ਭਾਜਪਾ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਆਪਣੇ ਇੰਚਾਰਜਾਂ ਦੀ ਲਿਸਟ ਜਾਰੀ ਕੀਤੀ ਹੈ। ਇਨ੍ਹਾਂ ਵਿੱਚ ਪੰਜਾਬ ਦੀ ਜ਼ਿੰਮੇਵਾਰੀ ਸਤੀਸ਼ ਪੂਨੀਆ ਨੂੰ ਸੌਂਪੀ ਗਈ ਹੈ। ਹਾਲਾਂਕਿ, ਉਹ ਪਹਿਲਾਂ ਹੀ ਪੰਜਾਬ ਦੇ ਇੰਚਾਰਜ ਹਨ। ਹੁਣ ਉਨ੍ਹਾਂ ਨੂੰ ਹਰਿਆਣਾ ਦੇ ਇੰਚਾਰਜ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।ਹੁਣ ਉਨ੍ਹਾਂ ਦੀ ਜਗ੍ਹਾ ਸੀਨੀਅਰ ਆਗੂ ਸਮ੍ਰਿਤੀ ਈਰਾਨੀ ਹਰਿਆਣਾ ਦੀ ਜ਼ਿੰਮੇਵਾਰੀ ਸੰਭਾਲੇਗੀ।
ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਨੇ ਉੱਤਰ ਪ੍ਰਦੇਸ਼ ਦੇ ਸੀਨੀਅਰ ਨੇਤਾ ਸ੍ਰੀਕਾਂਤ ਸ਼ਰਮਾ ਨੂੰ ਇੰਚਾਰਜ ਥਾਪਿਆ ਹੈ, ਜਦੋਂ ਕਿ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੀ ਜ਼ਿੰਮੇਵਾਰੀ ਮਹੇਂਦਰ ਪਾਂਡੇ ਨੂੰ ਦਿੱਤੀ ਗਈ ਹੈ।ਪਾਰਟੀ ਨੇ ਕਈ ਸੀਨੀਅਰ ਆਗੂਆਂ ਨੂੰ ਵੱਖ-ਵੱਖ ਰਾਜਾਂ ਦੀ ਜ਼ਿੰਮੇਵਾਰੀ ਸੌਂਪੀ ਹੈ; ਖਾਸ ਤੌਰ ਉਤੇ ਕੁਝ ਆਗੂਆਂ ਨੂੰ ਇੱਕ ਤੋਂ ਵੱਧ ਰਾਜਾਂ ਦਾ ਚਾਰਜ ਦਿੱਤਾ ਗਿਆ ਹੈ। ਸਾਬਕਾ ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੂੰ ਛੱਤੀਸਗੜ੍ਹ ਅਤੇ ਹਰਿਆਣਾ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਰਾਮ ਮਾਧਵ ਨੂੰ ਉੱਤਰਾਖੰਡ ਦੇ ਨਾਲ-ਨਾਲ ਤਾਮਿਲਨਾਡੂ ਦਾ ਚਾਰਜ ਸੌਂਪਿਆ ਗਿਆ ਹੈ, ਜਦੋਂਕਿ ਸੁਨੀਲ ਬਾਂਸਲ ਨੂੰ ਪੱਛਮੀ ਬੰਗਾਲ ਅਤੇ ਤੇਲੰਗਾਨਾ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਆਈ.ਟੀ. ਸੈੱਲ ਦੇ ਸਾਬਕਾ ਕਨਵੀਨਰ ਅਮਿਤ ਮਾਲਵੀਆ ਨੂੰ ਮਹਾਰਾਸ਼ਟਰ ਲਈ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਹਰੀਸ਼ ਦਿਵੇਦੀ ਨੂੰ ਕਰਨਾਟਕ ਅਤੇ ਬਿਹਾਰ ਦਾ ਚਾਰਜ ਦਿੱਤਾ ਗਿਆ ਹੈ, ਜਦਕਿ ਸੰਗੀਤਾ ਯਾਦਵ ਅਤੇ ਰੋਹਨ ਗੁਪਤਾ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਭਾਜਪਾ ਨੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਇੰਚਾਰਜ ਨਿਯੁਕਤ ਕੀਤੇ ਹਨ।














