ਸ੍ਰੀ ਕੀਰਤਪੁਰ ਸਾਹਿਬ, 22 ਜੁਲਾਈ
ਅੱਠਵੇਂ ਗੁਰੂ ਬਾਲਾ ਪ੍ਰੀਤਮ ਸਾਹਿਬ ਗੁਰੂ ਹਰਕ੍ਰਿਸ਼ਨ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਉਨ੍ਹਾਂ ਦੇ ਜਨਮ ਅਸਥਾਨ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋਈਆਂ। ਅੱਜ ਸਵੇਰੇ ਨੌੰ ਵਜੇ ਅਖੰਡ ਪਾਠ ਸਾਹਿਬ ਦੇ ਪਾਠਾਂ ਦੇ ਭੋਗ ਪਾਉਣ ਉਪਰੰਤ ਤਖ਼ਤ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਗੁਰੂ ਚਰਨਾਂ ਵਿਚ ਅਰਦਾਸ ਕੀਤੀ ਗਈ। ਇਸ ਉਪਰੰਤ ਰਾਗੀ ਸਿੰਘਾਂ ਵੱਲੋਂ ਕੀਰਤਨ ਕੀਤਾ ਗਿਆ। ਇਸ ਤੋਂ ਬਾਅਦ ਸਮਾਗਮ ਵਿੱਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਜਿਥੇ ਸੰਗਤਾਂ ਨੂੰ ਬਾਲਾ ਪ੍ਰੀਤਮ ਸਾਹਿਬ ਗੁਰੂ ਹਰਕ੍ਰਿਸ਼ਨ ਦੇ ਪ੍ਰਕਾਸ਼ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ ਉਥੇ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਦਿੱਲੀ ਦੀ ਕੇਜਰੀਵਾਲ ਸਰਕਾਰ ’ਤੇ ਨਿਸ਼ਾਨੇ ਸਾਧੇ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਆਗੂ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਦਰਵਾਜ਼ੇ ’ਤੇ ਵਰ੍ਹਦੇ ਮੀਂਹ ਦੇ ਵਿੱਚ ਜਾ ਕੇ ਖੜ੍ਹੇ ਰਹੇ ਪਰ ਕੇਜਰੀਵਾਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਕੋਈ ਸੁਹਿਰਦਤਾ ਨਾ ਦਿਖਾਉਂਦਿਆਂ ਧਾਰਮਿਕ ਸੰਸਥਾ ਦੇ ਮੁਖੀ ਅਤੇ ਆਗੂ ਸਾਹਿਬਾਨ ਨੂੰ ਮਿਲਣ ਦਾ ਸਮਾਂ ਤੱਕ ਨਹੀਂ ਦਿੱਤਾ ਗਿਆ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਤੇ ਰਾਜਨੀਤਕ ਆਗੂਆਂ ਦੇ ਦਰਵਾਜ਼ਿਆਂ ’ਤੇ ਜਾਣ ਤੋਂ ਰੋਕਿਆ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਇਸ ਬੇਹੱਦ ਗੰਭੀਰ ਮੁੱਦੇ ’ਤੇ ਕੋਈ ਗੰਭੀਰਤਾ ਦਿਖਾਈ ਨਹੀਂ ਦੇ ਰਹੀ। ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵੀ ਸੰਗਤਾਂ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਤਿੱਖਾ ਨਿਸ਼ਾਨਾ ਸਾਧਿਆ। ਇਸ ਤੋਂ ਪਹਿਲਾਂ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸੰਗਤਾਂ ਨੂੰ ਸੰਬੋਧਨ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਤਖ਼ਤ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ, ਐਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਮਨਜਿੰਦਰ ਸਿੰਘ ਬਰਾੜ, ਜਥੇਦਾਰ ਰਾਮ ਸਿੰਘ ਭਾਰਤ ਸਮੇਤ ਵੱਡੀ ਗਿਣਤੀ ਦੇ ਵਿਚ ਸਕੂਲਾਂ-ਕਾਲਜਾਂ ਦੇ ਵਿਦਿਆਰਥੀ ਅਤੇ ਸਥਾਨਕ ਸੰਗਤ ਸ਼ਾਮਲ ਸਨ।