ਚੰਡੀਗੜ੍ਹ : ਪਨਬਸ ਅਤੇ ਪੀ.ਆਰ.ਟੀ.ਸੀ. (PRTC) ਦੇ ਕੰਟਰੈਕਟ ਮੁਲਾਜ਼ਮਾਂ ਦੀ ਹੜਤਾਲ ਕਾਰਨ ਬੁੱਧਵਾਰ ਨੂੰ ਸਰਕਾਰੀ ਬੱਸ ਸੇਵਾਵਾਂ ਕਾਫ਼ੀ ਪ੍ਰਭਾਵਿਤ ਹੋਈਆਂ । ਇਸ ਕਰਕੇ ਆਮ ਸਵਾਰੀਆਂ ਅਤੇ ਖਾਸ ਕਰਕੇ ਰੋਜ਼ਾਨਾ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਹਾਲਾਂਕਿ, ਟ੍ਰਾਂਸਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਹੋਈ ਲੰਮੀ ਬੈਠਕ ਵਿੱਚ ਮੰਗਾਂ ‘ਤੇ ਸਹਿਮਤੀ ਬਣਨ ਤੋਂ ਬਾਅਦ ਯੂਨੀਅਨ ਵੱਲੋਂ ਹੜਤਾਲ ਖਤਮ ਕਰ ਦਿੱਤੀ ਗਈ ਅਤੇ ਬੱਸ ਸੇਵਾਵਾਂ ਨੂੰ ਤੁਰੰਤ ਬਹਾਲ ਕਰਨ ਦਾ ਫੈਸਲਾ ਲਿਆ ਗਿਆ ਹੈ।

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਟ੍ਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ, ਸਟੇਟ ਟ੍ਰਾਂਸਪੋਰਟ ਡਾਇਰੈਕਟਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਹੋਈ। ਯੂਨੀਅਨ ਦੀਆਂ ਮੰਗਾਂ ‘ਤੇ ਲੰਮੀ ਚਰਚਾ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਸਹਿਮਤੀ ਬਣੀ, ਜਿਸ ਤੋਂ ਬਾਅਦ ਹੜਤਾਲ ਖਤਮ ਕਰ ਦਿੱਤੀ ਗਈ ਅਤੇ ਬੱਸ ਸੇਵਾਵਾਂ ਤੁਰੰਤ ਬਹਾਲ ਕਰਨ ਦਾ ਫੈਸਲਾ ਲਿਆ ਗਿਆ।

ਮੀਟਿੰਗ ਤੋਂ ਬਾਅਦ ਪੀ.ਆਰ.ਟੀ.ਸੀ. (PRTC) ਮੁਲਾਜ਼ਮਾਂ ਨੇ ਦੱਸਿਆ ਕਿ ਮੀਟਿੰਗ ਵਿੱਚ ਸਾਡੀ ਮੰਗ ਸੀ ਕਿ ਸਾਡੇ ਸਾਥੀ ਜੋ ਛੇ ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਹਨ, ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਇਸ ‘ਤੇ ਲੰਮੀ ਵਿਚਾਰ-ਚਰਚਾ ਹੋਈ। ਫੈਸਲਾ ਹੋਇਆ ਕਿ ਹੁਣ ਮਾਮਲਾ ਗ੍ਰਹਿ ਮੰਤਰਾਲੇ ਨੂੰ ਭੇਜਿਆ ਜਾ ਰਿਹਾ ਹੈ। ਉਸ ਵਿੱਚ ਪਰਚੇ ਰੱਦ ਕਰਨ ਲਈ ਲਿਖਿਆ ਜਾ ਰਿਹਾ ਹੈ। ਇੱਕ ਮਹੀਨੇ ਦੇ ਅੰਦਰ ਇਹ ਸਾਰੇ ਪਰਚੇ ਖਾਰਜ ਕੀਤੇ ਜਾਣਗੇ।

ਇਸ ਤੋਂ ਇਲਾਵਾ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਰਿਪੋਰਟ ਤਿਆਰ ਕਰਕੇ ਤੁਰੰਤ ਪ੍ਰਸੋਨਲ ਵਿਭਾਗ ਨੂੰ ਭੇਜੀ ਜਾਵੇਗੀ।ਵਿਭਾਗਾਂ ਵਿੱਚ ਖਾਲੀ ਅਸਾਮੀਆਂ ‘ਤੇ ਸੇਵਾ ਨਿਯਮਾਂ ਤਹਿਤ ਪੱਕੇ ਕਰਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾਵੇਗਾ। ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ‘ਤੇ ਲਿਆਉਣ ਦੇ ਮਾਮਲੇ ਵਿੱਚ ਤਿੰਨ ਸਾਲ ਦੀ ਸੇਵਾ ਪੂਰੀ ਕਰ ਚੁੱਕੇ ਮੁਲਾਜ਼ਮਾਂ ਨੂੰ ਵੀ ਸ਼ਾਮਲ ਕਰਨ ‘ਤੇ ਸਹਿਮਤੀ ਬਣੀ ਹੈ। ਪੱਕੇ ਕਰਨ ਅਤੇ ਆਊਟਸੋਰਸ ਮੁਲਾਜ਼ਮਾਂ ਨਾਲ ਜੁੜੇ ਦੋਵਾਂ ਮਾਮਲਿਆਂ ਨੂੰ ਇੱਕ ਮਹੀਨੇ ਦੇ ਅੰਦਰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ।

ਸਰਕਾਰ ਨੇ ਸਪੱਸ਼ਟ ਕੀਤਾ ਕਿ ਵਿਭਾਗ ਦੀਆਂ ਆਪਣੀਆਂ ਬੱਸਾਂ ਨੂੰ ਪਹਿਲ ਦੇ ਆਧਾਰ ‘ਤੇ ਸ਼ਾਮਲ ਕੀਤਾ ਜਾ ਰਿਹਾ ਹੈ ਅਤੇ ਅਗਲੇ ਇੱਕ ਮਹੀਨੇ ਵਿੱਚ ਨਵੀਆਂ ਬੱਸਾਂ ਆਉਣੀਆਂ ਸ਼ੁਰੂ ਹੋ ਜਾਣਗੀਆਂ।