ ’ਚ ਚੱਲ ਰਿਹਾ ਰੇੜਕਾ ਅੱਜ ਖਤਮ ਹੋ ਗਿਆ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਨਵਜੋਤ ਸਿੰਘ ਸਿੱਧੂ ਨੇ ਅੱਜ ਦੇਰ ਸ਼ਾਮ ਕਰੀਬ ਸਵਾ ਅੱਠ ਵਜੇ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਆਗੂ ਰਾਹੁਲ ਗਾਂਧੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਪੰਜਾਬ ਮਾਮਲਿਆ ਦੇ ਇੰਚਾਰਜ ਹਰੀਸ਼ ਰਾਵਤ ਵੀ ਮੌਜੂਦ ਸਨ। ਕਰੀਬ ਸਵਾ ਘੰਟਾ ਚੱਲੀ ਮੀਟਿੰਗ ਵਿੱਚ ਨਵਜੋਤ ਸਿੱਧੂ ਨੇ 18 ਨੁਕਾਤੀ ਏਜੰਡੇ ਦੀ ਮਸਲਾ ਰੱਖਿਆ ਜਿਸ ’ਤੇ ਹਾਈ ਕਮਾਂਡ ਵੱਲੋਂ ਅਮਲ ਕਰਨ ਭਰੋਸਾ ਦਿਵਾਇਆ ਗਿਆ। ਮੀਟਿੰਗ ਮਗਰੋਂ ਨਵਜੋਤ ਸਿੱਧੂ ਨੇ ਸਿਰਫ ਇੰਨਾ ਹੀ ਕਿਹਾ ਕਿ ਉਨ੍ਹਾਂ ਆਪਣੇ ਸਰੋਕਾਰ ਰਾਹੁਲ ਗਾਂਧੀ ਨਾਲ ਸਾਂਝੇ ਕੀਤੇ ਹਨ ਅਤੇ ਹੁਣ ਉਹ ਸਭ ਨਜਿੱਠੇ ਗਏ ਹਨ। ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਨਵਜੋਤ ਸਿੱਧੂ ਦੇ ਸਰੋਕਾਰਾਂ ਦਾ ਖਿਆਲ ਰੱਖਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸਿੱਧੂ ਨੇ ਰਾਹੁਲ ਗਾਂਧੀ ਨੂੰ ਕਿਹਾ ਹੈ ਕਿ ਉਹ (ਸਿੱਧੂ) ਬਤੌਰ ਪ੍ਰਧਾਨ ਆਪਣੀ ਡਿਊਟੀ ਸ਼ੁਰੂ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ 28 ਸਤੰਬਰ ਨੂੰ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦਿੱਤਾ ਸੀ ਜਿਸ ਪਿੱਛੇ ਉਨ੍ਹਾਂ ਡੀਜੀਪੀ ਅਤੇ ਐਡਵੋਕੇਟ ਜਨਰਲ ਦੇ ਤਬਾਦਲਿਆਂ ਤੋਂ ਇਲਾਵਾ ਕੈਬਨਿਟ ਵਿਚ ਦਾਗੀ ਮੰਤਰੀਆਂ ਦੀ ਸ਼ਮੂਲੀਅਤ ਦਾ ਮਾਮਲਾ ਵੀ ਉਠਾਇਆ ਸੀ।