ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਇਤਿਹਾਸ ਵਿੱਚ ਵੱਡੇ ਖੇਡ ਸਮਾਗਮ ਦੌਰਾਨ ਮਹਾਰਾਜਾ ਰਣਜੀਤ ਸਿੰਘ ਐਵਾਰਡ ਜੇਤੂ 87 ਖਿਡਾਰੀਆਂ ਅਤੇ 1,070 ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਪਿੰਡਾਂ ਤੋਂ ਲੈ ਕੇ ਅੰਤਰਰਾਸ਼ਟਰੀ ਖੇਡ ਮੈਦਾਨਾਂ ਤੱਕ ਸੂਬੇ ਵਿੱਚ ਖੇਡਾਂ ਲਈ ਵਿਆਪਕ ਐਲਾਨ ਕੀਤਾ। ਪੰਜਾਬ ਨੂੰ ਉੱਭਰਦੀ ਖੇਡ ਸ਼ਕਤੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਾ ਸਿਰਫ਼ ਓਲੰਪਿਕ ਅਤੇ ਏਸ਼ੀਆਈ ਖੇਡਾਂ ਦੇ ਮੈਡਲ ਜੇਤੂਆਂ ਨੂੰ 1-1 ਕਰੋੜ ਰੁਪਏ ਨਾਲ ਸਨਮਾਨਿਤ ਕੀਤਾ ਸਗੋਂ 9 ਖਿਡਾਰੀਆਂ ਨੂੰ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਪਹਿਲੀ ਵਾਰ ਟੂਰਨਾਮੈਂਟ ਦੀ ਤਿਆਰੀ ਲਈ 220 ਖਿਡਾਰੀਆਂ ਨੂੰ 8.61 ਕਰੋੜ ਰੁਪਏ ਦੀ ਸਿੱਧੇ ਬੈਂਕ ਖਾਤਿਆਂ ਰਾਹੀਂ ਵਿੱਤੀ ਸਹਾਇਤਾ ਦਿੱਤੀ ਗਈ।
ਅੱਜ ਇੱਥੇ ਸੈਕਟਰ-35 ਵਿੱਚ ਮਿਊਂਸਪਲ ਭਵਨ ਵਿਖੇ ਸਮਾਗਮ ਦੌਰਾਨ ਖੇਡਾਂ ਦੇ ਖੇਤਰ ਵਿੱਚ ਨਿਰਣਾਇਕ ਬਦਲਾਅ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਲ 2026-27 ਲਈ 1,763 ਕਰੋੜ ਰੁਪਏ ਦੇ ਇਤਿਹਾਸਕ ਖੇਡ ਬਜਟ ਅਤੇ ਜ਼ਮੀਨੀ ਪੱਧਰ ‘ਤੇ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ 1,300 ਕਰੋੜ ਰੁਪਏ ਦੀ ਲਾਗਤ ਨਾਲ 3,148 ਪੇਂਡੂ ਖੇਡ ਮੈਦਾਨ ਵਿਕਸਤ ਕਰਨ ਦਾ ਐਲਾਨ ਕੀਤਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ ਅਤੇ ਇਕ ਨਵੰਬਰ ਨੂੰ ਪੰਜਾਬ ਦਿਵਸ ’ਤੇ ਭਾਰਤ-ਪਾਕਿਸਤਾਨ ਦਰਮਿਆਨ ਗਹਿਗੱਚ ਮੁਕਾਬਲਾ ਹੋਵੇਗਾ। ਪਿਛਲੀਆਂ ਸਰਕਾਰਾਂ ‘ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ, ਦੇਸ਼ ਲਈ ਅਣਗਿਣਤ ਚੈਂਪੀਅਨ ਪੈਦਾ ਕਰਨ ਦੇ ਬਾਵਜੂਦ ਪਹਿਲਾਂ ਕਦੇ ਵੀ ਸੂਬੇ ਨੂੰ ਕਿਸੇ ਵੱਡੇ ਖੇਡ ਸਮਾਗਮ ਦੀ ਮੇਜ਼ਬਾਨੀ ਕਰਨ ਦਾ ਮੌਕਾ ਨਹੀਂ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਖੇਡ ਐਸੋਸੀਏਸ਼ਨਾਂ ‘ਤੇ ਅਸਲ ਖਿਡਾਰੀਆਂ ਦੀ ਬਜਾਏ ਸਿਆਸੀ ਤੌਰ ‘ਤੇ ਜੁੜੇ ਵਿਅਕਤੀਆਂ ਦਾ ਦਬਦਬਾ ਰਿਹਾ।
ਸ਼ਾਨਦਾਰ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦਿਨ ਪੰਜਾਬ ਲਈ ਇਤਿਹਾਸਕ ਪਲ ਹੈ ਕਿਉਂਕਿ 87 ਖਿਡਾਰੀਆਂ ਨੂੰ ਵੱਕਾਰੀ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ, ਜਦੋਂ ਕਿ ਵੱਖ-ਵੱਖ ਖੇਡਾਂ ਦੇ 1,070 ਮੈਡਲ ਜੇਤੂ ਖਿਡਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰ ਨੇ ਖਿਡਾਰੀਆਂ ਵਿੱਚ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਹੈ। ਪੰਜਾਬ ਸਰਕਾਰ ਨੇ ਨਾ ਸਿਰਫ਼ ਓਲੰਪਿਕ ਅਤੇ ਏਸ਼ੀਆਈ ਖੇਡਾਂ ਦੇ ਮੈਡਲ ਜੇਤੂਆਂ ਨੂੰ 1-1 ਕਰੋੜ ਰੁਪਏ ਨਾਲ ਸਨਮਾਨਿਤ ਕੀਤਾ ਹੈ, ਸਗੋਂ 9 ਮੈਡਲ ਜੇਤੂ ਖਿਡਾਰੀਆਂ ਨੂੰ ਨੌਕਰੀਆਂ ਵੀ ਪ੍ਰਦਾਨ ਕੀਤੀਆਂ ਹਨ।”
ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਖਿਡਾਰੀਆਂ ਨੇ ਅੰਤਰਰਾਸ਼ਟਰੀ ਪੱਧਰ ‘ਤੇ ਆਪਣੀਆਂ ਪ੍ਰਾਪਤੀਆਂ ਰਾਹੀਂ ਦੇਸ਼ ਅਤੇ ਸੂਬੇ ਦਾ ਬਹੁਤ ਮਾਣ ਵਧਾਇਆ ਹੈ। ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹੋਈਏ ਅਤੇ ਇਹ ਯਕੀਨੀ ਬਣਾਈਏ ਕਿ ਉਨ੍ਹਾਂ ਨੂੰ ਉਹ ਸਤਿਕਾਰ, ਮਾਨਤਾ ਅਤੇ ਸਹਿਯੋਗ ਮਿਲੇ ਜਿਸ ਦੇ ਉਹ ਹੱਕਦਾਰ ਹਨ।”
ਪੰਜਾਬ ਸਰਕਾਰ ਦੇ ਖੇਡਾਂ ਪ੍ਰਤੀ ਦ੍ਰਿਸ਼ਟੀਕੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਵਾਰ ਪੰਜਾਬ ਦੇ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਰੁਪਏ ਦਿੱਤੇ ਗਏ। ਉਨ੍ਹਾਂ ਅੱਗੇ ਕਿਹਾ,”ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਅਤੇ ਅਥਲੀਟਾਂ ਦੇ ਵਿਕਾਸ ਲਈ ਵਿੱਤੀ ਸਾਲ 2026-27 ਲਈ 1,763 ਕਰੋੜ ਰੁਪਏ ਦਾ ਰਿਕਾਰਡ ਖੇਡ ਬਜਟ ਅਲਾਟ ਕੀਤਾ ਹੈ। ਪਿੰਡਾਂ ਵਿੱਚ ਪ੍ਰਤਿਭਾਸ਼ਾਲੀ ਖਿਡਾਰੀਆਂ ਨੂੰ ਨਿਖਾਰਨ ਲਈ 1,300 ਕਰੋੜ ਰੁਪਏ ਦੀ ਲਾਗਤ ਨਾਲ 3,148 ਪੇਂਡੂ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ। ਇਹ ਮੈਦਾਨ ਪਿੰਡਾਂ ਦੇ ਉੱਭਰਦੇ ਖਿਡਾਰੀਆਂ ਲਈ ਚਾਨਣਮੁਨਾਰਾ ਬਣਨਗੇ।”
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ ਜਿਸ ਨੂੰ ਸੂਬੇ ਦੀ ਖੇਡ ਵਿਰਾਸਤ ਲਈ ਮਾਣ ਵਾਲਾ ਪਲ ਦੱਸਿਆ। ਉਨ੍ਹਾਂ ਨੇ ਅੱਗੇ ਐਲਾਨ ਕੀਤਾ ਕਿ ਇਸ ਟੂਰਨਾਮੈਂਟ ਦੌਰਾਨ ਬਹੁਤ ਉਡੀਕਿਆ ਜਾਣ ਵਾਲਾ ਭਾਰਤ-ਪਾਕਿਸਤਾਨ ਮੈਚ ਪੰਜਾਬ ਦਿਵਸ ‘ਤੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ,“ਪੰਜਾਬ ਨੇ ਦੇਸ਼ ਨੂੰ ਅਣਗਿਣਤ ਮੈਡਲ ਅਤੇ ਚੈਂਪੀਅਨ ਦਿੱਤੇ ਹਨ, ਫਿਰ ਵੀ ਪਿਛਲੀਆਂ ਸਰਕਾਰਾਂ ਨੇ ਕਦੇ ਇਹ ਯਕੀਨੀ ਨਹੀਂ ਬਣਾਇਆ ਕਿ ਸੂਬੇ ਨੂੰ ਵੱਡੇ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲੇ। ਅਸੀਂ ਉਸ ਮਾਨਸਿਕਤਾ ਨੂੰ ਬਦਲ ਦਿੱਤਾ ਹੈ ਅਤੇ ਪੰਜਾਬ ਨੂੰ ਭਾਰਤ ਦੇ ਖੇਡ ਨਕਸ਼ੇ ਦੇ ਕੇਂਦਰ ਵਿੱਚ ਲਿਆਂਦਾ ਹੈ।”
ਪੁਰਾਣੀ ਵਿਵਸਥਾ ‘ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਐਸੋਸੀਏਸ਼ਨਾਂ ‘ਤੇ ਪਹਿਲਾਂ ਸਿਆਸੀ ਤੌਰ ‘ਤੇ ਜੁੜੇ ਵਿਅਕਤੀਆਂ ਦਾ ਦਬਦਬਾ ਸੀ, ਪਰ ਪੰਜਾਬ ਸਰਕਾਰ ਨੇ ਉਸ ਰੁਝਾਨ ਨੂੰ ਖ਼ਤਮ ਕਰ ਦਿੱਤਾ ਹੈ ਅਤੇ ਮੈਰਿਟ ਦੇ ਅਧਾਰ ‘ਤੇ ਆਮ ਖਿਡਾਰੀਆਂ ਲਈ ਦਰਵਾਜ਼ੇ ਖੋਲ੍ਹ ਦਿੱਤੇ ਹਨ।
ਪੰਜਾਬ ਨੂੰ ਖੇਡਾਂ ਦੀ ਮਹਾਂਸ਼ਕਤੀ ਵਿੱਚ ਬਦਲਣ ਲਈ ਵੱਡੀ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਟੀ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਪ੍ਰਦਾਨ ਕਰਕੇ ਅਤੇ ਵੱਡੇ ਪੱਧਰ ‘ਤੇ ਨਕਦ ਇਨਾਮ ਵੰਡ ਕੇ ਸਾਲ 2019 ਤੋਂ 2023 ਤੱਕ ਦੇ ਬਕਾਇਆ ਸਨਮਾਨਾਂ ਦੇ ਦਹਾਕੇ ਲੰਮੇ ਬੈਕਲਾਗ ਨੂੰ ਸਫ਼ਲਤਾਪੂਰਵਕ ਖ਼ਤਮ ਕਰ ਦਿੱਤਾ ਹੈ।
