ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਲੋਕ ਸਭਾ ਚੋਣਾਂ ਲਈ ਅਪਣੀ ਪਹਿਲੀ ਸੂਚੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਲੋਕ ਸਭਾ ਚੋਣਾਂ 2024 ਲਈ ਹਰਿਆਣਾ, ਚੰਡੀਗੜ੍ਹ ਅਤੇ ਜੰਮੂ-ਕਸ਼ਮੀਰ ਵਿਚ ਆਪਣੇ ਉਮੀਦਵਾਰ ਖੜ੍ਹੇ ਕਰੇਗੀ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਮੌਜੂਦਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਇੱਕ ਵਾਰ ਫਿਰ ਸੰਗਰੂਰ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਤੋਂ 5 ਅਤੇ ਹਰਿਆਣਾ ਤੋਂ 2 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।
ਸਿਮਰਨਜੀਤ ਸਿੰਘ ਮਾਨ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 7 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਜਿਸ ਵਿਚ ਉਹ ਖ਼ੁਦ ਸੰਗਰੂਰ ਤੋਂ ਚੋਣ ਲੜਨਗੇ। ਉਨ੍ਹਾਂ ਤੋਂ ਇਲਾਵਾ ਸ੍ਰੀ ਆਨੰਦਪੁਰ ਸਾਹਿਬ ਤੋਂ ਕੁਸ਼ਲਪਾਲ ਸਿੰਘ ਮਾਨ, ਲੁਧਿਆਣਾ ਤੋਂ ਅੰਮ੍ਰਿਤਪਾਲ ਸਿੰਘ, ਫਰੀਦਕੋਟ ਤੋਂ ਬਲਦੇਵ ਸਿੰਘ ਅਤੇ ਪਟਿਆਲਾ ਤੋਂ ਪ੍ਰੋ. ਮਹਿੰਦਰਪਾਲ ਸਿੰਘ ਚੋਣ ਲੜਨਗੇ।
ਹਰਿਆਣਾ ਦੀਆਂ ਦੋ ਸੀਟਾਂ ਕਰਨਾਲ ਅਤੇ ਕੁਰੂਕਸ਼ੇਤਰ ਤੋਂ ਵੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਵਿੱਚ ਹਰਜੀਤ ਸਿੰਘ ਵਿਰਕ ਕਰਨਾਲ ਤੋਂ ਅਤੇ ਖਜਾਨ ਸਿੰਘ ਕੁਰੂਕਸ਼ੇਤਰ ਤੋਂ ਚੋਣ ਲੜਨਗੇ। ਪੰਜਾਬ ਪਲੇਟਫਾਰਮ ‘ਤੇ ਖਾਲਿਸਤਾਨ ਦਾ ਸਮਰਥਨ ਕਰਨ ਵਾਲੇ ਸਿਮਰਨਜੀਤ ਸਿੰਘ ਮਾਨ ਸਾਬਕਾ ਆਈ.ਪੀ.ਐਸ. ਸਨ। ਉਹ 1967 ਵਿਚ ਆਈਪੀਐਸ ਕਾਡਰ ਵਿਚ ਸ਼ਾਮਲ ਹੋਏ।
ਪਰ 1984 ਦੇ ਬਲੂ ਸਟਾਰ ਅਪਰੇਸ਼ਨ ਤੋਂ ਬਾਅਦ ਉਨ੍ਹਾਂ ਨੇ ਆਈਪੀਐਸ ਦਾ ਅਹੁਦਾ ਛੱਡ ਦਿੱਤਾ। ਖ਼ਾਲਿਸਤਾਨ ਦੇ ਹੱਕ ਵਿਚ ਖੁੱਲ੍ਹ ਕੇ ਬੋਲਣ ਵਾਲੇ ਮਾਨ ਤਿੰਨ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ। ਸਭ ਤੋਂ ਪਹਿਲਾਂ ਉਨ੍ਹਾਂ 1989 ਤੋਂ 1991 ਦਰਮਿਆਨ ਤਰਨਤਾਰਨ ਤੋਂ ਸੰਸਦ ਮੈਂਬਰ ਦੀ ਚੋਣ ਲੜੀ। ਇਸ ਤੋਂ ਬਾਅਦ ਉਹ 1999 ਤੋਂ 2004 ਤੱਕ ਸੰਗਰੂਰ ਤੋਂ ਸੰਸਦ ਮੈਂਬਰ ਚੁਣੇ ਗਏ। ਪੰਜਾਬ ‘ਚ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਸਿਮਰਜੀਤ ਸਿੰਘ ਮਾਨ ਸੰਗਰੂਰ ਸੀਟ ‘ਤੇ ਹੋਈ ਜ਼ਿਮਨੀ ਚੋਣ ਵੀ ਜਿੱਤ ਕੇ ਤੀਜੀ ਵਾਰ ਸੰਸਦ ‘ਚ ਪਹੁੰਚੇ।