ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਵਿੱਚ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਜਾ ਰਹੇ ਜਥੇ ਵਿੱਚੋਂ 150 ਦੇ ਕਰੀਬ ਸ਼ਰਧਾਲੂਆਂ ਨੂੰ ਰੋਕਣ ਦੇ ਮਾਮਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਬਿਆਨ ਸਾਹਮਣੇ ਆਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਰੋਕਕੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਗਈ ਹੈ । ਐਡਵੋਕੇਟ ਧਾਮੀ ਨੇ ਕਿਹਾ ਇਸ ਤੋਂ ਪਹਿਲਾਂ ਤਾਂ ਪਾਕਿਸਤਾਨ ਵਿਖੇ ਵੱਖੋ ਵੱਖ ਸਮਾਗਮਾਂ ਵਿੱਚ ਸ਼ਿਰਕਤ ਕਰਨ ਜਾਣ ਵਾਲੇ ਸ਼ਰਧਾਲੂਆਂ ਦੇ ਵੀਜ਼ੇ ਹੀ ਵੱਡੀ ਗਿਣਤੀ ਵਿੱਚ ਕੱਟੇ ਜਾਂਦੇ ਰਹੇ ਹਨ ਪਰੰਤੂ ਹੁਣ ਵੀਜ਼ੇ ਦੇ ਕੇ ਵਾਹਗਾ ਬਾਰਡਰ ‘ਤੇ ਹੀ ਸੰਗਤਾਂ ਨੂੰ ਜਾਣ ਤੋਂ ਰੋਕ ਲੈਣਾ ਇਸ ਤੋਂ ਮੰਦਭਾਗੀ ਗੱਲ ਹੋਰ ਕੀ ਹੋ ਸਕਦੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਰਤ ਅਤੇ ਪਾਕਿਸਤਾਨ ਦੋਵਾਂ ਸਰਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨਾਂ ਸ਼ਰਧਾਲੂਆਂ ਦੇ ਵੀਜ਼ੇ ਲੱਗ ਜਾਂਦੇ ਹਨ ਉਹਨਾਂ ਨੂੰ ਕਿਸੇ ਪ੍ਰਕਾਰ ਤੋਂ ਜਾਣ ਵਿੱਚ ਰੁਕਾਵਟ ਪੈਦਾ ਨਾ ਕੀਤੀ ਜਾਵੇ, ਕਿਉਂਕਿ ਇਸ ਨਾਲ ਸੰਗਤਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਸੱਟ ਵੱਜਦੀ ਹੈ।