ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਮੁਹੱਲਾ ਪੰਡੋਰੀ ਵਿੱਚ ਨਸ਼ੇ ਦੀ ਲਤ ਕਾਰਨ ਇੱਕ ਹੀ ਪਰਿਵਾਰ ਦੇ ਚਾਰ ਨੌਜਵਾਨ ਪੁੱਤਾਂ ਦੀ ਮੌਤ ਹੋ ਜਾਣ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪੀੜਤ ਮਾਂ ਨੇ ਰੋਂਦਿਆਂ ਦੱਸਿਆ ਕਿ ਉਸਦੇ ਪੁੱਤ ਹੌਲੀ-ਹੌਲੀ ਨਸ਼ੇ ਦੇ ਆਦੀ ਹੋ ਗਏ ਸਨ ਅਤੇ ਇਲਾਜ ਦੇ ਬਾਵਜੂਦ ਉਹਨਾਂ ਨੂੰ ਬਚਾਇਆ ਨਹੀਂ ਜਾ ਸਕਿਆ।
ਮਹਿਲਾ ਦਾ ਇੱਕ ਹੋਰ ਪੁੱਤਰ ਹੈ ਜੋ ਕਿ ਨਸ਼ਿਆਂ ਦਾ ਆਦੀ ਹੈ। ਪ੍ਰਸ਼ਾਸਨ ਅਤੇ ਹਸਪਤਾਲ ਵੱਲੋਂ ਨੌਜਵਾਨ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮਹਿਲਾ ਨੇ ਪ੍ਰਸ਼ਾਸਨ ਅਤੇ ਪੁਲਿਸ ਤੋਂ ਅਪੀਲ ਕੀਤੀ ਹੈ ਕਿ ਪਿੰਡ ਵਿੱਚ ਚੱਲ ਰਹੇ ਨਸ਼ਾ ਤਸਕਰੀ ਦੇ ਧੰਦੇ ਨੂੰ ਤੁਰੰਤ ਬੰਦ ਕਰਵਾਇਆ ਜਾਵੇ, ਤਾਂ ਜੋ ਹੋਰ ਪਰਿਵਾਰਾਂ ਦੇ ਚਿਰਾਗ ਨਾ ਬੁਝਣ। ਸਥਾਨਕ ਵਾਸੀਆਂ ਮੁਤਾਬਕ, ਇਲਾਕੇ ਵਿੱਚ ਨਸ਼ਾ ਆਸਾਨੀ ਨਾਲ ਉਪਲਬਧ ਹੋ ਰਿਹਾ ਹੈ, ਜਿਸ ਕਾਰਨ ਨੌਜਵਾਨ ਇਸ ਦੀ ਲਪੇਟ ਵਿੱਚ ਆ ਰਹੇ ਹਨ।
ਲੋਕਾਂ ਨੇ ਦੱਸਿਆ ਕਿ ਕਈ ਵਾਰ ਸੰਬੰਧਿਤ ਵਿਭਾਗਾਂ ਨੂੰ ਜਾਣਕਾਰੀ ਦੇਣ ਦੇ ਬਾਵਜੂਦ ਵੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਪਿੰਡ ਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾਣ ਅਤੇ ਨੌਜਵਾਨਾਂ ਨੂੰ ਇਸ ਬੁਰਾਈ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ।
