ਚੰਡੀਗੜ੍ਹ,
ਪੰਜਾਬ ’ਚੋਂ ਸਟੱਡੀ ਵੀਜ਼ਾ ’ਤੇ ਵਿਦੇਸ਼ ਜਾਣ ਦਾ ਰੁਝਾਨ ਹੁਣ ਕਾਲਜ ਖ਼ਾਲੀ ਕਰਨ ਲੱਗਾ ਹੈ। ਬਾਰ੍ਹਵੀਂ ਦੀ ਪੜ੍ਹਾਈ ਮਗਰੋਂ ਵਿਦਿਆਰਥੀ ਵਿਦੇਸ਼ਾਂ ਦਾ ਰੁਖ਼ ਕਰਨ ਲੱਗੇ ਹਨ ਜਿਸ ਕਾਰਨ ਕਾਲਜਾਂ ਤੇ ਯੂਨੀਵਰਸਿਟੀਆਂ ’ਚ ਵਿਦਿਆਰਥੀਆਂ ਦੀ ਗਿਣਤੀ ਘਟਣ ਲੱਗੀ ਹੈ। ਆਲ ਇੰਡੀਆ ਸਰਵੇ ਆਨ ਹਾਇਰ ਐਜੂਕੇਸ਼ਨ (2020-21) ਦੀ ਹਾਲ ਹੀ ਵਿੱਚ 29 ਜਨਵਰੀ ਨੂੰ ਜਾਰੀ ਰਿਪੋਰਟ ’ਚ ਇਹ ਤੱਥ ਉਭਰੇ ਹਨ। ਸਰਵੇ ਮੁਤਾਬਿਕ ਇਕੱਲੀ ਪੀਐੱਚਡੀ ਦੀ ਡਿਗਰੀ ਹੈ ਜਿਸ ’ਚ ਵਿਦਿਆਰਥੀਆਂ ਦੀ ਰੁਚੀ ਵਧੀ ਹੈ।
ਸਰਵੇ ਰਿਪੋਰਟ ਅਨੁਸਾਰ ਲੰਘੇ ਪੰਜ ਸਾਲਾਂ ਅੰਦਰ ਕਾਫ਼ੀ ਕਾਲਜ ਬੰਦ ਵੀ ਹੋ ਗਏ ਹਨ। 2020-21 ਵਿਚ ਸੂਬੇ ’ਚ 1039 ਕਾਲਜ ਸਨ ਜਦਕਿ 2016-17 ਵਿੱਚ ਇਨ੍ਹਾਂ ਕਾਲਜਾਂ ਦੀ ਗਿਣਤੀ 1068 ਸੀ। ਇਨ੍ਹਾਂ ਪੰਜ ਸਾਲਾਂ ਅੰਦਰ 29 ਕਾਲਜ ਬੰਦ ਹੋਏ ਹਨ। ਪ੍ਰਾਪਤ ਅੰਕੜਿਆਂ ਅਨੁਸਾਰ ਉਚੇਰੀ ਸਿੱਖਿਆ ਲਈ 2017-18 ’ਚ 9.59 ਲੱਖ ਵਿਦਿਆਰਥੀਆਂ ਨੇ ਦਾਖਲਾ ਲਿਆ ਸੀ ਜਦਕਿ 2020-21 ’ਚ ਇਹ ਦਾਖਲਾ ਲੈਣ ਵਾਲੇ ਵਿਦਿਆਰਥੀ 8.33 ਲੱਖ ਰਹਿ ਗਏ ਸਨ। ਇਨ੍ਹਾਂ ਚਾਰ ਸਾਲਾਂ ਅੰਦਰ ਵਿਦਿਆਰਥੀਆਂ ਦੀ ਗਿਣਤੀ ’ਚ ਸਵਾ ਲੱਖ ਦੀ ਕਮੀ ਆਈ ਹੈੈ। ਬਹੁਤੇ ਪ੍ਰੋਫੈਸ਼ਨਲ ਕੋਰਸਾਂ ਲਈ ਤਾਂ ਕਾਲਜਾਂ ਵਿੱਚ ਪੂਰੀਆਂ ਸੀਟਾਂ ਹੀ ਨਹੀਂ ਭਰ ਰਹੀਆਂ ਹਨ। ਉਕਤ ਚਾਰ ਸਾਲਾਂ ਦੌਰਾਨ ਉਚੇਰੀ ਸਿੱਖਿਆ ਲਈ 65,339 ਲੜਕੀਆਂ ਤੇ 60,862 ਮੁੰਡਿਆਂ ਦੇ ਦਾਖ਼ਲਿਆਂ ’ਚ ਕਮੀ ਆਈ ਹੈ। ਇਸੇ ਤਰ੍ਹਾਂ ਦਲਿਤ ਵਿਦਿਆਰਥੀਆਂ ਦੇ ਵੀ 40,187 ਦਾਖ਼ਲੇ ਘਟੇ ਹਨ। ਪੰਜਾਬ ਵਿਚ ਸਟੱਡੀ ਵੀਜ਼ੇ ’ਤੇ ਵਿਦੇਸ਼ ਜਾਣ ਦਾ ਰੁਝਾਨ 2016-17 ਵਿਚ ਸ਼ੁਰੂ ਹੋਇਆ ਸੀ ਤੇ ਤੇਜ਼ੀ ਨਾਲ ਵਧਿਆ। 2016 ਤੋਂ 2021 ਤੱਕ ਪੰਜਾਬ ’ਚੋਂ 2.62 ਲੱਖ ਵਿਦਿਆਰਥੀ ਸਟੱਡੀ ਵੀਜ਼ੇ ’ਤੇ ਵਿਦੇਸ਼ ਗਏ ਹਨ। ਲੰਘੇ ਪੰਜ ਸਾਲਾਂ ਦਾ ਰੁਝਾਨ ਹੈ ਕਿ ਪੰਜਾਬ ’ਚੋਂ ਰੋਜ਼ਾਨਾ ਔਸਤਨ 140 ਵਿਦਿਆਰਥੀ ਵਿਦੇਸ਼ ਪੜ੍ਹਨ ਜਾ ਰਹੇ ਹਨ। ਦੇਖਿਆ ਜਾਵੇ ਤਾਂ ਇਸ ਵੇਲੇ ਪੰਜਾਬ ਦੇ ਸਰਕਾਰੀ ਕਾਲਜਾਂ ’ਚੋਂ ਪੇਂਡੂ ਖੇਤਰ ਦੇ ਕਾਲਜ ਤਾਂ ਲਗਭਗ ਖਾਲੀ ਵਰਗੇ ਹੀ ਹਨ। ਨਵੇਂ ਕਾਲਜ ਤਾਂ ਪਿਛਲੇ ਸਮਿਆਂ ਵਿੱਚ ਖੁੱਲ੍ਹੇ ਹਨ ਪਰ ਉਨ੍ਹਾਂ ’ਚ ਨਾ ਪੜ੍ਹਾਉਣ ਵਾਲੇ ਹਨ ਅਤੇ ਨਾ ਹੀ ਪੜ੍ਹਨ ਵਾਲੇ। ਸਰਕਾਰੀ ਕਾਲਜਾਂ ਵਿੱਚ 2056 ਪ੍ਰਵਾਨਿਤ ਅਸਾਮੀਆਂ ਹਨ ਜਿਨ੍ਹਾਂ ’ਚੋਂ 650 ਅਸਾਮੀਆਂ ਖਾਲੀ ਪਈਆਂ ਹਨ। ਲੰਘੇ ਸਮਿਆਂ ਵਿੱਚ ਸਰਕਾਰਾਂ ਵੱਲੋਂ ਕਦੇ ਵੀ ਸਰਕਾਰੀ ਕਾਲਜਾਂ ਨੂੰ ਸਾਲਾਨਾ 150 ਕਰੋੜ ਤੋਂ ਵੱਧ ਗਰਾਂਟ ਨਹੀਂ ਦਿੱਤੀ ਗਈ। ਦੂਸਰੇ ਪਾਸੇ 2021-22 ਦੇ ਵਰ੍ਹੇ ਵਿਚ 64 ਸਰਕਾਰੀ ਕਾਲਜਾਂ ਨੇ ਵਿਦਿਆਰਥੀਆਂ ਤੋਂ ਬਾਕੀ ਫੰਡਾਂ ਦੇ ਰੂਪ ਵਿੱਚ 75.83 ਕਰੋੜ ਰੁਪਏ ਇਕੱਠੇ ਕੀਤੇ ਹਨ ਜਿਨ੍ਹਾਂ ’ਚੋਂ 53.33 ਕਰੋੜ ਕਾਲਜਾਂ ’ਤੇ ਖਰਚ ਕੀਤੇ ਗਏ ਹਨ। ਵਿਦਿਆਰਥੀਆਂ ਦੇ ਪੈਸੇ ’ਚੋਂ ਵੀ ਸਰਕਾਰ ਨੇ 16.50 ਕਰੋੜ ਰੁਪਏ ਬਚਾਅ ਲਏ ਹਨ। ਨਵੇਂ ਸਰਵੇ ਅਨੁਸਾਰ ਅੰਡਰ ਗਰੈਜੂਏਟ ਕੋਰਸਾਂ ਵਿੱਚ ਪੰਜ ਸਾਲਾਂ ਦੌਰਾਨ 56,466 ਦਾਖ਼ਲਿਆਂ ਦੀ ਕਮੀ ਦੇਖਣ ਨੂੰ ਮਿਲੀ ਹੈ। ਇਸੇ ਤਰ੍ਹਾਂ ਪੋਸਟ ਗਰੈਜੂਏਟ ਕੋਰਸਾਂ ਵਿਚ 56,466 ਦਾਖ਼ਲੇ ਘਟੇ ਹਨ। ਅੰਡਰ ਗਰੈਜੂਏਸ਼ਨ ਲਈ 2016-17 ਵਿਚ 6.43 ਲੱਖ ਵਿਦਿਆਰਥੀ ਦਾਖਲ ਹੋਏ ਸਨ ਜਦਕਿ 2020-21 ਵਿੱਚ ਇਹ ਗਿਣਤੀ ਘੱਟ ਕੇ 5.86 ਲੱਖ ਰਹਿ ਗਈ ਹੈ। ਵੱਡੀ ਕਮੀ ਐੱਮ.ਫਿਲ ਦੇ ਦਾਖਲਿਆਂ ਵਿੱਚ ਆਈ ਹੈ। 2020-21 ਵਿਚ ਪੀਐੱਚਡੀ ਲਈ 9566 ਵਿਦਿਆਰਥੀ ਦਾਖਲ ਹੋਏ ਸਨ ਜਦਕਿ 2016-17 ਵਿਚ ਇਹ ਗਿਣਤੀ 6843 ਵਿਦਿਆਰਥੀਆਂ ਦੀ ਸੀ।