ਚੰਡੀਗੜ੍ਹ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਖੁਸ਼ਬਾਜ਼ ਸਿੰਘ ਜਟਾਣਾ, ਜਿਨ੍ਹਾਂ ਨੇ ਤਲਵੰਡੀ ਸਾਬੋ ਤੋਂ ਦੋ ਵਾਰ ਪੰਜਾਬ ਵਿਧਾਨ ਸਭਾ ਚੋਣ ਲੜੀ ਸੀ, ਦੀ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਇਸ ਹਾਦਸੇ ‘ਚ ਉਨ੍ਹਾਂ ਦੇ ਡਰਾਈਵਰ ਪਰਵਿੰਦਰ ਸਿੰਘ ਦੀ ਵੀ ਜਾਨ ਚਲੀ ਗਈ। ਉਨ੍ਹਾਂ ਦੇ ਨਾਲ ਮੌਜੂਦ ਇੱਕ ਸੁਰੱਖਿਆ ਕਰਮੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ , ਜੋ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਖੁਸ਼ਬਾਜ਼ ਜਟਾਣਾ ਦਿੱਲੀ ਤੋਂ ਪੰਜਾਬ ਪਰਤ ਰਹੇ ਸਨ। ਉਨ੍ਹਾਂ ਦੀ ਡਿਫੈਂਡਰ ਕਾਰ ਦਾ ਟਾਇਰ ਪੰਕਚਰ ਹੋ ਜਾਣ ਕਾਰਨ ਉਹ ਸੜਕ ਕਿਨਾਰੇ ਰੁਕ ਗਏ ਸਨ ਅਤੇ ਟਾਇਰ ਬਦਲਣ ਤੋਂ ਬਾਅਦ ਪੰਕਚਰ ਲਗਵਾਉਣ ਦੀ ਤਿਆਰੀ ਕਰ ਰਹੇ ਸਨ। ਉਦੋਂ ਹੀ ਤੇਜ਼ ਰਫ਼ਤਾਰ ਨਾਲ ਆ ਰਹੇ ਇੱਕ ਟਰੱਕ ਨੇ ਉਨ੍ਹਾਂ ਦੀ ਖੜ੍ਹੀ ਕਾਰ ਵਿੱਚ ਪਿੱਛੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿੱਚ ਖੁਸ਼ਬਾਜ਼ ਜਟਾਣਾ ਅਤੇ ਉਨ੍ਹਾਂ ਦੇ ਡਰਾਈਵਰ ਪਰਮਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਨ੍ਹਾਂ ਦੇ ਗੰਨਮੈਨ ਪੰਜਾਬ ਪੁਲਿਸ ਦੇ ਸਿਪਾਹੀ ਕਰਨਦੀਪ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਦੇਰ ਰਾਤ ਸੋਨੀਪਤ ਦੇ ਸਿਵਲ ਹਸਪਤਾਲ ਵਿੱਚ ਦੋਵਾਂ ਦੇਹਾਂ ਦਾ ਪੋਸਟਮਾਰਟਮ ਕੀਤਾ ਗਿਆ। ਸੀ.ਐਮ.ਓ. ਡਾ. ਜਯੋਤਸਨਾ ਅਤੇ ਡਾਕਟਰਾਂ ਦੀ ਟੀਮ ਮੌਕੇ ‘ਤੇ ਮੌਜੂਦ ਰਹੀ। ਇਸ ਦੌਰਾਨ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਰਹੇ। ਸੋਨੀਪਤ ਦੀ ਪੁਲਿਸ ਕਮਿਸ਼ਨਰ ਮਮਤਾ ਸਿੰਘ ਨੇ ਵੀ ਸਿਵਲ ਹਸਪਤਾਲ ਪਹੁੰਚ ਕੇ ਮਾਮਲੇ ਦੀ ਜਾਣਕਾਰੀ ਲਈ।
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖੁਸ਼ਬਾਜ਼ ਸਿੰਘ ਜਟਾਣਾ ਦੀ ਮੌਤ ਦੇ ਦੁੱਖ ਜਤਾਇਆ ਹੈ ਉਨ੍ਹਾਂ ਕਿਹਾ ਕਿ “ਤਲਵੰਡੀ ਸਾਬੋ ਤੋਂ ਸਾਡੇ ਜੁਝਾਰੂ ਨੌਜਵਾਨ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਸ. ਖੁਸ਼ਬਾਜ ਸਿੰਘ ਜਟਾਣਾ ਜੀ ਦੀ ਸੜਕ ਹਾਦਸੇ ਵਿੱਚ ਅਕਾਲ ਚਲਾਣਾ ਕਰ ਜਾਣ ਦੀ ਦੁਖਦਾਈ ਖ਼ਬਰ ਨੇ ਦਿਲ ਨੂੰ ਗਹਿਰਾ ਝਟਕਾ ਦਿੱਤਾ ਹੈ। ਉਹ ਬਹੁਤ ਹੀ ਨੇਕਦਿਲ, ਮਿਹਨਤੀ ਅਤੇ ਸਮਰਪਿਤ ਵਿਅਕਤੀ ਸਨ, ਜਿਨ੍ਹਾਂ ਨੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਅਮੁੱਲ ਯੋਗਦਾਨ ਪਾਇਆ। ਉਹਨਾਂ ਦੀ ਕਮੀ ਕਦੇ ਪੂਰੀ ਨਹੀਂ ਹੋ ਸਕਦੀ ਅਤੇ ਉਹਨਾਂ ਦੀ ਸੇਵਾ ਸਦਾ ਯਾਦ ਰਹੇਗੀ। ਇਸ ਦੁੱਖ ਦੀ ਘੜੀ ਵਿੱਚ ਮੇਰੀਆਂ ਦਿਲੀ ਸੰਵੇਦਨਾਵਾਂ ਪਰਿਵਾਰ ਅਤੇ ਸਨੇਹੀਆਂ ਨਾਲ ਹਨ। ਵਾਹਿਗੁਰੂ ਜੀ ਅੱਗੇ ਅਰਦਾਸ ਹੈ ਕਿ ਉਹਨਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਿਸ਼ ਕਰਨ ਅਤੇ ਪਰਿਵਾਰ ਨੂੰ ਇਹ ਵੱਡਾ ਦੁੱਖ ਸਹਿਣ ਦੀ ਤਾਕਤ ਦੇਣ।”














