ਚੰਡੀਗੜ੍ਹ: ਪੰਜਾਬ ਸਰਕਾਰ ਨੇ ਪਠਾਨਕੋਟ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਵੱਲ ਵੱਡਾ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ‘ਰਣਜੀਤ ਸਾਗਰ ਡਿਵੈਲਪਮੈਂਟ ਅਥਾਰਟੀ’ ਦੇ ਗਠਨ ਨੂੰ ਮਨਜ਼ੂਰੀ ਦਿੱਤੀ ਗਈ। ਸਰਕਾਰ ਮੁਤਾਬਕ ਇਸ ਅਥਾਰਟੀ ਰਾਹੀਂ ਪਠਾਨਕੋਟ ਖੇਤਰ ਦੇ ਸੈਰ-ਸਪਾਟਾ ਸਥਾਨਾਂ ਦਾ ਏਕੀਕ੍ਰਿਤ ਵਿਕਾਸ ਅਤੇ ਬਿਹਤਰ ਪ੍ਰਬੰਧਨ ਕੀਤਾ ਜਾਵੇਗਾ।

ਮੁੱਖ ਮੰਤਰੀ ਦਫ਼ਤਰ ਅਨੁਸਾਰ ਅਥਾਰਟੀ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਪ੍ਰਸ਼ਾਸਕੀ ਕੰਟਰੋਲ ਹੇਠ ਇੱਕ ਵਿਧਾਨਕ ਸੰਸਥਾ ਵਜੋਂ ਕੰਮ ਕਰੇਗੀ। ਇਸ ਨੂੰ ਜ਼ਮੀਨ ਪ੍ਰਬੰਧਨ, ਵਿਕਾਸ ਪ੍ਰਾਜੈਕਟ ਲਾਗੂ ਕਰਨ ਅਤੇ ਸੈਰ-ਸਪਾਟਾ ਸਥਾਨਾਂ ਦੇ ਪ੍ਰਬੰਧਨ ਲਈ ਪ੍ਰਸ਼ਾਸਕੀ, ਵਿੱਤੀ ਅਤੇ ਰੈਗੂਲੇਟਰੀ ਸ਼ਕਤੀਆਂ ਦਿੱਤੀਆਂ ਜਾਣਗੀਆਂ।

ਮੁਲਾਜ਼ਮਾਂ ਨਾਲ ਜੁੜੇ ਕਈ ਅਹਿਮ ਫੈਸਲੇ

ਕੈਬਨਿਟ ਨੇ ਪੰਜਾਬ ਇਨਫਰਮੇਸ਼ਨ ਐਂਡ ਕਮਿਊਨੀਕੇਸ਼ਨ ਟੈਕਨਾਲੋਜੀ ਐਜੂਕੇਸ਼ਨ ਸੁਸਾਇਟੀ (ਪਿਕਟਸ) ਅਧੀਨ ਕੰਮ ਕਰ ਰਹੇ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਰੈਗੂਲਰ ਕਰਨ ਨੂੰ ਵੀ ਹਰੀ ਝੰਡੀ ਦਿੱਤੀ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਸੁਸਾਇਟੀ ਅਧੀਨ ਲਿਆਂਦਾ ਜਾਵੇਗਾ।

ਇਸ ਤੋਂ ਇਲਾਵਾ ਕਰੀਬ 1400 ਨਰਸਿੰਗ ਸਟਾਫ਼ ਲਈ ਨਵੇਂ ਸੇਵਾ ਨਿਯਮਾਂ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਸਰਕਾਰੀ ਨਰਸਿੰਗ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ ਵਿੱਚ ਟਿਊਟਰਾਂ ਦੀਆਂ ਅਸਾਮੀਆਂ ਤਰੱਕੀ ਰਾਹੀਂ ਭਰਨ ਲਈ ਨਰਸਿੰਗ ਸੇਵਾ ਨਿਯਮਾਂ ਵਿੱਚ ਸੋਧ ਨੂੰ ਵੀ ਮਨਜ਼ੂਰ ਕੀਤਾ ਗਿਆ ਹੈ। ਯੋਗ ਸਟਾਫ਼ ਨਰਸਾਂ ਅਤੇ ਨਰਸਿੰਗ ਸਿਸਟਰਾਂ ਵਿੱਚੋਂ ਉਮੀਦਵਾਰ ਚੁਣੇ ਜਾਣਗੇ। ਇਸ ਲਈ ਐੱਮਐੱਸਸੀ ਨਰਸਿੰਗ ਦੀ ਡਿਗਰੀ ਲਾਜ਼ਮੀ ਹੋਵੇਗੀ, ਜਦਕਿ ਨਰਸਿੰਗ ਸਿੱਖਿਆ ਵਿੱਚ ਇੱਕ ਸਾਲ ਦਾ ਅਧਿਆਪਨ ਤਜਰਬਾ ਰੱਖਣ ਵਾਲਿਆਂ ਨੂੰ ਤਰਜੀਹ ਦਿੱਤੀ ਜਾਵੇਗੀ।

ਚੋਣ ਵਿਭਾਗ ਲਈ ਨਵੀਆਂ ਅਸਾਮੀਆਂ

ਕੈਬਨਿਟ ਨੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿੱਚ ਡਰਾਈਵਰਾਂ ਦੀਆਂ ਨਵੀਆਂ ਅਸਾਮੀਆਂ ਸਿਰਜਣ ਨੂੰ ਵੀ ਮਨਜ਼ੂਰੀ ਦਿੱਤੀ ਹੈ। ਸਰਕਾਰ ਮੁਤਾਬਕ ਇਸ ਨਾਲ ਦਫ਼ਤਰ ਦਾ ਕੰਮਕਾਜ ਹੋਰ ਸੁਚਾਰੂ ਹੋਵੇਗਾ।

ਰਣਜੀਤ ਸਾਗਰ ਡਿਵੈਲਪਮੈਂਟ ਅਥਾਰਟੀ ਦੇ ਚੇਅਰਮੈਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਣਗੇ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਵਾਈਸ-ਚੇਅਰਮੈਨ ਹੋਣਗੇ। ਮੁੱਖ ਸਕੱਤਰ ਦੀ ਅਗਵਾਈ ਹੇਠ ਕਾਰਜਕਾਰੀ ਕਮੇਟੀ ਅਥਾਰਟੀ ਦੇ ਰੋਜ਼ਾਨਾ ਕੰਮ ਅਤੇ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਦੀ ਦੇਖ-ਰੇਖ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਅਤੇ ਸੂਬੇ ਦੇ ਵਿਕਾਸ ਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ।