ਚੰਡੀਗੜ੍ਹ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (BJP) ਹੁਣ ਗ੍ਰਾਮੀਣ ਖੇਤਰਾਂ ਵਿੱਚ ਵੀ ਆਪਣੀ ਪਕੜ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਲਈ ਪਾਰਟੀ ਕੇਂਦਰ ਸਰਕਾਰ ਦੀਆਂ 8 ਯੋਜਨਾਵਾਂ ਦੇ ਸਹਾਰੇ ਪਿੰਡਾਂ ਤੱਕ ਪਹੁੰਚ ਬਣਾ ਰਹੀ ਹੈ।
ਫਾਜ਼ਿਲਕਾ ਜ਼ਿਲ੍ਹੇ ਦੇ ਰਾਏਪੁਰ ਪਿੰਡ ਵਿੱਚ ਇੱਕ ਕੈਂਪ ਵਿੱਚ ਸ਼ਾਮਲ ਹੋਣ ਜਾ ਰਹੇ BJP ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਅੱਜ ਪੁਲਿਸ ਨੇ ਰਸਤੇ ਵਿੱਚ ਰੋਕ ਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਉੱਥੇ ਹੀ ਧਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਸਾਬਕਾ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਸਮੇਤ ਵੱਡੀ ਗਿਣਤੀ ਵਿੱਚ BJP ਆਗੂ ਮੌਜੂਦ ਸਨ। ਬਾਅਦ ਵਿੱਚ ਪੁਲਿਸ ਨੇ ਜਾਖੜ ਨੂੰ ਹਿਰਾਸਤ ਵਿੱਚ ਲੈ ਲਿਆ। ਜਾਖੜ ਨੇ ਪੰਜਾਬ ਸਰਕਾਰ ਨੂੰ “ਤਾਨਾਸ਼ਾਹ” ਕਰਾਰ ਦਿੱਤਾ।
BJP ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਜਾਖੜ ਦੀ ਗ੍ਰਿਫਤਾਰੀ ਦੀ ਨਿਖੇਧੀ ਕਰਦਿਆਂ ਲਿਖਿਆ, “ਸਰਫਰੋਸ਼ੀ ਕੀ ਤਮੰਨਾ ਅਬ ਹਮਾਰੇ ਦਿਲ ਮੇਂ ਹੈ, ਦੇਖਨਾ ਹੈ ਜ਼ੋਰ ਕਿਤਨਾ ਬਾਜ਼ੂ-ਏ-ਕਾਤਿਲ ਮੇਂ ਹੈ। ਮਾਨ ਸਾਹਿਬ ਜ਼ੋਰ ਲਗਾਓ, ਸਾਮ, ਦਾਮ, ਦੰਡ, ਭੇਦ ਜੋ ਮਰਜ਼ੀ ਕਰੋ, ਪਰ BJP ਦਾ ਵਰਕਰ ਡਰਨ ਵਾਲਾ ਨਹੀਂ। ਮੈਂ ਪ੍ਰਧਾਨ ਸੁਨੀਲ ਜਾਖੜ ਦੀ ਗ੍ਰਿਫਤਾਰੀ ਦੀ ਨਿਖੇਧੀ ਕਰਦਾ ਹਾਂ। ਜਨਤਾ ਦੀ ਸੇਵਾ ਜਾਰੀ ਰਹੇਗੀ।”