ਚੰਡੀਗੜ੍ਹ: ਪੰਜਾਬ ਦੇ ਪ੍ਰਾਈਵੇਟ ਸਕੂਲ ਹੁਣ ਸਾਲਾਨਾ 5% ਤੋਂ ਵੱਧ ਫੀਸਾਂ ਨਹੀਂ ਵਧਾ ਸਕਣਗੇ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਰਕਾਰੀ ਆਰਡੀਨੈਂਸ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਆਪਣੀ ਪੋਸਟ ਵਿੱਚ ਦਿੱਤੀ ਹੈ।ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ‘ਤੇ ਹੁਕਮ ਦੀ ਕਾਪੀ ਸ਼ੇਅਰ ਕਰਦਿਆਂ ਲਿਖਿਆ, “ਪੰਜਾਬ ਦੇ ਬੱਚਿਆਂ ਅਤੇ ਮਾਪਿਆਂ ਦੇ ਹਿੱਤ ਵਿੱਚ ਲਏ ਗਏ ਸਾਡੇ ਮਹੱਤਵਪੂਰਨ ਫੈਸਲੇ ਨੂੰ ਮਨਜ਼ੂਰੀ ਦੇਣ ਲਈ ਰਾਜਪਾਲ ਦਾ ਦਿਲੋਂ ਧੰਨਵਾਦ।”
ਸੀਐਮ ਭਗਵੰਤ ਮਾਨ ਨੇ ਅੱਗੇ ਲਿਖਿਆ, “ਰਾਜਪਾਲ ਨੇ ਸਾਡੀ ਸਰਕਾਰ ਦੁਆਰਾ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੀਆਂ ਫੀਸਾਂ ਵਿੱਚ ਵਾਧੇ ਨੂੰ ਰੋਕਣ ਲਈ ਪੇਸ਼ ਕੀਤੇ ਗਏ ‘ਦਿ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ, 2026’ ‘ਤੇ ਦਸਤਖਤ ਕਰ ਦਿੱਤੇ ਹਨ। ਇਸ ਆਰਡੀਨੈਂਸ ਦੇ ਲਾਗੂ ਹੋਣ ਤੋਂ ਬਾਅਦ, ਕੋਈ ਵੀ ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ 5% ਤੋਂ ਵੱਧ ਫੀਸਾਂ ਨਹੀਂ ਵਧਾ ਸਕੇਗਾ।”
ਰਾਜਪਾਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਆਰਡੀਨੈਂਸ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਸਿੱਖਿਆ ਨੂੰ ਵਪਾਰ ਬਣਾਉਣ ਵਾਲੇ ਨੈਕਸਸ ਨੂੰ ਤੋੜਿਆ ਜਾਵੇਗਾ ਅਤੇ ਮਾਪਿਆਂ ਨੂੰ ਰਾਹਤ ਦਿੱਤੀ ਜਾਵੇਗੀ। ਇਸ ਫ਼ੈਸਲੇ ਨਾਲ ਪੰਜਾਬ ਦੇ ਲਗਭਗ 7,800 ਪ੍ਰਾਈਵੇਟ ਸਕੂਲਾਂ ‘ਤੇ ਅਸਰ ਪਵੇਗਾ, ਜਦਕਿ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਦਾ ਸਿੱਧਾ ਲਾਭ ਮਿਲੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸਿੱਖਿਆ ਨੂੰ ਕਾਰੋਬਾਰ ਨਹੀਂ ਬਣਨ ਦੇਵੇਗੀ ਅਤੇ ਆਮ ਲੋਕਾਂ ਦੀਆਂ ਜੇਬਾਂ ‘ਤੇ ਵਾਧੂ ਵਿੱਤੀ ਬੋਝ ਘਟਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਪ੍ਰਾਈਵੇਟ ਸਕੂਲ ਫੀਸ ਵਾਧੇ ‘ਤੇ ਨਵੇਂ ਨਿਯਮ
ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਨਿਯਮਾਂ ਅਨੁਸਾਰ ਹੁਣ ਕੋਈ ਵੀ ਪ੍ਰਾਈਵੇਟ ਸਕੂਲ ਸਾਲਾਨਾ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕੇਗਾ। ਹਰ ਸਕੂਲ ਲਈ ਫੀਸ ਨਿਰਧਾਰਿਤ ਕਰਨ ਦੇ ਸਪੱਸ਼ਟ ਨਿਯਮ ਬਣਾਏ ਗਏ ਹਨ। ਸਾਰੇ ਪ੍ਰਾਈਵੇਟ ਸਕੂਲਾਂ ਨੂੰ ਅਗਲੇ 10 ਦਿਨਾਂ ਦੇ ਅੰਦਰ ਪਿਛਲੇ ਚਾਰ ਸਾਲਾਂ ਦੀ ਫੀਸ ਦਾ ਪੂਰਾ ਵੇਰਵਾ ਸਿੱਖਿਆ ਵਿਭਾਗ ਦੇ ਪੋਰਟਲ ‘ਤੇ ਅਪਲੋਡ ਕਰਨਾ ਲਾਜ਼ਮੀ ਹੋਵੇਗਾ।
