ਲੁਧਿਆਣਾ ਦੇ ਕਸਬਾ ਰਾਏਕੋਟ ਦੇ ਇਕ ਨੌਜਵਾਨ ਦੀ ਕੈਨੇਡਾ ਵਿਚ ਗੋਲੀ ਮਾਰ ਕੇ ਹਤਿਆ ਕਰ ਦਿਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਕੰਮ ਤੋਂ ਘਰ ਪਰਤ ਰਿਹਾ ਸੀ ਕਿ ਅਚਾਨਕ ਦੋ ਨਕਾਬਪੋਸ਼ ਬਦਮਾਸ਼ਾਂ ਨੇ ਉਸ ਨੂੰ ਘੇਰ ਲਿਆ। ਜਦੋਂ ਨੌਜਵਾਨ ਨੇ ਵਿਰੋਧ ਕੀਤਾ ਤਾਂ ਉਨ੍ਹਾਂ ਵਲੋਂ ਅੰਨ੍ਹੇਵਾਹ ਗੋਲੀਆਂ ਚਲਾ ਦਿਤੀਆਂ ਗਈਆਂ। ਮ੍ਰਿਤਕ ਨੌਜਵਾਨ ਦੀ ਪਛਾਣ ਜੁਗਰਾਜ ਸਿੰਘ ਰਾਜ ਵਜੋਂ ਹੋਈ ਹੈ।
ਜੁਗਰਾਜ ਰਾਏਕੋਟ ਦੇ ਪਿੰਡ ਨੱਥੇਵਾਲਾ ਦਾ ਰਹਿਣ ਵਾਲਾ ਹੈ। ਜਾਣਕਾਰੀ ਅਨੁਸਾਰ ਜੁਗਰਾਜ 3 ਮਹੀਨੇ ਪਹਿਲਾਂ ਹੀ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਮਿਸੀਸਾਗਾ ਵਿਚ ਦੋ ਬਦਮਾਸ਼ਾਂ ਨੇ ਉਸ ਨੂੰ ਘੇਰ ਕੇ ਕਤਲ ਕਰ ਦਿਤਾ। ਨੌਜਵਾਨ ਦੇ ਕਤਲ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ।
ਕੈਨੇਡੀਅਨ ਪੁਲਿਸ ਨੇ ਮ੍ਰਿਤਕ ਜੁਗਰਾਜ ਦੇ ਪ੍ਰਵਾਰਕ ਮੈਂਬਰਾਂ ਨੂੰ ਉਸ ਦੀ ਮੌਤ ਦੀ ਸੂਚਨਾ ਦੇ ਦਿਤੀ ਹੈ। ਜੁਗਰਾਜ ਦੀ ਦੇਹ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿਤੀ ਗਈ ਹੈ। ਜੁਗਰਾਜ ਦੀ ਮੌਤ ਤੋਂ ਬਾਅਦ ਰਾਏਕੋਟ ਅਤੇ ਆਸ-ਪਾਸ ਦੇ ਪਿੰਡਾਂ ਵਿਚ ਸੋਗ ਦੀ ਲਹਿਰ ਹੈ।