ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਕੇਸ ਵਿਚ ਅਦਾਲਤ ਦਾ ਵੱਡਾ ਫੈਸਲਾ ਸਾਹਮਣੇ ਆਇਆ ਹੈ। ਪਟਿਆਲਾ ਦੀ CJM ਅਦਾਲਤ ਨੇ ਬੈਂਸ ਨੂੰ ਇੱਕ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਦੱਸ ਦੇਈਏ ਕਿ ਕਾਂਗਰਸ ਦੇ ਸਾਬਕਾ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਸਿਰਮਜੀਤ ਬੈਂਸ ‘ਤੇ ਮਾਣਹਾਨੀ ਦਾ ਕੇਸ ਕੀਤਾ ਸੀ।

ਸਾਬਕਾ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਦਾ ਦੋਸ਼ੀ ਕਰਾਰ ਦਿੱਤਾ ਗਿਆ।

ਇਹ ਮਾਮਲਾ ਸਾਲ 2018 ਵਿੱਚ ਪੰਜਾਬ ਸਿਹਤ ਵਿਭਾਗ ਦੁਆਰਾ ਦਵਾਈਆਂ ਦੀ ਖਰੀਦ ਅਤੇ ਨਸ਼ਾ ਛੁਡਾਊ ਕੇਂਦਰਾਂ ਨੂੰ ਦਵਾਈਆਂ ਦੀ ਸਪਲਾਈ ਨਾਲ ਜੁੜੇ ਦੋਸ਼ਾਂ ਨਾਲ ਜੁੜਿਆ ਸੀ। ਬੈਂਸ ਨੇ ਬ੍ਰਹਮ ਮਹਿੰਦਰਾ ‘ਤੇ ਇੱਕ ਫਾਰਮਾਸਿਊਟੀਕਲ ਕੰਪਨੀ ਨਾਲ ਕਥਿਤ ਸਬੰਧ ਹੋਣ ਅਤੇ ਦਵਾਈਆਂ ਦੀ ਖਰੀਦ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਲਗਾਏ ਸਨ।

ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਬ੍ਰਹਮ ਮਹਿੰਦਰਾ ਨੇ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਸੀ। ਬੈਂਸ ਅਦਾਲਤ ਵਿਚ ਆਪਣੇ ਵੱਲੋਂ ਲਾਏ ਗਏ ਦੋਸ਼ਾਂ ਨੂੰ ਸਾਬਤ ਨਹੀਂ ਕਰ ਸਕੇ।

ਪਟਿਆਲਾ ਵਿੱਚ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (CJM) ਏਕਤਾ ਸਹੋਤਾ ਦੀ ਅਦਾਲਤ ਨੇ ਭਾਰਤੀ ਦੰਡਾਵਲੀ (IPC) ਦੀ ਧਾਰਾ 500 ਦੇ ਤਹਿਤ ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੇ ਆਪਣੇ ਫੈਸਲੇ ਵਿੱਚ ਸਪੱਸ਼ਟ ਕੀਤਾ ਕਿ ਬਿਨਾਂ ਕਿਸੇ ਸਬੂਤ ਦੇ ਲਗਾਏ ਗਏ ਇਨ੍ਹਾਂ ਦੋਸ਼ਾਂ ਨੇ ਸ਼ਿਕਾਇਤਕਰਤਾ ਦੀ ਸਮਾਜਿਕ ਅਤੇ ਰਾਜਨੀਤਿਕ ਸਾਖ ਨੂੰ ਗੰਭੀਰ ਨੁਕਸਾਨ ਪਹੁੰਚਾਇਆ ਹੈ, ਜਿਸ ਦੇ ਆਧਾਰ ‘ਤੇ ਦੋਸ਼ੀ ਨੂੰ ਦੋਸ਼ੀ ਠਹਿਰਾਇਆ ਜਾਂਦਾ ਹੈ।