ਚੰਡੀਗੜ, 8 ਅਕਤੂਬਰ

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਵਫਦ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਕਾਂਡ ਦੇ ਪੀੜਤ ਕਿਸਾਨ ਪਰਿਵਾਰਾਂ ਤੇ ਹੋਰਨਾਂ ਨਾਲ ਮੁਲਾਕਾਤ ਕਰ ਕੇ ਦੁੱਖ ਵੰਡਾਇਆ। ਇਸ ਮੌਕੇ ਕਾਂਗਰਸ ਦੇ ਸੂਬਾ ਪ੍ਰਧਾਨ ਨੇ ਅਸ਼ੀਸ਼ ਮਿਸ਼ਰਾ ਦੀ ਗ੍ਰਿਫਤਾਰੀ ਤੱਕ ਅੱਜ ਤੋਂ ਹੀ ਘਟਨਾ ਵਾਲੇ ਖੇਤਰ ਵਿੱਚ ਭੁੱਖ ਹੜਤਾਲ ’ਤੇ ਬੈਠਣ ਦਾ ਐਲਾਨ ਕੀਤਾ ਅਤੇ ਹਿੰਸਾ ਵਿਚ ਮਰਨ ਵਾਲੇ ਪੱਤਰਕਾਰ ਦੇ ਘਰ ਦੇ ਬਾਹਰ ਮੌਨ ਧਰਨੇ ’ਤੇ ਬੈਠ ਗਏ। ਕਾਂਗਰਸ ਆਗੂ ਦੇ ਇਸ ਐਲਾਨ ਨਾਲ ਯੂਪੀ ਪ੍ਰਸ਼ਾਸਨ ਲਈ ਨਵਾਂ ਸੰਕਟ ਖੜ੍ਹਾ ਹੋ ਗਿਆ ਹੈ। ਸ੍ਰੀ ਸਿੱਧੂ ਦੇ ਨਾਲ ਪਾਰਟੀ ਦੇ ਵਰਕਿੰਗ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਘ ਅਤੇ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਵੀ ਹਨ। ਕਾਂਗਰਸੀ ਵਫ਼ਦ ਨੇ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਕੇਂਦਰੀ ਵਜ਼ਾਰਤ ਵਿੱਚੋਂ ਤੁਰੰਤ ਬਰਖਾਸਤ ਕੀਤਾ ਜਾਵੇ। ਉਨ੍ਹਾਂ ਕੇਂਦਰੀ ਮੰਤਰੀ ਦੇ ਪੁੱਤਰ ਤੇ ਇਸ ਕਾਂਡ ਲਈ ਜ਼ਿੰਮੇਵਾਰ ਅਸ਼ੀਸ਼ ਮਿਸ਼ਰਾ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਵੀ ਕੀਤੀ।

ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਸ ਕਾਂਡ ਕਰ ਕੇ ਲੋਕਾਂ ਦਾ ਸਿਸਟਮ ਤੋਂ ਭਰੋਸਾ ਉਠ ਗਿਆ ਹੈ। ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਾਲੇ ਵਫਦ ਨੇ ਮ੍ਰਿਤਕ ਲਵਪ੍ਰੀਤ ਸਿੰਘ, ਨਾਮਧਾਰਪੁਰ ਵਿਚ ਨੱਛਤਰ ਸਿੰਘ, ਵਣਜਾਰਨ ਟਾਪਾ ਵਿਚ ਦਲਜੀਤ ਸਿੰਘ, ਮੋਹਰਨੀਆ ਵਿਚ ਗੁਰਵਿੰਦਰ ਸਿੰਘ ਤੇ ਪੱਤਰਕਾਰ ਰਮਨ ਕਸ਼ਯਪ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਉਪਰੰਤ ਕਾਂਗਰਸੀ ਆਗੂ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਨਿਘਾਸਨ ਵਿਚ ਧਰਨੇ ’ਤੇ ਬੈਠ ਗਏ। ਲਖੀਮਪੁਰ ਖੀਰੀ ਹਿੰਸਾ ਦੇ ਪੀੜਤਾਂ ਨੂੰ ਮਿਲਣ ਆਏ ਸਿੱਧੂ ਨੇ ਘਟਨਾ ਵਿਚ ਮਾਰੇ ਗਏ ਪੱਤਰਕਾਰ ਰਮਨ ਕਸ਼ਿਅਪ ਦੇ ਪਰਿਵਾਰਕ ਮੈਂਬਰਾਂ ਨੂੰ ਹੌਸਲਾ ਦਿੱਤਾ ਅਤੇ ਨਿਘਾਸਨ ਸਥਿਤ ਉਸ ਦੇ ਘਰ ਸਾਹਮਣੇ ਸ਼ਾਮ 6.15 ਵਜੇ ਦੇ ਕਰੀਬ ਮੌਨ ਧਰਨੇ ’ਤੇ ਬੈਠ ਗਏ।