ਚੰਡੀਗੜ੍ਹ, 29 ਦਸੰਬਰ

ਪੰਜਾਬ ਵਿਜੀਲੈਂਸ ਬਿਊਰੋ ਨੇ ਅਕਾਲੀ-ਭਾਜਪਾ ਸਰਕਾਰ ਸਮੇਂ ਸਿੰਜਾਈ ਵਿਭਾਗ ’ਚ ਹੋਏ ਕਥਿਤ ਬਹੁ-ਕਰੋੜੀ ਘਪਲੇ ਦੀ ਜਾਂਚ ਸਬੰਧੀ ਪੁੱਛ-ਪੜਤਾਲ ਕਰਨ ਲਈ ਸਾਬਕਾ ਮੰਤਰੀ ਤੇ ਅਕਾਲੀ ਆਗੂ ਜਨਮੇਜਾ ਸਿੰਘ ਸੇਖੋਂ ਨੂੰ ਤਲਬ ਕੀਤਾ ਹੈ ਜਦੋਂ ਕਿ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੂੰ ਵੀ ਜਲਦੀ ਹੀ ਸੱਦੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਵਿਜੀਲੈਂਸ ਅਧਿਕਾਰੀਆਂ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸ੍ਰੀ ਸੇਖੋਂ ਨੂੰ 30 ਦਸੰਬਰ ਨੂੰ ਵਿਜੀਲੈਂਸ ਦੇ ਜਾਂਚ ਅਧਿਕਾਰੀਆਂ ਸਾਹਮਣੇ ਪੇਸ਼ ਹੋਣ ਲਈ ਸੰਮਨ ਭੇਜੇ ਗਏ ਸਨ ਅਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਵੱਲੋਂ ਸੰਮਨ ਹਾਸਲ ਕਰ ਲਏ ਗਏ ਹਨ।

ਇਸੇ ਦੌਰਾਨ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੇ ਲੁਕਆਊਟ ਸਰਕੁਲਰ (ਐੱਲਓਸੀ) ਜਾਰੀ ਕਰਨ ’ਤੇ ਸਵਾਲ ਉਠਾਏ ਹਨ। ਉਨ੍ਹਾਂ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਵਰਿੰਦਰ ਕੁਮਾਰ ਨੂੰ ਈ-ਮੇਲ ਰਾਹੀਂ ਭੇਜੇ ਜਵਾਬ ਵਿੱਚ ਕਿਹਾ ਹੈ ਕਿ ਉਹ ਭਾਰਤ ਪਰਤ ਆਏ ਹਨ ਤੇ ਵਿਜੀਲੈਂਸ ਵੱਲੋਂ ਸੱਦੇ ਜਾਣ ’ਤੇ ਹਾਜ਼ਰ ਹੋਣਗੇ। ਉਨ੍ਹਾਂ ਕਿਹਾ ਕਿ ਉਹ ਜੂਨ ਮਹੀਨੇ ਤੋਂ ਅਮਰੀਕਾ ਵਿੱਚ ਸਨ। ਉਨ੍ਹਾਂ ਦਾਅਵਾ ਕੀਤਾ ਕਿ ਭਾਰਤ ਪਰਤਣ ਵਿੱਚ ਵਿਜੀਲੈਂਸ ਵੱਲੋਂ ਜਾਰੀ ਐੱਲਓਸੀ ਨੇ ਅੜਿੱਕਾ ਖੜ੍ਹਾ ਕੀਤਾ ਸੀ। ਜ਼ਿਕਰਯੋਗ ਹੈ ਕਿ ਸ੍ਰੀ ਕੌਸ਼ਲ ਅਤੇ ਕੇ.ਬੀ.ਐੱਸ. ਸਿੱਧੂ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ’ਚ ਸਿੰਜਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਰਹੇ ਸਨ ਜਦੋਂ ਕਿ ਕਾਹਨ ਸਿੰਘ ਪੰਨੂ ਇਸ ਵਿਭਾਗ ਦੇ ਸਕੱਤਰ ਵਜੋਂ ਸੇਵਾ ਨਿਭਾਅ ਚੁੱਕੇ ਹਨ। ਅਕਾਲੀ ਆਗੂ ਸ਼ਰਨਜੀਤ ਸਿੰਘ ਢਿੱਲੋਂ ਅਤੇ ਜਨਮੇਜਾ ਸਿੰਘ ਸੇਖੋਂ ਇਸ ਵਿਭਾਗ ਦੇ ਮੰਤਰੀ ਹੁੰਦੇ ਸਨ। ਵਿਜੀਲੈਂਸ ਵੱਲੋਂ ਇਸ ਤੋਂ ਪਹਿਲਾਂ ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਕੇ.ਬੀ.ਐਸ. ਸਿੱਧੂ, ਸਾਬਕਾ ਆਈਏਐੱਸ ਅਧਿਕਾਰੀ ਕਾਹਨ ਸਿੰਘ ਪੰਨੂ ਅਤੇ ਅਕਾਲੀ ਆਗੂ ਸ਼ਰਨਜੀਤ ਸਿੰਘ ਢਿੱਲੋਂ ਤੋਂ ਪੁੱਛਗਿੱਛ ਕੀਤੀ ਗਈ ਹੈ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਤਿੰਨੋਂ ਅਧਿਕਾਰੀਆਂ, ਦੋ ਸਾਬਕਾ ਮੰਤਰੀਆਂ ਜਨਮੇਜਾ ਸਿੰਘ ਸੇਖੋਂ ਤੇ ਸ਼ਰਨਜੀਤ ਸਿੰਘ ਢਿੱਲੋਂ ਅਤੇ ਦੋਹਾਂ ਦੇ ਨਿੱਜੀ ਸਹਾਇਕਾਂ ਕੋਲੋਂ ਪੁੱਛਗਿਛ ਮਗਰੋਂ ਸਾਰੇ ਵਿਅਕਤੀਆਂ ਦੇ ਬਿਆਨਾਂ ਅਤੇ ਦਸਤਾਵੇਜ਼ਾਂ ਨੂੰ ਘੋਖਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।