ਧੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਅਜਿਹੀ ਸਰਕਾਰ ਆਈ ਹੈ, ਜੋ ਦਿਨ-ਰਾਤ ਲੋਕਾਂ ਲਈ ਕੰਮ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲਾਂ ਦੇ ਕੰਮਾਂ ਨੇ ਉਨ੍ਹਾਂ ਦੀ ਸਰਕਾਰ ਦਾ ਲੋਕਾਂ ਵਿੱਚ ਵਿਸ਼ਵਾਸ ਬਣਾਇਆ ਹੈ। ਕਿਸਾਨਾਂ ਲਈ ਦਿਨ ਵੇਲੇ ਬਿਜਲੀ ਅਤੇ ਨਹਿਰੀ ਪਾਣੀ, ਸਰਕਾਰੀ ਸਕੀਮਾਂ ਰਾਹੀਂ ਹਰ ਪਰਿਵਾਰ ਲਈ 15,000 ਰੁਪਏ ਦੀ ਮਹੀਨਾਵਾਰ ਬੱਚਤ ਅਤੇ ਝੋਨੇ ਦੀ ਖਰੀਦ ਦੀ ਤੁਰੰਤ ਅਦਾਇਗੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਰਿਕਾਰਡ ਆਪਣੇ-ਆਪ ਬੋਲਦਾ ਹੈ। ਭਾਜਪਾ ਅਤੇ ਹੋਰ ਵਿਰੋਧੀਆਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਅਕਸ ਖਰਾਬ ਕਰਨ ਦੀਆਂ ਘਟੀਆ ਕੋਸ਼ਿਸ਼ਾਂ ਅਤੇ ਉਨ੍ਹਾਂ ਦੀ ਇਮਾਨਦਾਰੀ ਨੂੰ ਢਾਹ ਲਾਉਣ ਦੀਆਂ ਕੋਝੀਆਂ ਚਾਲਾਂ ਨਾਕਾਮ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਦਫ਼ਤਰ ‘ਤੇ ਛਾਪੇਮਾਰੀ ਤੋਂ ਬਾਅਦ ਸੀ.ਬੀ.ਆਈ. ਖਾਲੀ ਹੱਥ ਪਰਤੀ ਸੀ। ਉਨ੍ਹਾਂ ਦੁਹਰਾਇਆ ਕਿ ਉਨ੍ਹਾਂ ਦੇ ਦਰਵਾਜ਼ੇ ਪੰਜਾਬ ਦੇ ਲੋਕਾਂ ਲਈ ਹਮੇਸ਼ਾ ਖੁੱਲ੍ਹੇ ਰਹਿਣਗੇ।
‘ਐਕਸ’ ‘ਤੇ ਵਿਚਾਂਰ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ: “ਅੱਜ ਮੈਂ ਧੂਰੀ ਹਲਕੇ ਦੇ ਇਨਕਲਾਬੀ ਪਿੰਡ ਮੀਮਸਾ ਵਿਖੇ ਪਿੰਡ ਦੇ ਇਕੱਠ ਵਿੱਚ ਆਪਣੇ ਲੋਕਾਂ ਨਾਲ ਆਪਣੇ ਵਿਚਾਰ ਅਤੇ ਦਿਲ ਦੀਆਂ ਗੱਲਾਂ ਸਾਂਝੀਆਂ ਕੀਤੀਆਂ। ਤੁਹਾਡੇ ਨਿੱਘੇ ਪਿਆਰ ਅਤੇ ਸਹਿਯੋਗ ਸਦਕਾ ਹੀ ਧੂਰੀ ਅੱਜ ਪੰਜਾਬ ਦੀ ਸਿਆਸਤ ਦਾ ‘ਧੁਰਾ’ ਬਣ ਗਿਆ ਹੈ। ਪਿਛਲੀਆਂ ਸਰਕਾਰਾਂ ਦੇ ਖੋਖਲੇ ਦਾਅਵਿਆਂ ਦੇ ਉਲਟ ਅਸੀਂ ਜ਼ਮੀਨੀ ਪੱਧਰ ‘ਤੇ ਵੱਡੇ ਕੰਮ ਕੀਤੇ ਹਨ। ਕਿਸਾਨਾਂ ਲਈ ਦਿਨ ਵੇਲੇ ਬਿਜਲੀ, ਸਿੰਚਾਈ ਰਾਹੀਂ 88 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ, 70,685 ਸਰਕਾਰੀ ਨੌਕਰੀਆਂ, ਮੁਫ਼ਤ ਸਿਹਤ ਸੰਭਾਲ ਅਤੇ ਜ਼ੀਰੋ ਬਿਜਲੀ ਬਿੱਲਾਂ ਨਾਲ ਹਰ ਪਰਿਵਾਰ ਨੂੰ ਸਾਲਾਨਾ 1.82 ਲੱਖ ਰੁਪਏ ਦਾ ਲਾਭ ਹੋ ਰਿਹਾ ਹੈ। ‘ਮਾਵਾਂ ਧੀਆ ਸਤਿਕਾਰ ਯੋਜਨਾ’ ਰਾਹੀਂ ਮਾਵਾਂ-ਭੈਣਾਂ ਨੂੰ ਦਿੱਤੀ ਜਾ ਰਹੀ ਮਹੀਨਾਵਾਰ ਵਿੱਤੀ ਸਹਾਇਤਾ ਉਨ੍ਹਾਂ ਦੇ ਬਣਦੇ ਮਾਣ-ਸਤਿਕਾਰ ਦੀ ਪਛਾਣ ਹੈ। ਤੁਹਾਡੇ ਆਸ਼ੀਰਵਾਦ ਨਾਲ ਅਸੀਂ ਵਾਹਿਗੁਰੂ ਵੱਲੋਂ ਸੌਂਪੀ ਗਈ ਲੋਕ ਸੇਵਾ ਦੀ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਂਦੇ ਰਹਾਂਗੇ। ਇਨਕਲਾਬ ਜ਼ਿੰਦਾਬਾਦ।”
‘ਲੋਕ ਮਿਲਣੀ’ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਲੋਕਾਂ ਨੇ ਵਾਅਦੇ ਕਰਨ ਵਾਲੀਆਂ ਸਰਕਾਰਾਂ ਅਤੇ ਨਤੀਜੇ ਦੇਣ ਵਾਲੀ ਸਰਕਾਰ ਵਿਚਕਾਰ ਫਰਕ ਦੇਖਿਆ ਹੈ। ਅਸੀਂ ਪਿਛਲੇ ਸਾਢੇ ਚਾਰ ਸਾਲਾਂ ਦੇ ਆਪਣੇ ਕੰਮਾਂ ਰਾਹੀਂ ਉਨ੍ਹਾਂ ਦਾ ਵਿਸ਼ਵਾਸ ਜਿੱਤਿਆ ਹੈ। ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਲੋਕਾਂ ਦਾ ਹੈ ਅਤੇ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਵਿਕਾਸ, ਬਿਹਤਰ ਜਨਤਕ ਸੇਵਾਵਾਂ ਅਤੇ ਲੋਕ ਭਲਾਈ ਦੀਆਂ ਪਹਿਲਕਦਮੀਆਂ ਰਾਹੀਂ ਉਨ੍ਹਾਂ ਦਾ ਪੈਸਾ ਉਨ੍ਹਾਂ ਤੱਕ ਵਾਪਸ ਪਹੁੰਚੇ।”
ਮੁੱਖ ਮੰਤਰੀ ਨੇ ਕਿਹਾ, “ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਲੋਕਾਂ ਦਾ ਹੈ ਅਤੇ ਅਸੀਂ ਉਨ੍ਹਾਂ ਦੀ ਭਲਾਈ ‘ਤੇ ਸਮਝਦਾਰੀ ਨਾਲ ਪੈਸਾ ਖਰਚ ਕਰ ਰਹੇ ਹਾਂ। ਲੋਕਾਂ ਦਾ ਪੈਸਾ ਸੂਬੇ ਦੇ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਉਨ੍ਹਾਂ ਕੋਲ ਵਾਪਸ ਆ ਰਿਹਾ ਹੈ। 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਪੰਜਾਬ ਦੇ ਇਤਿਹਾਸ ਵਿੱਚ ਪਹਿਲਾਂ ਕਦੇ ਨਹੀਂ ਹੋਇਆ।”
ਉਨ੍ਹਾਂ ਕਿਹਾ, “ਸਾਡੀ ਸਰਕਾਰ ਲੋਕਾਂ ਲਈ ਕੰਮ ਕਰ ਰਹੀ ਹੈ। ਅਸੀਂ ਬਿਨਾਂ ਭ੍ਰਿਸ਼ਟਾਚਾਰ ਦੇ 70,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਸੜਕਾਂ ਵਿੱਚ ਸੁਧਾਰ ਕੀਤਾ ਹੈ, ਸਕੂਲਾਂ ਅਤੇ ਹਸਪਤਾਲਾਂ ਨੂੰ ਮਜ਼ਬੂਤ ਕੀਤਾ ਹੈ, ਅਤੇ ਟੋਲ ਪਲਾਜ਼ੇ ਬੰਦ ਕੀਤੇ ਹਨ ਤਾਂ ਜੋ ਰਾਹਗੀਰਾਂ ਦੇ ਰੋਜ਼ਾਨਾ 70 ਲੱਖ ਰੁਪਏ ਬਚਾਏ ਜਾ ਸਕਣ, ਜੋ ਪਹਿਲਾਂ ਬਿਨਾਂ ਵਜ੍ਹਾ ਖਰਚ ਹੁੰਦੇ ਸਨ। ਅਸੀਂ ਪਿੰਡਾਂ ਦਾ ਵਿਕਾਸ ਵੀ ਕਰ ਰਹੇ ਹਾਂ ਅਤੇ ਖੇਡ ਸਟੇਡੀਅਮ ਬਣਾ ਰਹੇ ਹਾਂ ਤਾਂ ਜੋ ਸਾਡੇ ਨੌਜਵਾਨ ਖੇਡਾਂ ‘ਤੇ ਧਿਆਨ ਕੇਂਦਰਿਤ ਕਰ ਸਕਣ ਅਤੇ ਬਿਹਤਰ ਭਵਿੱਖ ਬਣਾ ਸਕਣ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਿਹਤ ਸੰਭਾਲ ਹਰ ਪਰਿਵਾਰ ਦੀ ਪਹੁੰਚ ਵਿੱਚ ਹੋਣੀ ਚਾਹੀਦੀ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਅਸੀਂ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾ ਰਹੇ ਹਾਂ। ਇਸ ਪਹਿਲਕਦਮੀ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਲੋਕ ਹਸਪਤਾਲ ਦੇ ਬਿੱਲਾਂ ਦੀ ਚਿੰਤਾ ਕੀਤੇ ਬਿਨਾਂ ਮਿਆਰੀ ਡਾਕਟਰੀ ਇਲਾਜ ਪ੍ਰਾਪਤ ਕਰ ਸਕਣ।”
‘ਮਾਵਾਂ ਧੀਆ ਸਤਿਕਾਰ ਯੋਜਨਾ’ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ 18 ਸਾਲ ਅਤੇ ਉਸ ਤੋਂ ਵੱਧ ਉਮਰ ਦੀਆਂ ਯੋਗ ਔਰਤਾਂ ਨੂੰ 1 ਜੁਲਾਈ ਤੋਂ ਹਰ ਮਹੀਨੇ 1,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਦੀ ਵਿੱਤੀ ਸਹਾਇਤਾ ਮਿਲ ਰਹੀ ਹੈ। ਮੁੱਖ ਮੰਤਰੀ ਨੇ ਕਿਹਾ, “ਇਹ ਰਕਮ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਗਈ ਹੈ ਅਤੇ ਪਹਿਲਾਂ ਤੋਂ ਸਮਾਜਿਕ ਸੁਰੱਖਿਆ ਪੈਨਸ਼ਨ ਲੈ ਰਹੀਆਂ ਔਰਤਾਂ ਵੀ ਇਸ ਲਈ ਯੋਗ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੀਆਂ 97 ਫੀਸਦੀ ਔਰਤਾਂ ਨੂੰ ਇਸ ਸਕੀਮ ਦਾ ਲਾਭ ਮਿਲਣ ਦੀ ਉਮੀਦ ਹੈ, ਜਿਸ ਲਈ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਗਏ ਹਨ।”
