ਨਾਮੀ ਗੈਂਗਸਟਰ ‘ਤੇ ਬਣ ਰਹੀ ਡਾਕਿਊਮੈਂਟਰੀ ‘ਤੇ ਲੱਗੀ ਰੋਕ ਤੋਂ ਬਾਅਦ ਹੁਣ ਪੰਜਾਬ ਦੇ ਡੀਜੀਪੀ ਗੌਰਵ ਯਾਦਵ, ਕਾਂਗਰਸ ਲੀਡਰ ਰਾਜਾ ਵੜਿੰਗ, ਸੰਸਦ ਮੈਂਬਰ ਸੁਖਜਿੰਦਰ ਰੰਧਾਵਾ, ਅਕਾਲੀ ਲੀਡਰ ਬਿਕਰਮ ਮਜੀਠੀਆ ਅਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਪੰਜਾਬ ਏਜੀ ਨੂੰ ਜਾਨੋਂ ਮਾਰਨ ਦੀ ਧਮਕੀ ਹਨ। ਇਹ ਧਮਕੀਆਂ ਇੱਕ ਵਿਦੇਸ਼ੀ ਵ੍ਹਾਟਸਐਪ ਨੰਬਰ ਤੋਂ ਭੇਜੀਆਂ ਗਈਆਂ ਸਨ। ਸੋਸ਼ਲ ਮੀਡੀਆ ‘ਤੇ ਧਮਕੀ ਦੀ ਪੋਸਟ ਵਾਇਰਲ ਹੋ ਰਹੀ ਹੈ ਹਾਲਾਂਕਿ ਡੇਲੀ ਪੋਸਟ ਪੰਜਾਬੀ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ। ਇਨ੍ਹਾਂ ਸੁਨੇਹਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਹਰਕਤ ਵਿੱਚ ਆ ਗਈ ਹੈ।
ਦੱਸ ਦੇਈਏ ਕਿ ਸੁਖਜਿੰਦਰ ਰੰਧਾਵਾ, ਪੰਜਾਬ ਪੁਲਿਸ ਤੇ ਸਿੱਧੂ ਮੂਸੇਵਾਲਾ ਦੇ ਪਿਤਾ ਸਣੇ ਹੋਰ ਲੀਡਰਾਂ ਜਿਨ੍ਹਾਂ ਨੂੰ ਧਮਕੀ ਭੇਜੀ ਗਈ ਹੈ, ਨੇ ਮਿਲ ਕੇ ਗੈਂਗਸਟਰ ‘ਤੇ ਬਣ ਰਹੀ ਵੈੱਬ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਸੀ। ਰੰਧਾਵਾ ਨੇ ਕਿਹਾ ਕਿ ਉਨ੍ਹਾਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਇਸ ਧਮਕੀ ਬਾਰੇ ਸੂਚਿਤ ਕਰ ਦਿੱਤਾ ਹੈ।
ਕਾਂਗਰਸ ਦੇ ਸੰਸਦ ਮੈਂਬਰ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੈੱਬ ਸੀਰੀਜ਼ ਨੂੰ “ਰਾਸ਼ਟਰ ਵਿਰੋਧੀ” ਅਤੇ ਪੰਜਾਬ ਦੀ ਵਿਰਾਸਤ ਦਾ ਅਪਮਾਨ ਕਰਨ ਵਾਲਾ ਦੱਸਿਆ। ਉਨ੍ਹਾਂ ਦਲੀਲ ਦਿੱਤੀ ਕਿ ਇਹ ਲੜੀ ਅਪਰਾਧੀਆਂ ਦੀ ਵਡਿਆਈ ਕਰਦੀ ਹੈ, ਜੋ ਨੌਜਵਾਨਾਂ ਵਿੱਚ “ਗਨ ਕਲਚਰ” ਨੂੰ ਉਤਸ਼ਾਹਿਤ ਕਰ ਸਕਦੀ ਹੈ ਅਤੇ ਸਮਾਜ ‘ਤੇ ਮਾੜਾ ਪ੍ਰਭਾਵ ਪਾ ਸਕਦੀ ਹੈ।
ਪੰਜਾਬ ਪੁਲਿਸ ਨੇ ਵੀ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੂੰ ਪੱਤਰ ਲਿਖ ਕੇ ਇਸ ਲੜੀ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਸੀ। ਵਿਸ਼ੇਸ਼ ਡੀਜੀਪੀ (ਸਾਈਬਰ ਕ੍ਰਾਈਮ) ਵੀ. ਨੀਰਜਾ ਨੇ ਚੇਤਾਵਨੀ ਦਿੱਤੀ ਕਿ ਇਹ ਸੀਰੀਜ ਸੰਗਠਿਤ ਅਪਰਾਧ ਨੂੰ ਵਡਿਆਉਂਦੀ ਹੈ, ਜਿਸ ਨਾਲ ਸੂਬੇ ਵਿੱਚ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ।
ਧਮਕੀ ਮਿਲਣ ਮਗਰੋਂ ਵੜਿੰਗ ਨੇ ਕਿਹਾ ਕਿ ਪੰਜਾਬ ਕਾਂਗਰਸ ਗੈਂਗਸਟਰਵਾਦ ਵਿਰੁੱਧ ਆਪਣੀ ਲੜਾਈ ਜਾਰੀ ਰੱਖੇਗੀ ਅਤੇ ਜ਼ੋਰ ਦੇ ਕੇ ਕਿਹਾ ਕਿ “ਗੈਂਗਸਟਰ-ਮੁਕਤ ਪੰਜਾਬ” ਪਾਰਟੀ ਲਈ ਇੱਕ ਪ੍ਰਮੁੱਖ ਤਰਜੀਹ ਹੋਵੇਗੀ।














