ਮੁਹਾਲੀ, 6 ਸਤੰਬਰ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪਹਿਲਾਂ ਦਿੱਤੀ ਅਗਾਊਂ ਜ਼ਮਾਨਤ ਦੇ ਮਾਮਲੇ ਵਿੱਚ ਅੱਜ ਨੋਟਿਸ ਜਾਰੀ ਕਰਦਿਆਂ 7 ਅਕਤੂਬਰ ਤੱਕ ਜਵਾਬ ਦਾਇਰ ਕਰਨ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਸਰਤੇਜ ਸਿੰਘ ਨਰੂਲਾ ਰਾਹੀਂ ਦਾਇਰ ਪਟੀਸ਼ਨ ਵਿੱਚ ਸਾਬਕਾ ਡੀਜੀਪੀ ਸੈਣੀ ਨੂੰ ਦਿੱਤੀ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਸੀ। ਸਰਕਾਰ ਨੇ ਆਪਣੀ ਪਟੀਸ਼ਨ ਵਿੱਚ ਸਾਬਕਾ ਡੀਜੀਪੀ ’ਤੇ ਅਦਾਲਤ ਦੇ ਹੁਕਮਾਂ ਦੀ ਸਹੀ ਤਰੀਕੇ ਨਾਲ ਪਾਲਣਾ ਨਾ ਕਰਨ ਦਾ ਦੋਸ਼ ਲਗਾਇਆ ਹੈ। ਵਿਜੀਲੈਂਸ ਬਿਊਰੋ ਵੱਲੋਂ ਸੁਮੇਧ ਸੈਣੀ ਖ਼ਿਲਾਫ਼ ਆਮਦਨ ਵਸੀਲਿਆਂ ਤੋਂ ਵੱਧ ਸੰਪਤੀ ਬਣਾਉਣ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਨੂੰ ਅਮੀਰ ਬਣਾਉਣ ਅਤੇ ਦੋਵਾਂ ਦੇ ਖਾਤਿਆਂ ਵਿੱਚ ਕਰੋੜਾਂ ਰੁਪਏ ਦੇ ਲੈਣ ਦੇਣ ਦੀ ਗੱਲ ਕਹੀ ਗਈ ਹੈ।