ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖਬਰ ਹੈ। ਅਸਲ ਵਿੱਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਚ ਪਰਫਿਊਮ ਵਰਤਣ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਫੈਸਲਾ ਸੰਗਤ ਦੀਆਂ ਭਾਵਨਾਵਾਂ ਦਾ ਸਨਮਾਨ ਕਰਦੇ ਹੋਏ ਲਿਆ ਗਿਆ ਹੈ।

ਜਾਰੀ ਹੁਕਮਾਂ ਮੁਤਾਬਕ ਹੁਣ ਸ਼ਰਧਾਲੂ ਸ੍ਰੀ ਅਕਾਲ ਤਖਤ ਸਾਹਿਬ ਸਥਿਤ ਸੁਖ ਆਸਨ ‘ਤੇ ਅੰਮ੍ਰਿਤ ਵੇਲੇ ਪਾਲਕੀ ਸਾਹਿਬ ਦੇ ਸ੍ਰੀ ਹਰਿਮੰਦਰ ਸਾਹਿਬ ਦੇ ਆਉਣ ਸਮੇਂ, ਰਾਤ ਨੂੰ ਸੁਖ ਆਸਨ ਤੱਕ ਲਿਜਾਣ ਸਮੇਂ ਇਸ ਦਾ ਇਸਤੇਮਾਲ ਨਹੀਂ ਕਰ ਸਕਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਗੁਰਦੁਆਰਿਆਂ ਵਿੱਚ ਪਾਲਕੀ ਸਾਹਿਬ ਦੇ ਆਗਮਨ ‘ਚ ਸ਼ਰਧਾਲੂਆਂ ਦੀ ਮੌਜੂਦਗੀ ਵਿੱਚ ਪਰਫਿਊਮ ਛਿੜਕਿਆ ਜਾਂਦਾ ਸੀ।

ਇਹ ਪਾਬੰਦੀ ਇਸ ਲਈ ਲਗਾਈ ਗਈ ਹੈ ਕਿਉਂਕਿ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁਤਾਬਿਕ ਪਰਫਿਊਮ ਵਿਚ ਹਾਨੀਕਾਰਕ ਕੈਮੀਕਲ ਤੇ ਅਲਕੋਹਲ ਦਾ ਮਿਸ਼ਰਨ ਹੁੰਦਾ ਹੈ ਅਤੇ ਅਲਕੋਹਲ ਦਾ ਇਸਤੇਮਾਲ ਸਿੱਖ ਮਰਿਯਾਦਾ ਦੀ ਉਲੰਘਣਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਸਬੰਧੀ ਸਾਰੇ ਗੁਰਦੁਆਰਿਆਂ ਦੇ ਮੈਨੇਜ਼ਰਾਂ ਨੂੰ ਸਰਕੂਲਰ ਜਾਰੀ ਕਰਦਿਆਂ ਇਸ ’ਤੇ ਪੂਰੀ ਤਰ੍ਹਾਂ ਰੋਕ ਲਾਉਂਦਿਆਂ ਪ੍ਰਬੰਧਕਾਂ ਨੂੰ ਇਸ ਦਾ ਕੋਈ ਬਦਲ ਵਰਤਣ ਦੀ ਹਦਾਇਤ ਦਿੱਤੀ ਹੈ।