ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀਆਂ ਪੰਜਾਬ ਵਿੱਚ ਵਧ ਰਹੀਆਂ ਸਿਆਸੀ ਗਤੀਵਿਧੀਆਂ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਪੰਜਾਬ ਨਾਲ ਜੁੜੇ ਕਈ ਅਹਿਮ ਮੁੱਦਿਆਂ ‘ਤੇ ਸੈਣੀ ਤੋਂ ਸਪੱਸ਼ਟ ਸਟੈਂਡ ਦੀ ਮੰਗ ਕੀਤੀ ਹੈ।
ਵੜਿੰਗ ਨੇ ਪੁੱਛਿਆ ਕਿ ਚੰਡੀਗੜ੍ਹ ਨੂੰ ਪੰਜਾਬ ਨੂੰ ਸੌਂਪਣ, ਸਤਲੁਜ-ਯਮੁਨਾ ਲਿੰਕ (SYL) ਨਹਿਰ ਅਤੇ ਹਰਿਆਣਾ ਦੇ ਪੰਜਾਬੀ ਭਾਸ਼ਾ ਵਾਲੇ ਖੇਤਰਾਂ ਬਾਰੇ ਹਰਿਆਣਾ ਸਰਕਾਰ ਦਾ ਕੀ ਰੁਖ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਵਿਚਕਾਰ ਵਿਵਾਦ ਨਾਲ ਜੁੜੇ ਮੁੱਦਿਆਂ ‘ਤੇ ਲੋਕ ਨਾਇਬ ਸੈਣੀ ਦਾ ਸਟੈਂਡ ਜਾਣਨਾ ਚਾਹੁੰਦੇ ਹਨ।
ਵਾਧੂ ਪਾਣੀ ਅਤੇ ਚੰਡੀਗੜ੍ਹ ਦੇ ਮੁੱਦੇ ‘ਤੇ ਸਵਾਲ
ਕਾਂਗਰਸ ਪ੍ਰਧਾਨ ਨੇ ਕਿਹਾ ਕਿ ਹਰਿਆਣਾ ਵੱਲੋਂ ਪੰਜਾਬ ਤੋਂ ਵਾਧੂ ਪਾਣੀ ਦੀ ਮੰਗ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਨਾਇਬ ਸੈਣੀ ਪੰਜਾਬ ਤੋਂ ਵਾਧੂ ਪਾਣੀ ਦੀ ਮੰਗ ਛੱਡਣਗੇ ਅਤੇ ਕੀ ਉਹ ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਦੇ ਹੱਕ ਵਿੱਚ ਹਨ? ਉਨ੍ਹਾਂ ਕਿਹਾ ਕਿ ਇਹ ਉਹ ਮੁੱਦੇ ਹਨ ਜਿਨ੍ਹਾਂ ‘ਤੇ ਪੰਜਾਬ ਦੇ ਲੋਕ ਸਪੱਸ਼ਟ ਜਵਾਬ ਚਾਹੁੰਦੇ ਹਨ।
ਇਸ ਦੇ ਨਾਲ ਹੀ ਰਾਜਾ ਵੜਿੰਗ ਨੇ ਬੀਤੇ ਦਿਨੀਂ ਹੋਈ ਭਾਜਪਾ ਦੀ ਧੂਰੀ ਰੈਲੀ ‘ਤੇ ਵੀ ਚੁਟਕੀ ਲਈ। ਇਸ ਰੈਲੀ ਵਿੱਚ ਪੰਜਾਬ ਭਾਜਪਾ ਦੇ ਆਗੂ ਕੇਵਲ ਢਿੱਲੋਂ ਅਤੇ ਨਾਇਬ ਸੈਣੀ ਸਮੇਤ ਹੋਰ ਸੀਨੀਅਰ ਆਗੂ ਸ਼ਾਮਲ ਹੋਏ ਸਨ। ਉਨ੍ਹਾਂ ਤੰਜ ਕਰਦਿਆਂ ਕਿਹਾ ਕਿ ਨਾਇਬ ਸੈਣੀ ਧੂਰੀ ਵਿੱਚ ਖਾਲੀ ਕੁਰਸੀਆਂ ਨੂੰ ਸੰਬੋਧਨ ਕਰਕੇ ਵਾਪਸ ਚਲੇ ਗਏ।
ਕਾਂਗਰਸ ਇਕਜੁੱਟ ਹੋ ਕੇ ਕਰੇਗੀ ਦੌਰੇ
ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਜਲਦ ਹੀ ਸੂਬੇ ਭਰ ਵਿੱਚ ਵੱਡੇ ਆਗੂ ਇਕੱਠੇ ਦੌਰੇ ਕਰਨਗੇ। ਉਨ੍ਹਾਂ ਦੱਸਿਆ ਕਿ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਰਾਣਾ ਗੁਰਜੀਤ ਸਿੰਘ ਅਤੇ ਹੋਰ ਆਗੂ ਇੱਕੋ ਗੱਡੀ ਵਿੱਚ ਸਫ਼ਰ ਕਰਦੇ ਹੋਏ ਲੋਕਾਂ ਨਾਲ ਰਾਬਤਾ ਕਰਨਗੇ ਅਤੇ ਉਨ੍ਹਾਂ ਦੇ ਮੁੱਦੇ ਸੁਣਨਗੇ।
ਆਪਣੀ ਵਫ਼ਾਦਾਰੀ ਦਾ ਜ਼ਿਕਰ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਬਹੁਤ ਕੁਝ ਦਿੱਤਾ ਹੈ। ਉਹ ਸੰਸਦ ਮੈਂਬਰ, ਵਿਧਾਇਕ, ਮੰਤਰੀ ਅਤੇ ਪ੍ਰਦੇਸ਼ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਜੇਕਰ ਭਵਿੱਖ ਵਿੱਚ ਉਨ੍ਹਾਂ ਕੋਲੋਂ ਪ੍ਰਧਾਨਗੀ ਦੀ ਜ਼ਿੰਮੇਵਾਰੀ ਵਾਪਸ ਲੈ ਲਈ ਜਾਵੇ ਜਾਂ ਉਨ੍ਹਾਂ ਨੂੰ ਚੋਣ ਟਿਕਟ ਵੀ ਨਾ ਮਿਲੇ, ਤਾਂ ਵੀ ਉਹ ਕਾਂਗਰਸ ਦਾ ਝੰਡਾ ਚੁੱਕ ਕੇ ਪਾਰਟੀ ਨਾਲ ਡਟੇ ਰਹਿਣਗੇ। ਵੜਿੰਗ ਨੇ ਕਿਹਾ ਕਿ ਕਾਂਗਰਸ ਵਿੱਚ ਛੋਟੇ-ਮੋਟੇ ਮਤਭੇਦ ਹੋ ਸਕਦੇ ਹਨ, ਪਰ ਪਾਰਟੀ ਦਾ ਟੀਚਾ ਪੰਜਾਬ ਵਿੱਚ ਮੁੜ ਸਰਕਾਰ ਬਣਾਉਣਾ ਹੈ।














