ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ (ਪੀਯੂ) ਵਿੱਚ ਸੈਨੇਟ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ‘ਤੇ ਅੱਜ ਵਾਈਸ ਚਾਂਸਲਰ ਪ੍ਰੋਫੈਸਰ ਰੇਣੂ ਵਿਜ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਅਤੇ ਵਿਦਿਆਰਥੀਆਂ ਵਿਚਕਾਰ ਅਹਿਮ ਮੀਟਿੰਗ ਹੋਈ। ਵਿਦਿਆਰਥੀਆਂ ਨੇ ਕਿਹਾ ਕਿ ਮੀਟਿੰਗ ਇੱਕ ਸਕਾਰਾਤਮਕ ਮਾਹੌਲ ਵਿੱਚ ਹੋਈ। ਪੀਯੂ ਮੈਨੇਜਮੈਂਟ ਨੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਚੋਣਾਂ ਦਾ ਸ਼ਡਿਊਲ ਇਕ-ਦੋ ਦਿਨਾਂ ‘ਚ ਜਾਰੀ ਕਰ ਦਿੱਤਾ ਜਾਵੇਗਾ।
ਵਿਦਿਆਰਥੀ ਜਥੇਬੰਦੀਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਵਿਰੋਧ ਪ੍ਰਦਰਸ਼ਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਚੋਣ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਅਸੀਂ ਆਪਣੀਆਂ ਮੰਗਾਂ ਵੀ. ਸੀ. ਅੱਗੇ ਰੱਖੀਆਂ ਹਨ ਅਤੇ ਉਨ੍ਹਾਂ ਨੇ ਸਾਨੂੰ ਭਰੋਸਾ ਦਿਵਾਇਆ ਹੈ ਕਿ ਸੈਨੇਟ ਚੋਣਾਂ ਦਾ ਸ਼ਡਿਊਲ ਜਲਦੀ ਜਾਰੀ ਕੀਤਾ ਜਾਵੇਗਾ। ਵੀ. ਸੀ. ਨੇ ਭਰੋਸਾ ਦਿਵਾਇਆ ਹੈ ਕਿ ਚੋਣਾਂ ਦਾ ਸ਼ਡਿਊਲ ਜਲਦ ਜਾਰੀ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਵਿਦਿਆਰਥੀ ਜੱਥੇਬੰਦੀਆਂ ਦਾ ਕਹਿਣਾ ਸੀ ਕਿ ਹਾਲ ਹੀ ‘ਚ ਵਿਦਿਆਰਥੀਆਂ ‘ਤੇ ਦਾਇਰ ਕੀਤੇ ਕੇਸਾਂ ਨੂੰ ਖਾਰਜ ਕੀਤਾ ਜਾਣਾ ਚਾਹੀਦਾ ਹੈ ਅਤੇ ਚੋਣਾਂ ਹੋਣ ਤੱਕ ਅਦਾਲਤੀ ਕੇਸ ਵਾਪਸ ਲਏ ਜਾਣੇ ਚਾਹੀਦੇ ਹਨ। ਵਿਦਿਆਰਥੀਆਂ ਵਲੋਂ ਲਿਖ਼ਤੀ ਰੂਪ ‘ਚ ਚੋਣਾਂ ਦਾ ਸ਼ਡਿਊਲ ਜਾਰੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਪੰਜਾਬ ਯੂਨੀਵਰਸਿਟੀ ਨੇ ਇਸ ਸਾਲ ਦਾਖਲਿਆਂ ਲਈ ਹਲਫ਼ਨਾਮਾ ਜਮ੍ਹਾ ਕਰਵਾਉਣ ਦੀ ਸ਼ਰਤ ਰੱਖੀ ਸੀ, ਜਿਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਵਿਰੋਧ ਸ਼ੁਰੂ ਹੋ ਗਿਆ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ 28 ਅਕਤੂਬਰ ਨੂੰ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ। ਜਿਸ ਦੇ ਵਿਰੋਧ ‘ਚ ਸੋਮਵਾਰ, 10 ਨਵੰਬਰ ਤੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਬਚਾਓ ਮੋਰਚਾ ਨੇ ਪੰਜਾਬ ਦੀਆਂ ਸੰਸਥਾਵਾਂ ਨਾਲ ਮਿਲ ਕੇ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ।














