ਪੰਜਾਬ ‘ਚ ‘ਫਸਲ ਬੀਮਾ ਯੋਜਨਾ’ ਲਾਗੂ ਕਰਨ ਦੀ ਕੀਤੀ ਮੰਗ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਬਾਰੇ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਕਿਸਾਨ ਬੇਮੌਸਮੀ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਆਪਣੀ ਤਬਾਹ ਹੋਈ ਫਸਲ ਨੂੰ ਵੇਖ ਕੇ ਦੁੱਖ ਦੇ ਹੰਝੂ ਵਹਾ ਰਿਹਾ ਹੈ। ਜਾਖੜ ਨੇ ਕਿਹਾ ਹੈ ਕਿ ਜੇਕਰ ਸੂਬੇ ਵਿੱਚ ‘ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ’ ਹੁੰਦੀ ਤਾਂ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਤੁਰੰਤ ਹੋ ਜਾਣੀ ਸੀ।
ਜਾਖੜ ਨੇ ਮੁੱਖ ਮੰਤਰੀ ਨੂੰ ਲਿਖਿਆ ਹੈ ਕਿ 13 ਅਪ੍ਰੈਲ ਨੂੰ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਨੂੰ ਲਾਗੂ ਕਰਨ ਦਾ ਮਤਾ ਲਿਆਂਦਾ ਜਾਵੇ ਤਾਂ ਜੋ ਇਸ ਨੂੰ ਸੂਬੇ ਵਿੱਚ ਲਾਗੂ ਕੀਤਾ ਜਾ ਸਕੇ। ਜਾਖੜ ਨੇ ਲਿਖਿਆ ਹੈ ਕਿ ਇਸ ਨਾਲ ਕਿਸਾਨਾਂ ਨੂੰ ਫਾਇਦਾ ਹੋਵੇਗਾ। ਜਾਖੜ ਨੇ ਅੱਗੇ ਲਿਖਿਆ ਕਿ 2023 ਅਤੇ 2025 ਵਿੱਚ ਪੰਜਾਬ ਦੇ ਕਿਸਾਨਾਂ ਨੂੰ ਹੜ੍ਹਾਂ ਕਾਰਨ ਭਾਰੀ ਨੁਕਸਾਨ ਝੱਲਣਾ ਪਿਆ। ਹਰ ਸਾਲ ਗੜੇਮਾਰੀ ਅਤੇ ਮੌਸਮ ਕਾਰਨ ਫ਼ਸਲਾਂ ਦਾ ਨੁਕਸਾਨ ਹੁੰਦਾ ਹੈ। ਅਜਿਹੀ ਸਥਿਤੀ ਵਿੱਚ ਫ਼ਸਲ ਬੀਮਾ ਯੋਜਨਾ ਬਹੁਤ ਜ਼ਰੂਰੀ ਹੈ।
ਜਾਖੜ ਨੇ ਕਿਹਾ ਕਿ ਤੁਸੀਂ 26 ਮਾਰਚ 2023 ਨੂੰ ਕਿਹਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕੇਂਦਰ ਦੀ ਫ਼ਸਲ ਬੀਮਾ ਯੋਜਨਾ ਦੀ ਥਾਂ ਆਪਣੀ ਫ਼ਸਲ ਬੀਮਾ ਯੋਜਨਾ ਲੈ ਕੇ ਆ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਕੇਂਦਰ ਦੀ ਬੀਮਾ ਯੋਜਨਾ ਨੂੰ ਲਾਗੂ ਨਹੀਂ ਕਰਨਾ ਚਾਹੁੰਦੀ, ਤਾਂ ਆਪਣੀ ਹੀ ਬੀਮਾ ਯੋਜਨਾ ਲੈ ਆਓ ਤਾਂ ਜੋ ਕਿਸਾਨਾਂ ਨੂੰ ਇਨ੍ਹਾਂ ਕੁਦਰਤੀ ਆਫ਼ਤਾਂ ਕਾਰਨ ਹੋਣ ਵਾਲੇ ਨੁਕਸਾਨ ਦਾ ਮੁਆਵਜ਼ਾ ਮਿਲ ਸਕੇ।