ਸ੍ਰੀ ਆਨੰਦਪੁਰ ਸਾਹਿਬ ਦੀ ਸਰਾਂ ਵਿੱਚ ਵਾਪਰੀ ਘਟਨਾ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਪੂਰੇ ਮਾਮਲੇ ਦੀ ਜਾਂਚ ਕਰਕੇ 15 ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸ਼੍ਰੋਮਣੀ ਕਮੇਟੀ ਨੂੰ ਸੌਂਪੇਗੀ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੀਆਂ ਸੇਵਾਵਾਂ ਤੋਂ ਫ਼ਾਰਗ ਕਰ ਦਿੱਤਾ ਗਿਆ ਹੈ।
ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ। ਉਨ੍ਹਾਂ ਇਸ ਮਾਮਲੇ ਵਿੱਚ ਆਪਣਾ ਪੱਖ ਸਪੱਸ਼ਟ ਕਰਦਿਆਂ ਕਿਹਾ ਕਿ ਬਹਿਰੀਨ ਤੋਂ ਆਈ ਬੀਬੀ ਬਾਰੇ ਉਨ੍ਹਾਂ ਨੂੰ ਪਹਿਲਾਂ ਕੋਈ ਜਾਣਕਾਰੀ ਨਹੀਂ ਸੀ। ਉਨ੍ਹਾਂ ਕਿਹਾ ਕਿ ਨਾ ਤਾਂ ਉਹ ਬੀਬੀ ਉਨ੍ਹਾਂ ਨੂੰ ਮਿਲੀ ਅਤੇ ਨਾ ਹੀ ਉਸ ਨੇ ਉਨ੍ਹਾਂ ਨੂੰ ਘਟਨਾ ਸਬੰਧੀ ਕੋਈ ਜਾਣਕਾਰੀ ਦਿੱਤੀ। ਧਾਮੀ ਨੇ ਉਸ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ।
ਪੰਜ ਮੈਂਬਰੀ ਕਮੇਟੀ ਕਰੇਗੀ ਜਾਂਚ
ਜਾਂਚ ਕਮੇਟੀ ਵਿੱਚ ਬਲਦੇਵ ਸਿੰਘ ਕਾਇਮਪੁਰ, ਗੁਰਮੀਤ ਸਿੰਘ ਬੂਹ, ਬੀਬੀ ਗੁਰਿੰਦਰ ਕੌਰ ਭੋਲੂਵਾਲ ਅਤੇ ਗੁਰਬਖ਼ਸ਼ ਸਿੰਘ ਖਾਲਸਾ ਨੂੰ ਸ਼ਾਮਲ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਕਮੇਟੀ ਦੇ ਕੋਆਰਡੀਨੇਟਰ ਹੋਣਗੇ। ਕਮੇਟੀ ਨੂੰ 15 ਦਿਨਾਂ ਵਿੱਚ ਆਪਣੀ ਰਿਪੋਰਟ ਦੇਣ ਲਈ ਕਿਹਾ ਗਿਆ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਬਹਿਰੀਨ ਤੋਂ ਆਈ ਬੀਬੀ ਕਦੋਂ ਅਤੇ ਕਿੱਥੋਂ ਆਈ ਅਤੇ ਉਸ ਨੂੰ ਕੌਣ ਲੈ ਕੇ ਆਇਆ, ਇਸ ਬਾਰੇ ਉਨ੍ਹਾਂ ਕੋਲ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਿਆਨੀ ਮਲਕੀਤ ਸਿੰਘ ਨੂੰ ਪੰਥ ਵਿੱਚੋਂ ਛੇਕਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਵੀ ਉਨ੍ਹਾਂ ਨੂੰ ਸਿੱਖ ਸੰਸਥਾ ਦੀਆਂ ਸੇਵਾਵਾਂ ਤੋਂ ਤੁਰੰਤ ਪ੍ਰਭਾਵ ਨਾਲ ਫ਼ਾਰਗ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਮੁਅੱਤਲ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਸ੍ਰੀ ਆਨੰਦਪੁਰ ਸਾਹਿਬ ਨਾਲ ਸਬੰਧਤ ਇੱਕ ਡਰਾਈਵਰ ਨੂੰ ਵੀ ਮੁਅੱਤਲ ਕੀਤਾ ਗਿਆ ਸੀ।
ਅਮਰਜੀਤ ਸਿੰਘ ਚਾਵਲਾ ਦਾ ਅਸਤੀਫ਼ਾ ਮਨਜ਼ੂਰ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵੱਲੋਂ ਦਿੱਤਾ ਗਿਆ ਅਸਤੀਫ਼ਾ ਤੁਰੰਤ ਪ੍ਰਵਾਨ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਘਟਨਾ ਸਾਹਮਣੇ ਆਉਣ ਵਾਲੇ ਦਿਨ ਹੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੂੰ ਮਾਮਲੇ ਦੀ ਜਾਂਚ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।
ਉਨ੍ਹਾਂ ਕਿਹਾ ਕਿ ਹੁਣ ਪੰਜ ਮੈਂਬਰੀ ਕਮੇਟੀ ਵੱਲੋਂ ਮਾਮਲੇ ਦੀ ਵਿਸਥਾਰ ਨਾਲ ਜਾਂਚ ਕੀਤੀ ਜਾਵੇਗੀ ਅਤੇ ਰਿਪੋਰਟ ਆਉਣ ਤੋਂ ਬਾਅਦ ਇਸ ਮਾਮਲੇ ਨਾਲ ਜੁੜੇ ਹੋਰ ਸਵਾਲਾਂ ਦੇ ਜਵਾਬ ਵੀ ਦਿੱਤੇ ਜਾਣਗੇ।
ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਪੰਜ ਸਿੰਘ ਸਾਹਿਬਾਨ ਵੱਲੋਂ ਅਮਰਜੀਤ ਸਿੰਘ ਚਾਵਲਾ ਅਤੇ ਗਿਆਨੀ ਮਲਕੀਤ ਸਿੰਘ ਨੂੰ ਪੰਥ ਵਿੱਚੋਂ ਛੇਕ ਦਿੱਤਾ ਗਿਆ ਸੀ। ਨਾਲ ਹੀ ਸਿੱਖ ਸੰਗਤ ਨੂੰ ਦੋਵਾਂ ਨਾਲ ਕਿਸੇ ਵੀ ਤਰ੍ਹਾਂ ਦੀ ਸਾਂਝ ਨਾ ਰੱਖਣ ਲਈ ਕਿਹਾ ਗਿਆ ਹੈ।
ਉਧਰ, ਅਮਰਜੀਤ ਸਿੰਘ ਚਾਵਲਾ ਦੀ ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ ਵਿੱਚ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਲਏ ਗਏ ਫ਼ੈਸਲੇ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਇਸ ਮਾਮਲੇ ਵਿੱਚ ਉਨ੍ਹਾਂ ਦਾ ਪੱਖ ਵੀ ਸੁਣਿਆ ਜਾਣਾ ਚਾਹੀਦਾ ਸੀ।
